
ਅਦਾਲਤੀਵਾਲਾ ਨੇੜੇ ਜਾਇਜ਼ਾ ਲੈਂਦੇ ਹੋਏ ਹਰਿੰਦਰਪਾਲ ਸਿੰਘ ਚੰਦੂਮਾਜਰਾ। -ਫੋਟੋ: ਨੌਗਾਵਾਂ
ਪੱਤਰ ਪ੍ਰੇਰਕ
ਦੇਵੀਗੜ੍ਹ, 21 ਮਾਰਚ
ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅੱਜ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਪੈ ਰਹੀ ਭਾਰੀ ਬਾਰਸ਼ ਅਤੇ ਤੇਜ਼ ਹਵਾਵਾਂ ਨਾਲ ਦੇਵੀਗੜ੍ਹ ਇਲਾਕੇ ਦੇ ਬਹੁਤ ਸਾਰੇ ਪਿੰਡਾਂ ਦੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕੋਈ ਵੀ ਨੁਮਾਇੰਦਾ ਪੀੜਤ ਕਿਸਾਨਾਂ ਦੀ ਸਾਰ ਲੈਣ ਨਹੀਂ ਪੁਜਾ। ਹਰਿੰਦਰਪਾਲ ਸਿੰਘ ਚੰਦੂਮਾਜਰਾ ਅੱਜ ਆਪਣੇ ਸਾਥੀਆਂ ਨਾਲ ਦੇਵੀਗੜ੍ਹ ਦੇ ਅਹਿਰੂ ਕਲਾਂ, ਧਗੜੌਲੀ, ਬਿੰਜਲ, ਅਦਾਲਤੀਵਾਲਾ, ਔਝਾਂ ਆਦਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਦੀਆਂ ਮੀਂਹ ਤੇ ਹਨੇਰੀ ਨਾਲ ਖਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ‘ਆਪ’ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ, ਜਿਸ ਨੂੰ ਕਿਸਾਨਾਂ ਦਾ ਕੋਈ ਫਿਕਰ ਨਹੀਂ ਹੈ, ਜਦਕਿ ਕਿਸਾਨ ਚਿੰਤਾ ਵਿੱਚ ਡੁੱਬੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੂੰ ਆਪਣੀ ਕੁੰਭਕਰਨ ਦੀ ਨੀਂਦ ਤੋਂ ਜਾਗਣਾ ਚਾਹੀਦਾ ਹੈ ਅਤੇ ਤੁਰੰਤ ਫ਼ਸਲਾਂ ਦੀ ਗਿਰਦਾਵਰੀਆਂ ਕਰਵਾ ਕੇ ਖਰਾਬ ਫ਼ਸਲਾਂ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਦੋ ਵਾਰ ਚਾਈਨਾ ਵਾਈਰਸ ਅਤੇ ਵਧੇਰੇ ਗਰਮੀ ਨਾਲ ਫ਼ਸਲਾਂ ਦਾ ਨੁਕਸਾਨ ਹੋ ਚੁੱਕਾ ਹੈ ਪਰ ਮੌਜੂਦਾ ਅਤੇ ਪਿਛਲੀ ਸਰਕਾਰ ਨੇ ਖਰਾਬ ਫ਼ਸਲਾਂ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਸੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸਿਰਫ ਗੱਲਾਂ ਨਾਲ ਹੀ ਡੰਗ ਟਪਾਇਆ ਪਰ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜਗਜੀਤ ਸਿੰਘ ਕੋਹਲੀ, ਕੈਪਟਨ ਖੁਸ਼ਵੰਤ ਸਿੰਘ ਆਦਿ ਮੌਜੂਦ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ