ਪੱਤਰ ਪ੍ਰੇਰਕ
ਰਾਜਪੁਰਾ, 3 ਅਕਤੂਬਰ
ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਵਿੱਚ ਲਿਆਂਦੇ ਗਏ ਭਰੋਸਗੀ ਮਤੇ ਸਬੰਧੀ ਇੱਥੋਂ ਦੇ ਡਾ. ਭੀਮ ਰਾਓ ਅੰਬੇਡਕਰ ਚੌਕ ਵਿੱਚ ਜ਼ਿਲ੍ਹਾ ਪ੍ਰਧਾਨ ਵਿਕਾਸ ਵਿੱਕੀ, ਪਰਦੀਪ ਨੰਦਾ, ਜਗਦੀਸ਼ ਕੁਮਾਰ ਜੱਗਾ, ਨਵੀਤਾ ਰਾਣਾ, ਜਰਨੈਲ ਸਿੰਘ ਹੈਪੀ ਪਿਲਖਣੀ ਅਤੇ ਵਿਸ਼ੂ ਸ਼ਰਮਾ ਦੀ ਅਗਵਾਈ ਹੇਠ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਜਪਾ ਆਗੂਆਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਸੈਸ਼ਨ ਵਿੱਚ ਲਿਆਂਦਾ ਗਿਆ ਭਰੋਸਗੀ ਮਤਾ ਗੈਰ-ਸੰਵਿਧਾਨਿਕ ਹੈ, ਜਿਸ ਨਾਲ ਸੰਵਿਧਾਨ, ਲੋਕਤੰਤਰ ਅਤੇ ਰਾਜਪਾਲ ਦਾ ਅਪਮਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਉਂਝ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਪਰ ਹੁਣ ਸਰਕਾਰ ਇਨ੍ਹਾਂ ਦਾ ਅਪਮਾਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ, ਨਸ਼ਾ ਤਸਕਰੀ, ਭ੍ਰਿਸ਼ਟਾਚਾਰ ਦੇ ਮੁੱਦਿਆਂ ਨੂੰ ਤਿਆਗ ਦਿੱਤਾ ਹੈ। ਭਾਜਪਾ ਆਗੂਆਂ ਨੇ ਆਖਿਆ ਕਿ ਪੰਜਾਬ ਦੇ ਲੋਕ ਸੰਵਿਧਾਨ ਅਤੇ ਲੋਕਤੰਤਰ ਦਾ ਅਪਮਾਨ ਸਹਿਣ ਨਹੀਂ ਕਰਨਗੇ। ਸਰਕਾਰ ਨੂੰ ਸੰਵਿਧਾਨ ਅਨੁਸਾਰ ਕੰਮ ਕਰਨਾ ਪਵੇਗਾ। ਇਸ ਮੌਕੇ ਮੰਡਲ ਪ੍ਰਧਾਨ ਨਿਰੇਸ਼ ਧੀਮਾਨ, ਗੋਲਡੀ ਬਠੌਣੀਆਂ, ਆਸ਼ਾ ਸਹਿਜੜਾ, ਲੱਕੀ ਤਲਵਾੜ ਅਤੇ ਓਮ ਪ੍ਰਕਾਸ਼ ਸਮੇਤ ਹੋਰ ਮੌਜੂਦ ਸਨ।