ਗੁਰਨਾਮ ਸਿੰਘ ਅਕੀਦਾ
ਪਟਿਆਲਾ, 19 ਜੁਲਾਈ
ਪੰਜਾਬ ’ਚ ਲਗਾਤਾਰ ਵਧ ਰਹੀ ਬੇਰੁਜ਼ਗਾਰੀ ਦੀ ਵੱਡੀ ਸਮੱਸਿਆ ਨੂੰ ਲੈ ਕੇ ਨਿਊ ਪਟਿਆਲਾ ਵੈੱਲਫੇਅਰ ਕਲੱਬ ਵੱਲੋਂ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਬੇਰੁਜ਼ਗਾਰੀ ਦੀ ਸਮੱਸਿਆ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਰੁਜ਼ਗਾਰ ਨਾ ਮਿਲਣ ਕਰਕੇ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ। ਆਗੂਆਂ ਕਿਹਾ ਕਿ ਮਾਪੇ ਕਰਜ਼ੇ ਲੈ ਕੇ ਤੰਗੀਆਂ-ਤੁਰਸ਼ੀਆਂ ਨਾਲ ਜੂਝਦਿਆਂ ਆਪਣੇ ਬੱਚਿਆਂ ਨੂੰ ਪੜ੍ਹਾ ਰਹੇ ਹਨ ਤਾਂ ਉਨ੍ਹਾਂ ਨੂੰ ਰੁਜ਼ਗਾਰ ਮਿਲ ਜਾਵੇਗਾ। ਜਦੋਂ ਉਨ੍ਹਾਂ ਦਾ ਇਹ ਖ਼ੁਆਬ ਪੂਰਾ ਨਹੀਂ ਹੁੰਦਾ ਤਾਂ ਉਹ ਖੱਜਲ ਖ਼ੁਆਰ ਹੋ ਕੇ ਨਸ਼ਿਆਂ ਵੱਲ ਤੁਰ ਪੈਂਦੇ ਹਨ, ਪਰ ਇਨ੍ਹਾਂ ਦੇ ਪਰਿਵਾਰ ਰੋਟੀ ਤੋਂ ਮੁਥਾਜ਼ ਹੋ ਜਾਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਰੁਜ਼ਗਾਰ ਦਾ ਪੱਕਾ ਪ੍ਰਬੰਧ ਕਰਨਾ ਚਾਹੀਦਾ ਹੈ। ਇਸ ਮੌਕੇ ਅਜੇ ਕੁਮਾਰ, ਗੁਰਮੀਤ ਸਿੰਘ, ਸੂਰਜ ਕੁਮਾਰ, ਵਿਨੋਦ ਕੁਮਾਰ, ਮਹਿੰਦਰ ਸਿੰਘ, ਸਤਪਾਲ ਸਿੰਘ, ਰਾਕੇਸ਼ ਕੁਮਾਰ, ਸਾਹਿਬ ਸਿੰਘ, ਕਾਲਾ ਖ਼ਾਨ, ਰਾਮਪਾਲ ਸਿੰਘ, ਤਜਿੰਦਰ ਸਿੰਘ, ਨਰੇਸ਼ ਕੁਮਾਰ, ਪ੍ਰਦੀਪ ਕੁਮਾਰ, ਸਰਵਨ ਕੁਮਾਰ, ਸੰਤ ਸਿੰਘ ਅਤੇ ਜਗਤਾਰ ਸਿੰਘ ਆਦਿ ਹਾਜ਼ਰ ਸਨ।