ਸਰਬਜੀਤ ਸਿੰਘ ਭੰਗੂ
ਪਟਿਆਲਾ, 25 ਮਾਰਚ
ਲੋਕ ਨਿਰਮਾਣ ਵਿਭਾਗ ਦੇ ਪੁਨਰਗਠਨ ਨੂੰ ਰੋਕਣ ਦੀ ਮੰਗ ਨੂੰ ਲੈ ਕੇ ਚੌਥਾ ਦਰਜਾ ਮੁਲਾਜ਼ਮਾਂ ਵਿੱਚ ਰੋਸ ਹੈ। ਕਾਬਿਲੇਗੌਰ ਹੈ ਕਿ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਦੀ ਅਗਵਾਈ ਹੇਠ ਪਿਛਲੇ ਦਿਨੀਂ ਵਿਭਾਗ ਦੇ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪਟਿਆਲਾ ਸਥਿਤ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ ਸੀ। ਇਸ ਮਸਲੇ ’ਤੇ ‘ਚੌਥਾ ਦਰਜਾ ਮੁਲਾਜ਼ਮ ਯੂਨੀਅਨ’ ਦੇ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਵਿਭਾਗ ਦੇ ਪੁਨਰਗਠਨ ਦੀ ਕਾਰਵਾਈ ਰੋਕਣ ਲਈ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਮੁਲਾਜ਼ਮਾਂ ’ਚ ਰੋਹ ਵਧਦਾ ਜਾ ਰਿਹਾ ਹੈ। ਇਸ ਦੌਰਾਨ ਜਥੇਬੰਦੀ ਨੇ ਪੁਨਰਗਠਨ ਪ੍ਰਕ੍ਰਿਆ ਰੋਕਣ ਲਈ 10 ਅਪਰੈਲ ਤੱਕ ਦਾ ਅਲਟੀਮੇਟਮ ਦਿੰਦਿਆਂ, ਅਪਰੈਲ ਦੇ ਮੱਧ ’ਚ ਮੁੜ ਤੋਂ ਵਿਭਾਗ ਦੇ ਮੰਤਰੀ ਦੀ ਕੋਠੀ ਅੱਗੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ।
ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਕਰਨੈਲ ਚੰਦ ਆਲੋਵਾਲ, ਜਗਜੀਤ ਸਿੰਘ ਲੱਡੂ, ਉਂਕਾਰ ਸਿੰਘ ਦਮਨ, ਲਾਭ ਸਿੰਘ, ਜੋਗਿੰਦਰ ਸਿੰਘ, ਹਰਨਾਮ ਸਿੰਘ, ਲਖਵੀਰ ਸਿੰਘ ਲੱਕੀ, ਹਰਬੰਸ ਸਿੰਘ, ਵਰਿੰਦਰ ਸਿੰਘ, ਪ੍ਰਕਾਸ਼ ਸਿੰਘ ਲੁਬਾਣਾ, ਦਲਜੀਤ ਸਿੰਘ ਵਾਲੀਆ, ਕਰਮਜੀਤ ਸਾਗਰ, ਕਰਮਜੀਤ ਟਿੱਕਾ ਅਤੇ ਸਤਿਨਰਾਇਣ ਗੋਨੀ ਆਦਿ ਨੇ ਹਿੱਸਾ ਲਿਆ।