ਮੁਲਾਜ਼ਮ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ
ਪੰਜਾਬ ਭਰ ਦੇ ਸਮੂਹ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਸੱਦੇ ’ਤੇ ਅੱਜ ਕਾਲੇ ਦਿਵਸ ਵਜੋਂ ਮਨਾਇਆ ਗਿਆ। ਮੁਲਾਜ਼ਮਾਂ ਨੇ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਤੇ ਬਲਾਕਾਂ, ਦਫ਼ਤਰਾਂ, ਸਕੂਲਾਂ, ਡਿਊਟੀ ਵਾਲੇ ਸਥਾਨਾਂ ਤੇ ਡਿਊਟੀ ਕਰਦਿਆਂ ਕਾਲੇ ਬਿੱਲੇ, ਕਾਲੇ ਰਿਬਨ ਬੰਨ੍ਹ ਕੇ ਮਨਾਇਆ ਗਿਆ ਅਤੇ ਅਧੂਰੇ ਪੇਅ ਸਕੇਲ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਫਰੰਟ ਆਗੂਆਂ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਇਹ ਮਾਰੂ ਨੋਟੀਫਿਕੇਸ਼ਨ 17 ਜੁਲਾਈ 2020 ਨੂੰ ਲਾਗੂ ਕੀਤਾ ਗਿਆ ਤੇ ਉਸ ਸਮੇਂ ਵਿਰੋਧੀ ਧਿਰ ਦੀ ਭੂਮਿਕਾ ਵਿੱਚ ‘ਆਪ’ ਸੀ, ਉਸ ਵੇਲੇ ‘ਆਪ’ ਵੱਲੋਂ ਇਸ ਨੋਟੀਫਿਕੇਸ਼ਨ ਦਾ ਵਿਰੋਧ ਕੀਤਾ ਗਿਆ ਸੀ। ‘ਆਪ’ ਨੇ ਸੱਤਾ ਵਿੱਚ ਆਉਣ ’ਤੇ ਸਭ ਤੋਂ ਪਹਿਲਾਂ ਪੰਜਾਬ ਪੇਅ ਸਕੇਲ ਬਹਾਲ ਕਰਨ ਤੇ ਪਰਖ ਕਾਲ ਦਾ ਸਮਾਂ ਘਟਾਉਣ ਦੀ ਗਾਰੰਟੀ ਦਿੱਤੀ ਸੀ ਜੋ ਪੂਰੀ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਸੂਬਾ ਕਮੇਟੀ ਨੇ ਸਰਕਾਰ ਤੇ ਹਾਈ ਕੋਰਟ ਤੇ ਸੁਪਰੀਮ ਕੋਰਟ ਦੇ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ ਮੁਲਾਜ਼ਮਾਂ ਦੇ ਹੱਕ ਵਿੱਚ ਆਏ ਫ਼ੈਸਲਿਆਂ ਨੂੰ ਵੀ ਸਭ ’ਤੇ ਲਾਗੂ ਕਰਨ ਦੀ ਮੰਗ ਕੀਤੀ।