ਸਰਬਜੀਤ ਸਿੰਘ ਭੰਗੂ
ਪਟਿਆਲਾ, 1 ਨਵੰਬਰ
ਭਾਰਤੀ ਮਜ਼ਦੂਰ ਸੰਘ ਨਾਲ ਸਬੰਧਤ ਮਿਉਂਸਿਪਲ ਵਰਕਰਜ਼ ਯੂਨੀਅਨ ਵੱਲੋਂ ਦਫ਼ਤਰ ਨਗਰ ਨਿਗਮ ਪਟਿਆਲਾ ਵਿੱਚ ਯੂਨੀਅਨ ਦੇ ਪ੍ਰਧਾਨ ਸ਼ਿਵ ਕੁਮਾਰ ਦੀ ਅਗਵਾਈ ਹੇਠ ਮੀਟਿੰਗ ਦੌਰਾਨ ਅੱਜ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਮਜ਼ਦੂਰ ਸੰਘ ਨਾਲ ਸਬੰਧਤ ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਮੰਗਾਂ ’ਤੇ ਹੋਈ ਡੂੰਘੀ ਵਿਚਾਰ-ਚਰਚਾ ਦੌਰਾਨ ਮਤਾ ਪਾਸ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਨੀਆਂ ਅਤੇ ਐਲਾਨੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਤਾਂ ਨਿਗਮ ਮੁਲਜ਼ਮਾਂ ਦੀਆਂ ਸਮੂਹ ਜਥੇਬੰਦੀਆਂ ਇਕਜੁੱਟ ਹੋ ਕੇ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ।
ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 6 ਫੀਸਦ ਡੀਏ ਦਿੱਤਾ ਗਿਆ ਸੀ ਅਤੇ ਰਹਿੰਦਾ ਚਾਰ ਫੀਸਦ ਡੀਏ ਵੀ ਜਲਦ ਜਾਰੀ ਕਰਨ ਦੀ ਮੰਗ ਕੀਤੀ ਗਈ। ਇਸੇ ਦੌਰਾਨ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉਪਰ ਪੰਜਾਬ ਸਰਕਾਰ ਵੱਲੋਂ ਜੋ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾ ਰਹੀ ਹੈ, ਦਾ ਨੋਟੀਫਿਕੇਸ਼ਨ ਵੀ ਜਲਦੀ ਜਾਰੀ ਕਰਨ ’ਤੇ ਜ਼ੋਰ ਦਿੱਤਾ ਗਿਆ। ਸੰਕੇਤਕ ਰੋਸ ਪ੍ਰਦਰਸ਼ਨ ਦੌਰਾਨ ਪ੍ਰਧਾਨ ਸ਼ਿਵ ਕੁਮਾਰ ਸਮੇਤ ਹੋਰਨਾਂ ਬੁਲਾਰਿਆਂ ਦਾ ਕਹਿਣਾ ਸੀ ਕਿ ਇਹ ਪੈਨਸ਼ਨ ਸਕੀਮ ਨਗਰ ਨਿਗਮ ਮੁਲਾਜ਼ਮਾਂ ’ਤੇ ਵੀ ਇੰਨ ਬਿੰਨ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਸਾਲਾਂ ਵਿੱਚ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਫੈਮਿਲੀ ਪੈਨਸ਼ਨ ਦਾ ਲਾਭ ਦਿੱਤਾ ਗਿਆ ਸੀ ਪਰ ਇਹ ਲਾਭ ਨਗਰ ਨਿਗਮ ਮੁਲਾਜ਼ਮਾਂ ਨੂੰ ਅਜੇ ਤੱਕ ਨਹੀਂ ਦਿੱਤਾ ਗਿਆ। ਇਸ ਰੁਝਾਨ ਦਾ ਯੂਨੀਅਨਾਂ ਨੇ ਪੁਰਜ਼ੋਰ ਵਿਰੋਧ ਕੀਤਾ ਅਤੇ ਸਰਵਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਨਿਗਮ ਪ੍ਰਸ਼ਾਸਨ ਨੂੰ ਸਾਂਝੇ ਤੌਰ ’ਤੇ ਮੰਗ ਪੱਤਰ ਦਿੱਤਾ ਜਾਵੇਗਾ। ਜੇਕਰ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਮੰਗਾਂ ਸਬੰਧੀ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਨਗਰ ਨਿਗਮ ਪਟਿਆਲਾ ਦੀਆਂ ਸਮੂਹ ਜਥੇਬੰਦੀਆਂ ਸੰਘਰਸ਼ ਕਰਨਗੀਆਂ।
ਇਸ ਮੌਕੇ ਚੇਅਰਮੈਨ ਜਸਬੀਰ ਸਿੰਘ ਚੰਢੋਕ, ਬਿੰਨੀ ਸਹੋਤਾ ਸਾਬਕਾ ਪ੍ਰਧਾਨ ਸਫਾਈ ਸੇਵਕ ਯੂਨੀਅਨ, ਵਿਜੈ ਕੁਮਾਰ ਪ੍ਰਧਾਨ ਟੈਕਨੀਕਲ ਇੰਪਲਾਈਜ਼ ਯੂਨੀਅਨ, ਸੀਤਾ ਰਾਮ ਪ੍ਰਧਾਨ ਡਰਾਈਵਰਜ਼ ਯੂਨੀਅਨ, ਗੁਲਜ਼ਾਰ ਸਿੰਘ ਪ੍ਰਧਾਨ ਬਾਗਬਾਨੀ ਸ਼ਾਖਾ, ਸੁਰਜੀਤ ਸਿੰਘ, ਸ਼ੰਕਰ, ਸੁਭਾਸ਼ ਚੰਦ, ਨੇਤਰ, ਵਿਨੋਦ ਕੁਮਾਰ, ਮੰਗਤ ਕਲਿਆਣ ਆਦਿ ਹਾਜ਼ਰ ਸਨ।