ਵੀਸੀ ਦਫ਼ਤਰ ਅੱਗੇ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਧਰਨਾ

ਵੀਸੀ ਦਫ਼ਤਰ ਅੱਗੇ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਧਰਨਾ

ਵਾਈਸ ਚਾਂਸਲਰ ਦਫ਼ਤਰ ਅੱਗੇ ਰੋਸ ਧਰਨਾ ਦਿੰਦੇ ਹੋਏ ਜੁਆਇੰਟ ਐਕਸ਼ਨ ਕਮੇਟੀ ਦੇ ਮੈਂਬਰ।-ਫੋਟੋ: ਭਿੰਡਰ

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 25 ਨਵੰਬਰ

ਪੰਜਾਬੀ ਯੂਨੀਵਰਸਿਟੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਅੱਜ 87ਵੇਂ ਦਿਨ ਵੀ ਰੋਸ ਧਰਨਾ ਜਾਰੀ ਰੱਖਿਆ। ਵਾਈਸ ਚਾਂਸਲਰ ਦਫ਼ਤਰ ਅੱਗੇ ਦਿੱਤੇ ਗਏ ਇਸ ਰੋਸ ਪ੍ਰੋਗਰਾਮ ਦੌਰਾਨ ਅੱਜ ਜੁਆਇੰਟ ਐਕਸ਼ਨ ਕਮੇਟੀ ਨੇ ਐਲਾਨ ਕੀਤਾ ਕਿ ਪੀਫੈਕਟੋ ਅਤੇ ਆਲ ਇੰਡੀਆ ਵਰਕਰਜ਼ ਐਸੋਸੀਏਸ਼ਨਜ਼ ਵੱਲੋਂ ਬੰਦ ਦੇ ਸੱਦੇ ’ਤੇ ਕਿਸਾਨਾਂ ਦੇ ਸਮਰਥਨ ਵਿੱਚ 26 ਨਵੰਬਰ ਨੂੰ ਵਾਈਸ-ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਦਫ਼ਤਰ ਅੱਗੇ 11 ਤੋਂ 2 ਵਜੇ ਤੱਕ ਧਰਨਾ ਦਿੱਤਾ ਜਾਏਗਾ। ਰੋਸ ਧਰਨੇ ਦੌਰਾਨ ਆਗ ਧਰਨਾ ਚਾਰ ਮੁੱਦੇ ਤਨਖਾਹਾਂ, ਪੈਨਸ਼ਨਾਂ ਦਾ ਸਮੇਂ ਸਿਰ ਭੁਗਤਾਨ, ਯੂਨੀਵਰਸਿਟੀ ਨੂੰ ਵਿੱਤੀ ਗਰਾਂਟ ਅਤੇ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਦੀ ਬਹਾਲੀ ਲਈ ਲਗਾਇਆ ਜਾ ਰਿਹਾ ਹੈ। ਅੱਜ ਇਸ ਧਰਨੇ ਵਿਚ ਬੋਲਦਿਆਂ ਡਾ. ਬਲਵਿੰਦਰ ਸਿੰਘ ਟਿਵਾਣਾ ਨੇ ਸਰਕਾਰ ਦੀ ਆਲੋਚਨਾ ਕੀਤੀ ਤੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬੀ ਯੂਨੀਵਰਸਿਟੀ ਦੀ 1992 ਵਾਲੀ ਵਿੱਤੀ ਸਥਿਤੀ ਬਹਾਲ ਕੀਤੀ ਜਾਵੇ ਤਾਂ ਜੋ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿੱਚੋਂ ਕੱਢਿਆ ਜਾ ਸਕੇ। ਉਨ੍ਹਾਂ ਆਖਿਆ ਵਿੱਤੀ ਗਰਾਂਟ ਹੀ ਇਕੋ ਇਕ ਹਲ ਹੈ ਜੋ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਆਰਥਿਕ ਸੰਕਟ ਵਿੱਚੋਂ ਕੱਢ ਸਕਦਾ ਹੈ। ਧਰਨੇ ਵਿੱਚ ਪੂਟਾ ਦੇ ਪ੍ਰਧਨ ਡਾ. ਨਿਸ਼ਾਨ ਸਿੰਘ ਦਿਓਲ, ਸਕੱਤਰ ਡਾ. ਅਵਨੀਤ ਪਾਲ ਸਿੰਘ ਨੇ ਬੋਲਦਿਆਂ ਯੂਨੀਵਰਸਿਟੀ ਸੰਬੰਧੀ ਮੰਗਾਂ ਨੂੰ ਲੈ ਕੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੂੰ ਦਿੱਤੀ ਜਾਣਕਾਰੀ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ। ਏ ਕਲਾਸ ਅਫ਼ਸਰਜ਼ ਐਸੋਸ਼ੀਏਸ਼ਨ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਬੱਬੀ ਨੇ ਕੱਲ੍ਹ ਦੇ ਧਰਨੇ ਨੂੰ ਸਫ਼ਲ ਬਣਾਉਣ ਲਈ ਸਾਰੇ ਅਧਿਆਪਕਾਂ, ਕਰਮਚਾਰੀਆਂ, ਪੈਨਸ਼ਨਰਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ। ਇਸ ਧਰਨੇ ਵਿੱਚ ਪੈਨਸਨਰਜ਼ ਐਸੋਸੀਏਸ਼ਨ ਵੱਲੋਂ ਆਜ਼ਾਦ ਸਿੰਘ, ਦਵਾਰਕਾ ਦਾਸ, ਤਰਲੋਚਨ ਸਿੰਘ ਕਰਮਚਾਰੀ ਸੰਘ ਤੋਂ ਧਰਮਿੰਦਰ ਪਨੂੰ, ਅਵਤਾਰ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ। ਜੁਆਇੰਟ ਐਕਸ਼ਨ ਕਮੇਟੀ ਦੇ ਆਗੂ ਡਾ. ਕੁਲਵਿੰਦਰ ਸਿੰਘ ਨੇ ਆਖਿਆ ਕਿ ਆਉਣ ਵਾਲੇ ਸਮੇਂ ਵਿੱਚ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਇਹ ਸੰਘਰਸ਼ ਹੋਰ ਤਿੱਖੇ ਰੂਪ ਵਿਚ ਜਾਰੀ ਰਹੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All