ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 24 ਫਰਵਰੀ
ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਜਥੇਬੰਦੀ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਅਗਵਾਈ ਹੇਠ ਅੱਜ ਮਜ਼ਦੂਰਾਂ ਵੱਲੋਂ ਪਲਾਟਾਂ ਦੀ ਪ੍ਰਾਪਤੀ ਨੂੰ ਲੈ ਕੇ ਐੱਸਡੀਐੱਮ ਦਫਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਐੱਸਡੀਐੱਮ ਨੂੰ ਆਪਣਾ ਮੰਗ ਪੱਤਰ ਵੀ ਸੌਂਪਿਆ ਗਿਆ।
ਜਥੇਬੰਦੀ ਦੇ ਸੂਬਾ ਸਕੱਤਰ ਧਰਮਪਾਲ ਸਿੰਘ ਅਤੇ ਜ਼ਿਲ੍ਹਾ ਆਗੂ ਜਗਦੀਪ ਸਿੰਘ ਕਾਲਾ ਨੇ ਕਿਹਾ ਕਿ ਪਿਛਲੀ ਲੰਘੀ 29 ਜਨਵਰੀ ਤੋਂ ਪਲਾਟਾਂ ਦੀ ਪ੍ਰਾਪਤੀ ਲਈ ਸੁਨਾਮ ਸ਼ਹਿਰ ਦੇ ਬੇਘਰੇ ਲੋਕਾਂ ਵੱਲੋਂ ਸੰਘਰਸ਼ ਚੱਲ ਰਿਹਾ ਹੈ ਪਰ ਹਾਲੇ ਤੱਕ ਵੀ ਪ੍ਰਸ਼ਾਸਨ ਵੱਲੋਂ ਮਜ਼ਦੂਰਾਂ ਦੀ ਪਲਾਟਾਂ ਵਾਲੀ ਮੰਗ ਉੱਪਰ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮਜ਼ਦੂਰ ਆਪਣੇ ਘਰ ਦੀ ਛੱਤ ਲਈ ਤਰਸ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦਾ ਕੋਈ ਵੀ ਫਿਕਰ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਦੱਸਿਆ ਕਿ ਇਸ ਮਸਲੇ ਸਬੰਧੀ ਅੱਜ ਸੁਨਾਮ ਐੱਸਡੀਐੱਮ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੇ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ ਹੈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਜ਼ਦੂਰਾਂ ਦੀ ਮੰਗ ਉੱਪਰ ਧਿਆਨ ਨਾ ਦਿੱਤਾ ਗਿਆ ਤਾਂ ਜਥੇਬੰਦੀ ਵੱਲੋਂ ਸੁਨਾਮ ਸ਼ਹਿਰ ਦੇ ਵੱਖ ਵੱਖ ਮੁਹੱਲਿਆਂ ਵਿਚ ਜਾ ਕੇ ਸੰਘਰਸ਼ ਦੀ ਲਾਮਬੰਦੀ ਕੀਤੀ ਜਾਵੇਗੀ ਅਤੇ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵੱਲੋਂ ਚੰਡੀਗੜ੍ਹ ਵਿੱਚ ਬਿਜਲੀ ਕਾਮਿਆਂ ਦੀ ਹੜਤਾਲ ਨੂੰ ਕੁਚਲਣ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਏ ਗਏ ਲੋਕ ਵਿਰੋਧੀ ਫ਼ੈਸਲੇ ਦੀ ਵੀ ਸਖਤ ਨਿਖੇਧੀ ਕੀਤੀ। ਇਸ ਮੌਕੇ ਬੱਗਾ ਸਿੰਘ ਰਾਣੀ ਕੌਰ, ਅਮਰਜੀਤ ਕੌਰ ਅਤੇ ਕਾਲੀ ਸਿੰਘ ਆਦਿ ਸ਼ਾਮਲ ਸਨ।