ਡਿਪਟੀ ਕਮਿਸ਼ਨਰ ਵੱਲੋਂ ਜਨ ਸੁਵਿਧਾ ਕੈਂਪ ਦਾ ਜਾਇਜ਼ਾ
ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ‘ਆਪ ਦੀ ਸਰਕਾਰ, ‘ਆਪ’ ਦੇ ਦੁਆਰ’ ਤਹਿਤ ਪਿੰਡ ਬਖ਼ਸ਼ੀਵਾਲਾ ਵਿੱਚ ਲਗਾਏ ਗਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਅਤੇ ਸਰਕਾਰੀ ਸੇਵਾਵਾ ਪ੍ਰਦਾਨ ਕਰਨ ’ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ। ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਵਿਭਾਗ, ਸਿਹਤ ਵਿਭਾਗ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਸਮਾਜਿਕ ਸੁਰੱਖਿਆ, ਵਣ ਵਿਭਾਗ, ਸਹਿਕਾਰਤਾ ਸਮੇਤ ਹੋਰ ਕਈ ਵਿਭਾਗਾਂ ਦੀਆਂ ਸਟਾਲਾਂ ਦਾ ਦੌਰਾ ਕਰਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਦੀ ਪੂਰੀ ਗੰਭੀਰਤਾ ਨਾਲ ਸਮੱਸਿਆ ਸੁਣਕੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਐੱਸ ਡੀ ਐੱਮ ਹਰਜੋਤ ਕੌਰ ਮਾਵੀ, ਜ਼ਿਲ੍ਹਾ ਪਰਿਸ਼ਦ ਦੇ ਡਿਪਟੀ ਸੀ ਈ ਓ ਅਮਨਦੀਪ ਕੌਰ ਤੇ ਬੀ ਡੀ ਪੀ ਓ ਪਟਿਆਲਾ ਦਿਹਾਤੀ ਮਨਦੀਪ ਸਿੰਘ ਆਦਿ ਵੀ ਮੌਜੂਦ ਸਨ।