ਸਰਬਜੀਤ ਸਿੰਘ ਭੰਗੂ
ਪਟਿਆਲਾ, 17 ਅਕਤੂਬਰ
ਪੰਜਾਬ ਦੇ ਨਵੇਂ ਬਣੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੇ ਅੱਜ ਇੱਥੋਂ ਦੀ ਪਲੇਠੀ ਫੇਰੀ ਦੌਰਾਨ ਪਟਿਆਲਾ ਰੇਂਜ ਦੇ ਆਈਜੀ ਸਮੇਤ ਰੇਂਜ ਅਧੀਨ ਪੈਂਦੇ ਚਾਰ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਨਾਲ ਮੀਟਿੰਗ ਕੀਤੀ। ਉਨ੍ਹਾਂ ਅਮਨ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ, ਨਸ਼ਾ ਤਸਕਰਾਂ ਖ਼ਿਲਾਫ਼ ਸੰਗਠਿਤ ਮੁਹਿੰਮ ਚਲਾਉਣ ਅਤੇ ਲੰਬਿਤ ਕੇਸਾਂ ਦੇ ਸਮਾਂਬੱਧ ਨਬਿੇੜੇ ਦੀ ਤਾਕੀਦ ਕੀਤੀ। ਡੀਜੀਪੀ ਨੇ ਰਾਜ ਦੇ ਸਮੂਹ ਐੱਸਐੱਸਪੀਜ਼ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਦਾ ਸੁਨੇਹਾ ਵੀ ਦਿੱਤਾ। ਇਸ ਤੋਂ ਇਲਾਵਾ ਲੋਕਾਂ ਦੀਆਂ ਮੁਸ਼ਕਲਾਂ ਦਾ ਨਬਿੇੜਾ ਪਹਿਲ ਦੇ ਆਧਾਰ ’ਤੇ ਕਰਨ ਸਮੇਤ ਅਗਾਮੀ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਪੱਖ ਤੋਂ ਪੁਲੀਸ ਨੂੰ ਹੁਣ ਤੋਂ ਤਿਆਰੀਆਂ ਕਰਨ ਲਈ ਵੀ ਆਖਿਆ।
ਮੀਟਿੰਗ ਵਿੱਚ ਪਟਿਆਲਾ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਅਤੇ ਪਟਿਆਲਾ ਜ਼ਿਲ੍ਹੇ ਦੇ ਐੱਸਐੱਸਪੀ ਹਰਚਰਨ ਸਿੰਘ ਭੁੱਲਰ ਸਮੇਤ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੇ ਪੁਲੀਸ ਮੁਖੀ ਸਵਪਨ ਸ਼ਰਮਾ, ਅਲਕਾ ਮੀਨਾ ਅਤੇ ਰਵਜੋਤ ਕੌਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਪੁਲੀਸ ਮੁਖੀ ਨੇ ਨਸ਼ਾ ਤਸਕਰਾਂ ਵਿਰੁੱਧ ਸ਼ਿਕੰਜਾ ਕਸਣ, ਮਾੜੇ ਅਨਸਰਾਂ ਨੂੰ ਕਰੜੇ ਹੱਥੀਂ ਸਿੱਝਣ, ਜੁਰਮ ਕਰਨ ਦੇ ਆਦੀ ਵਿਅਕਤੀਆਂ ’ਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਇਸੇ ਦੌਰਾਨ ਪੁਲੀਸ ਦੀ ਇੱਕ ਟੁਕੜੀ ਵੱਲੋਂ ਡੀਜੀਪੀ ਨੂੰ ਸਲਾਮੀ ਵੀ ਦਿੱਤੀ ਗਈ। ਪਟਿਆਲਾ ਦੇ ਡੀਆਈਜੀ ਰਹਿ ਚੁੱਕੇ ਸ੍ਰੀ ਸਹੋਤਾ ਨੇ ਪਟਿਆਲਾ ਰੇਂਜ ਦੇ ਸਮੂਹ ਜ਼ਿਲ੍ਹਿਆਂ ਦੀ ਪੁਲੀਸ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਵੀ ਲਿਆ, ਜਿਸ ਦੌਰਾਨ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਆ।
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਹੋਏ ਨਤਮਸਤਕ
ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਜਿਸ ਦੌਰਾਨ ਗੁਰਦੁਆਰਾ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਡੀਜੀਪੀ ਦਾ ਕਾਰਜਭਾਰ ਸੰਭਾਲਣ ਮਗਰੋਂ ਪਹਿਲੀ ਵਾਰ ਇੱਥੇ ਪੁੱਜੇ ਪੁਲੀਸ ਮੁਖੀ ਨੇ ਗੁਰਦੁਆਰਾ ਸਾਹਿਬ ਪੁੱਜ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਅਰਦਾਸ ਕੀਤੀ ਅਤੇ ਕੀਰਤਨ ਵੀ ਸਰਵਣ ਕੀਤਾ। ਇਸ ਮੌਕੇ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ ਸਮੇਤ ਅਤੇ ਪ੍ਰਬੰਧਕੀ ਸਟਾਫ ਆਦਿ ਹਾਜ਼ਰ ਸਨ।