ਖੇਤਰੀ ਪ੍ਰਤੀਨਿਧ
ਪਟਿਆਲਾ, 27 ਮਈ
ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਆਰੰਭੇ ਸੰਘਰਸ਼ ਦੌਰਾਨ ਅੱਜ ਫਿਰ ਯੂਨੀਵਰਸਿਟੀ ਦੇ ਵੀਸੀ ਦਫ਼ਤਰ ਅੱਗੇ ਵੱਖੋ-ਵੱਖਰੇ ਤੌਰ ’ਤੇ ਧਰਨੇ ਦਿੱਤੇ ਗਏ। ਸਫ਼ਾਈ ਸੇਵਕਾਂ ਵੱਲੋਂ ਦਿੱਤੇ ਧਰਨੇ ਦੀ ਅਗਵਾਈ ਕਰਦਿਆਂ ਸੰਦੀਪ ਸਿੰਘ ਤੇ ਹੋਰਾਂ ਦਾ ਕਹਿਣਾ ਸੀ ਕਿ ਉਹ ਮੁੱਖ ਤੌਰ ’ਤੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਇਹ ਧਰਨਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਧਰਨਾ ਜਾਰੀ ਰੱਖਣਗੇ। ਸੰਦੀਪ ਸਿੰਘ ਨੇ ਕਿਹਾ ਕਿ ਤਨਖਾਹਾਂ ਨਾ ਮਿਲਣ ਕਰਕੇ ਮੁਲਜ਼ਮ ਵਰਗ ਨੂੰ ਪ੍ਰੇਸ਼ਾਨੀਆਂ ਨਾਲ ਜੂਝਣਾ ਪੈ ਰਿਹਾ ਹੈ। ਇਸ ਕਰ ਕੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੀਯੂ ਦੀ ਵਿੱਤੀ ਹਾਲਤ ਸੁਧਾਰਨ ਲਈ ਵਿਸ਼ੇਸ਼ ਪੈਕੇਜ ਜਾਰੀ ਕਰੇ। ਉਧਰ ਟੀਚਰਜ਼ ਐਸੋਸੀਏਸ਼ਨ ਪੰਜਾਬੀ ਯੂਨੀਵਰਸਿਟੀ (ਪੂਟਾ) ਦੇ ਧਰਨੇ ਦੀ ਅਗਵਾਈ ਕਰਦਿਆਂ ਪੂਟਾ ਪ੍ਰਧਾਨ ਪ੍ਰੋ. ਭੁਪਿੰਦਰ ਸਿੰਘ ਵਿਰਕ ਨੇ ਜਿੱਥੇ ਫੌਰੀ ਤੌਰ ’ਤੇ ਰੁਕੀਆਂ ਤਨਖਾਹਾਂ ਜਾਰੀ ਕਰਨ ’ਤੇ ਜ਼ੋਰ ਦਿੱਤਾ, ਉਥੇ ਹੀ ਇਹ ਵੀ ਕਿਹਾ ਕਿ ਸਰਕਾਰ ਯੂਨੀਵਰਸਿਟੀ ਨੂੰ 30 ਕਰੋੜ ਰੁਪਏ ਮਹੀਨਾ ਗ੍ਰਾਂਟ ਦੇਵੇ ਅਤੇ ਪੰਜਾਬੀ ਯੂਨੀਵਰਸਿਟੀ ਦੇ ਗੰਭੀਰ ਵਿੱਤੀ ਸੰਕਟ ਨੂੰ ਵੇਖਦਿਆਂ ਕੀਤੇ ਗਏ ਐਲਾਨ ਦੇ ਤਹਿਤ ਸਰਕਾਰ 150 ਕਰੋੜ ਰੁਪਏ ਦਾ ਵਿਸ਼ੇਸ ਪੈਕੇਜ ਵੀ ਜਾਰੀ ਕਰੇ।
ਸਫ਼ਾਈ ਕਾਮਿਆਂ ਦੀ ਹੜਤਾਲ ਜਾਰੀ
ਸਮਾਣਾ (ਪੱਤਰ ਪ੍ਰੇਰਕ): ਸਫ਼ਾਈ ਮਜ਼ਦੂਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਕੱਲ੍ਹ ਤੋਂ ਅਣਮਿੱਥੇ ਸਮੇਂ ਦੀ ਸ਼ੁਰੂ ਕੀਤੀ ਹੜਤਾਲ ਦੇ ਦੂਜੇ ਦਿਨ ਅੱਜ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਨਗਰ ਕੌਂਸਲ ਪ੍ਰਧਾਨ ਤੇ ਸਫ਼ਾਈ ਕਰਮਚਾਰੀਆਂ ਦੀ ਮੀਟਿੰਗ ਦੌਰਾਨ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਿਆ। ਇਸ ਮਗਰੋਂ ਸਫ਼ਾਈ ਕਰਮਚਾਰੀ ਕੌਂਸਲ ਪ੍ਰਧਾਨ ਤੇ ਕਾਰਜ ਸਾਧਕ ਅਫ਼ਸਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੀਟਿੰਗ ਵਾਲੇ ਕਮਰੇ ’ਚੋਂ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਰੋਸ ਮੁਜ਼ਾਹਰਾ ਕਰਨ ਲੱਗੇ। ਸਥਿਤੀ ਵਿਗੜਦੀ ਦੇਖਦਿਆਂ ਨਗਰ ਕੌਂਸਲ ਪ੍ਰਧਾਨ ਨੇ ਪੁਲੀਸ ਫੋਰਸ ਨੂੰ ਬੁਲਾਇਆ। ਪੁਲੀਸ ਮੁਲਾਜ਼ਮਾਂ ਨੇ ਪ੍ਰਧਾਨ ਨੂੰ ਆਪਣੀ ਸੁਰੱਖਿਆ ਦਿੰਦੇ ਹੋਏ ਦਫਤਰ ’ਚੋਂ ਭੇਜਿਆ। ਯੂਨੀਅਨ ਦੇ ਪ੍ਰਧਾਨ ਸੋਨੂ ਸਾਂਦੜ ਅਤੇ ਅਜੈ ਕੁਮਾਰ (ਭਿੰਡੀ) ਨੇ ਨਗਰ ਕੌਂਸਲ ਪ੍ਰਧਾਨ ’ਤੇ ਜਾਤੀ ਸੂਚਕ ਸ਼ਬਦ ਬੋਲਣ ਦਾ ਦੋਸ਼ ਲਾਇਆ। ਦੂਜੇ ਪਾਸੇ ਕਾਰਜ ਸਾਧਕ ਅਫਸਰ ਤੇ ਨਗਰ ਕੌਂਸਲ ਪ੍ਰਧਾਨ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ।