ਸਰਬਜੀਤ ਸਿੰਘ ਭੰਗੂ
ਪਟਿਆਲਾ, 25 ਅਕਤੂਬਰ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਹੋਏ ਕਥਿਤ ਘਪਲਿਆਂ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਯੂਨੀਵਰਸਿਟੀ ਕੰਪਲੈਕਸ ਵਿੱਚ ਸੈਫ਼ੀ ਅਤੇ ਹੋਰ ਜਥੇਬੰਦੀਆਂ ਵੱਲੋਂ ਦੀਵਾਲੀ ਵਾਲੇ ਦਿਨ ਵੀ ਧਰਨਾ ਜਾਰੀ ਰੱਖਿਆ ਗਿਆ। ਸੈਫ਼ੀ ਵੱਲੋਂ ਡੀਨ ਵਿਦਿਆਰਥੀ ਭਲਾਈ ਦਫ਼ਤਰ ਅੱਗੇ ਇਹ ਧਰਨਾ 4 ਅਕਤੂਬਰ ਤੋਂ ਚੱਲ ਰਿਹਾ ਹੈ। ਵਿਦਿਆਰਥੀਆਂ ਦੀਆਂ ਹੋਰਨਾਂ ਜਥੇਬੰਦੀਆਂ ਵੱਲੋਂ ਵੀ ਧਰਨੇ ਦਾ ਸਮਰਥਨ ਕੀਤਾ ਜਾ ਰਿਹਾ ਹੈ।
ਸੈਫ਼ੀ ਦੀ ਯੂਨੀਵਰਸਿਟੀ ਇਕਾਈ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਤਿਉਹਾਰਾਂ ਖਾਸਕਰ ਦੀਵਾਲੀ ਵਾਲੇ ਦਿਨ ਵੀ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ ਆਪਣੇ ਹੱਕਾਂ ਦੀ ਰਾਖੀ ਲਈ ਧਰਨੇ ਲਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਹੋਸਟਲ ਦਿਵਾਉਣ ਲਈ, ਹੋਸਟਲਾਂ ਵਿੱਚ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ, ਬੱਸ ਪਾਸ ਦੀ ਸਮੱਸਿਆ, ਜਾਅਲੀ ਤਜਰਬੇ ਦੇ ਸਰਟੀਫਿਕੇਟ ਲਗਾ ਕੇ ਚੱਲ ਰਹੀਆਂ ਕੰਟੀਨਾਂ ਨੂੰ ਬੰਦ ਕਰਵਾਉਣ ਅਤੇ ਖਾਣੇ ਦੇ ਵਧੇ ਰੇਟਾਂ ਨੂੰ ਵਾਪਸ ਕਰਵਾਉਣ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।
ਇਸ ਮੌਕੇ ਸ੍ਰੀ ਯਾਦੂ ਨੇ ਕਿਹਾ ਕਿ ਯੂਨੀਵਰਸਿਟੀ ਦੇ ਵੱਖ ਵੱਖ ਅਹੁਦਿਆਂ ’ਤੇ ਬੈਠੇ ਕਈ ਅਧਿਕਾਰੀ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਕਰ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਦੇ ਖ਼ਿਲਾਫ਼ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਰੁਝਾਨ ਦੇ ਖ਼ਿਲਾਫ਼ ਸਮੂਹ ਜਥੇਬੰਦੀਆਂ 21 ਦਿਨਾਂ ਤੋਂ ਡੀਨ ਵਿਦਿਆਰਥੀ ਭਲਾਈ ਦਫ਼ਤਰ ਅੱਗੇ ਧਰਨਾ ਲਗਾ ਕਿ ਬੈਠੀਆਂ ਹਨ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਦੁੱਧ ਦੀ ਖਰੀਦ ਵਿੱਚ ਘਪਲਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇ ਤੇ ਉਨ੍ਹਾਂ ਨੂੰ ਅਹੁਦੇ ਤੋਂ ਮੁਅੱਤਲ ਕੀਤਾ ਜਾਵੇ ਅਤੇ ਵਿਦਿਆਰਥੀਆਂ ਨੂੰ ਦਰਪੇਸ਼ ਸਮੱਸਿਆਵਾਂ ਤੁਰੰਤ ਹੱਲ ਕੀਤੀਆਂ ਜਾਣ।
ਇਸ ਮੌਕੇ ਵਿਕਰਮਜੀਤ ਸਿੰਘ ਕੱਜਲ, ਗੁਰਪ੍ਰੀਤ ਸਿੰਘ, ਅੰਮ੍ਰਿਤ ਸਿੰਘ, ਰਿਆਜ਼ ਕੰਬੋਜ, ਰੂਬੀ ਬਰਾੜ, ਕੇਵਲ ਸਿੰਘ, ਰਾਜਦੀਪ ਸਿੰਘ, ਪੁਨੀਤ ਕੁਮਾਰ ਆਦਿ ਹਾਜ਼ਰ ਸਨ।