ਪੰਜਾਬ ਵਿੱਚ ਲੋਕਤੰਤਰ ’ਤੇ ਸਿੱਧਾ ਹਮਲਾ:Ravneet Singh Bittu
ਕੌਂਸਲ ਚੋਣ ਲੜ ਰਹੇ ਭਾਜਪਾ ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ’ਤੇ ਕੇਂਦਰੀ ਮੰਤਰੀ ਧੂਰੀ ਪਹੁੰਚੇ
ਧੂਰੀ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਕਾਰਨ ਕੇਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਇੱਥੇ ਪਹੁੰਚੇ। ਬਿੱਟੂ ਨੇ ਪਹਿਲਾਂ ਉਨ੍ਹਾਂ ਉਮੀਦਵਾਰਾਂ ਨਾਲ ਮੀਟਿੰਗ ਕੀਤੀ ਜਿਨ੍ਹਾਂ ਦੇ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕਾਗਜ਼ ਰੱਦ ਕਰ ਦਿੱਤੇ ਸਨ। ਮਗਰੋਂ ਉਹ ਸਰਕਾਰੀ ਹਸਪਤਾਲ ਗਏ, ਜਿੱਥੇ ਵਾਰਡ ਨੰਬਰ 7 ਦੀ ਉਮੀਦਵਾਰ ਰਾਣੀ ਦਾਖ਼ਲ ਸੀ। ਕੁੱਟਮਾਰ ਮਗਰੋਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਹੋਣਾ ਪਿਆ। ਇਸ ਮੌਕੇ ਸ੍ਰੀ ਬਿੱਟੂ ਨੇ ਕਿਹਾ ਕਿ ਧੂਰੀ ਹਲਕੇ ਦੇ ਸਿਆਸੀ ਹਲਾਤ ਬਹੁਤ ਗੰਭੀਰ ਹਨ ਜਿੱਥੇ ਆਮ ਲੋਕਾਂ ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਖ਼ਿਲਾਫ਼ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਭਾਜਪਾ ਦੇ ਤਿੰਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਦੀ ਆਲੋਚਨਾ ਕਰਦਿਆਂ ਇਸ ਨੂੰ ਲੋਕਤੰਤਰ ’ਤੇ ਸਿੱਧਾ ਹਮਲਾ ਕਰਾਰ ਦਿੱਤਾ। ਇਸ ਮੌਕੇ ਸੀਨੀਅਰ ਆਗੂ ਉਂਕਾਰ ਸਿੰਘ, ਅੰਮ੍ਰਿਤ ਬਰਾੜ, ਰਣਦੀਪ ਸਿੰਘ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਸ੍ਰੀ ਬਿੱਟੂ ਪਿੰਡ ਬੇਨੜਾ ਵਿੱਚ ਉਨ੍ਹਾਂ ਦਲਿਤ ਵਰਗ ਦੇ ਆਗੂਆਂ ਨੂੰ ਮਿਲੇ ਜੋ ਪਿਛਲੇ ਕਰੀਬ 50 ਦਿਨਾਂ ਤੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਕਰਦੇ ਆ ਰਹੇ ਹਨ। ਉਨ੍ਹਾਂ ਦਲਿਤ ਵਰਗ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ 15 ਦਿਨਾਂ ਵਿੱਚ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਭਾਜਪਾ ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੋਵੇਗੀ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਨਗਰ ਕੌਂਸਲ ਭਵਾਨੀਗੜ੍ਹ ਦੀਆਂ ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ਨੂੰ ਹੱਲਾਸ਼ੇਰੀ ਦੇਣ ਲਈ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣੀ ਹੱਦ ਵਿੱਚ ਰਹਿਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਧੱਕੇਸ਼ਾਹੀ ਕਰਨ ਵਾਲਿਆਂ ਨੂੰ ਭੁਗਤਣੀਆਂ ਪੈਣਗੀਆਂ। ਉਨ੍ਹਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਭਾਜਪਾ ਗੱਠਜੋੜ ਨੂੰ ਦੋ ਟੁੱਕ ਰੱਦ ਕਰਦਿਆਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਸਦਕਾ ਬੰਗਾਲ ਤੋਂ ਬਾਅਦ ਪੰਜਾਬ ਵਿੱਚ ਵੀ ਨਿਰੋਲ ਭਾਜਪਾ ਸਰਕਾਰ ਬਣੇਗੀ।
ਲਹਿਰਾਗਾਗਾ ਰੇਲਵੇ ਸਟੇਸ਼ਨ ਦੀਆਂ ਮੰਗਾਂ ਬਿੱਟੂ ਕੋਲ ਰੱਖੀਆਂ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਵਿਨੋਦ ਕੁਮਾਰ ਸਿੰਗਲਾ ਨੇ ਧੂਰੀ ਵਿੱਚ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਲਹਿਰਾਗਾਗਾ ਰੇਲਵੇ ਸਟੇਸ਼ਨ ਨਾਲ ਜੁੜੀਆਂ ਕਈ ਮੰਗਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ। ਸਿੰਗਲਾ ਨੇ ਕਿਹਾ ਕਿ ਲਹਿਰਾਗਾਗਾ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਹੈ ਕਿ ਨੰਦੇੜ ਸਾਹਿਬ ਜਾਣ ਵਾਲੀ ਰੇਲ ਗੱਡੀ ਦਾ ਠਹਿਰਾਅ ਲਹਿਰਾਗਾਗਾ ਵਿੱਚ ਕੀਤਾ ਜਾਵੇ। ਇਸ ਦੇ ਨਾਲ ਹੀ ਜੈਪੁਰ-ਦਿੱਲੀ ਅਤੇ ਦਿੱਲੀ-ਹਰਿਦੁਆਰ ਰੂਟ ਦੀਆਂ ਰੇਲ ਗੱਡੀਆਂ ਦਾ ਠਹਿਰਾਅ ਵੀ ਲਹਿਰਾਗਾਗਾ ਸਟੇਸ਼ਨ ’ਤੇ ਹੋਣਾ ਬਹੁਤ ਜ਼ਰੂਰੀ ਹੈ। ਬਿੱਟੂ ਨੇ ਭਰੋਸਾ ਦਿੰਦਿਆਂ ਕਿਹਾ ਕਿ ਜਲਦੀ ਹੀ ਲਹਿਰਾਗਾਗਾ ਸਟੇਸ਼ਨ ਦਾ ਦੌਰਾ ਕੀਤਾ ਜਾਵੇਗਾ।

