ਖੇਤਰੀ ਪ੍ਰਤੀਨਿਧ
ਪਟਿਆਲਾ, 7 ਸਤੰਬਰ
ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅੱਜ ਇਥੇ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਬਖਸ਼ ਸਿੰਘ ਬਲਬੇੜ੍ਹਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਵਿਰੋਧੀ ਆਰਡੀਨੈਂਸਾਂ ਨੂੰ ਵਾਪਿਸ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਮਹਾਂ ਰੈਲੀ ਵਿੱਚ ਪਟਿਆਲਾ ਤੋਂ ਵੀ ਵੱਡੀ ਗਿਣਤੀ ਕਿਸਾਨ ਸ਼ਿਰਕਤ ਕਰਨਗੇ। ਇਸ ਅਹਿਮ ਮੁੱਦੇ ’ਤੇ ਹੋਰ ਡੂੰਘਾਈ ਲਾਲ ਚਰਚਾ ਕਰਨ ਲਈ 8 ਸਤੰਬਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ ਹੋ ਰਹੀ ਹੈ। ਅੱਜ ਦੀ ਮੀਟਿੰਗ ਵਿਚ ਹਰਜੀਤ ਸਿੰਘ ਟਹਿਲਪੁਰਾ ਸੂਬਾ ਕਮੇਟੀ ਮੈਂਬਰ, ਪ੍ਰੇਮ ਸਿੰਘ ਕੱਲਰ ਭੈਣੀ, ਗੁਰਦੇਵ ਸਿੰਘ, ਕਰਮਜੀਤ ਕਕਰਾਲਾ, ਜਗਦੀਪ ਸਿੰਘ ਨੰਬਰਦਾਰ ਅਲੂਣਾ ਅਤੇ ਸਰਬਜੀਤ ਸਿੰਘ ਹਾਜ਼ਰ ਸਨ।
ਰਾਜਪੁਰਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇੱਥੇ ਬਲਾਕ ਪੱਧਰੀ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਜੰਡੌਲੀ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਯੂਨੀਅਨ ਦੇ ਸੂਬਾਈ ਆਗੂ ਮਾਨ ਸਿੰਘ ਰਾਜਪੁਰਾ ਅਤੇ ਹਰਜੀਤ ਸਿੰਘ ਟਹਿਲਪੁਰਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਕਿਸਾਨੀ ਨੂੰ ਦਰਪੇਸ਼ ਮੁਸ਼ਕਲਾਂ ਵਿਚਾਰੀਆਂ ਗਈਆਂ ਅਤੇ ਕਿਸਾਨੀ ਮੰਗਾਂ ਸਬੰਧੀ 25 ਸਤੰਬਰ ਨੂੰ ਭਰਾਤਰੀ ਕਿਸਾਨੀ ਜਥੇਬੰਦੀਆਂ ਨਾਲ ਚੰਡੀਗੜ੍ਹ ਵਿੱਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਸਬੰਧੀ ਜਾਇਜ਼ਾ ਲਿਆ ਗਿਆ।