ਪੱਤਰ ਪ੍ਰੇਰਕ
ਰਾਜਪੁਰਾ, 2 ਮਾਰਚ
ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐੱਨਟੀਸੀ ਰਾਜਪੁਰਾ ਟਾਊਨ ਵਿੱਚ ਸਿੱਖਿਆ ਵਿਭਾਗ ਵੱਲੋਂ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫ਼ਲਤਾ ਲਈ ਸਰਗਰਮੀਆਂ ਸਿਖਰਾਂ ’ਤੇ ਪਹੁੰਚਾਉਣ ਲਈ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਦੀ ਮੀਟਿੰਗ ਐੱਸਸੀਈਆਰਟੀ ਦੇ ਸਹਾਇਕ ਡਾਇਰੈਕਟਰ (ਸਿਖਲਾਈ) ਸਲਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਹਰਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸੁਖਵਿੰਦਰ ਕੁਮਾਰ ਖੋਸਲਾ, ਸਟੇਟ ਰਿਸੋਰਸਪਰਸਨ ਚੰਦਰ ਸ਼ੇਖਰ ਤੇ ਜਸਵੀਰ ਸਿੰਘ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸਲਿੰਦਰ ਸਿੰਘ ਸਮੇਤ ਹੋਰਨਾਂ ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਅਮਲ ਵਿੱਚ ਲਿਆਂਦੇ ਜਾ ਰਹੇ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫ਼ਲਤਾ ਲਈ ਹੁਣ ਸਕੂਲਾਂ ਵਿੱਚ ਪੜ੍ਹਦੇ ਹਰ ਵਿਦਿਆਰਥੀ ਨੂੰ ਸਾਂਭਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਵਿੱਚ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਨੂੰ ਬਿਹਤਰੀਨ ਬਣਾਉਣ ਲਈ ਯੋਜਨਾਬੰਦੀ ਕਰਨੀ ਚਾਹੀਦੀ ਹੈ। ਜਿਸ ਨਾਲ ਸਮਾਜ ਵਿੱਚ ਉਸਾਰੂ ਸੁਨੇਹਾ ਜਾਵੇਗਾ ਅਤੇ ਦਾਖ਼ਲਾ ਮੁਹਿੰਮ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਅਗਾਮੀ ਪ੍ਰੀਖਿਆਵਾਂ ਦੌਰਾਨ ਜ਼ਿਲ੍ਹੇ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਲਾਜ਼ਮੀ ਤੌਰ ’ਤੇ ਵਧੀਆ ਰਹੇਗਾ।