ਘਨੌਰ (ਪੱਤਰ ਪ੍ਰੇਰਕ): ਹਲਕਾ ਘਨੌਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਘੁੰਮਾਣਾ ਜਥੇਬੰਦੀ ਦੇ ਵੱਖ-ਵੱਖ ਅਹੁਦੇਦਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਮਨਜੀਤ ਸਿੰਘ ਘੁੰਮਾਣਾ ਤੇ ਸਮੁੱਚੀ ਟੀਮ ਦਾ ਪ੍ਰੋ. ਚੰਦੂਮਾਜਰਾ ਨੇ ਪਾਰਟੀ ’ਚ ਸਵਾਗਤ ਕੀਤਾ। ਇਸੇ ਤਰ੍ਹਾਂ ਹਲਕਾ ਘਨੌਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਚੋਣ ਮੁਹਿੰਮ ਨੂੰ ਉਦੋਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਰਾਮਪੁਰ ਵਿੱਚ ਇੱਕ ਭਰਵੀਂ ਮੀਟਿੰਗ ਦੌਰਾਨ ਹਲਕਾ ਘਨੌਰ ਤੋਂ ‘ਆਪ’ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਰਹੇ ਗੁਰਪ੍ਰੀਤ ਸਿੰਘ ਸੰਧੂ ਨਰੜੂ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਕਾਂਗਰਸ ਨਾਲ ਨਰਾਜ ਚੱਲ ਰਹੇ ਜ਼ਿਲ੍ਹਾ ਪਰਿਸ਼ਦ ਮੈਂਬਰ ਪਰਮਿੰਦਰ ਸਿੰਘ ਲਾਲੀ, ਜਥੇਦਾਰ ਹਰਨਾਥ ਸਿੰਘ ਜਲਾਲਪੁਰ ਅਤੇ ਲਖਵਿੰਦਰ ਸਿੰਘ ਬਿੱਟੂ ਨੇ ਵੀ ਜਲਾਲਪੁਰ ਦੇ ਹੱਕ ਵਿੱਚ ਡਟਣ ਦਾ ਐਲਾਨ ਕਰ ਦਿੱਤਾ।