ਪੰਜਾਬ ’ਚ ਵੰਡਪਾਊ ਤਾਕਤਾਂ ਕਦੇ ਕਾਮਯਾਬ ਨਹੀਂ ਹੋ ਸਕਦੀਆਂ: ਮੁੱਖ ਮੰਤਰੀ
ਪਟਿਆਲਾ ਵਿੱਚ ਕਰਵਾਏ ‘ਇੱਕ ਸ਼ਾਮ ਸ਼ਿਵ ਦੇ ਨਾਮ’ ਸਮਾਗਮ ਵਿੱਚ ਸ਼ਿਰਕਤ ਕੀਤੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਕਾਇਮ ਅਮਨ-ਸ਼ਾਂਤੀ, ਫ਼ਿਰਕੂ ਸਦਭਾਵਨਾ, ਆਪਸੀ ਭਾਈਚਾਰੇ ਅਤੇ ਸਾਂਝ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਪਟਿਆਲਾ ਵਿੱਚ ਕਰਵਾਏ ਇੱਕ ਸ਼ਾਮ ਸ਼ਿਵ ਦੇ ਨਾਮ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਅਜਿਹਾ ਸਮਾਨਤਾ-ਆਧਾਰਿਤ ਸਮਾਜ ਸਿਰਜਣ ਲਈ ਵਚਨਬੱਧ ਹੈ, ਜਿੱਥੇ ਸਾਰੇ ਧਰਮਾਂ ਦੇ ਲੋਕ ਆਪਸੀ ਸਤਿਕਾਰ, ਸਦਭਾਵਨਾ ਅਤੇ ਭਾਈਚਾਰੇ ਨਾਲ ਮਿਲ-ਜੁਲ ਕੇ ਰਹਿਣ। ਸ਼ਰਧਾਲੂਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹੀ ਉਪਜਾਊ ਧਰਤੀ ਹੈ ਜਿੱਥੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਬੀਜ ਪੁੰਗਰ ਸਕਦਾ ਹੈ। ਸਾਡੇ ਸੂਬੇ ਵਿੱਚ ਏਕਤਾ ਦੀ ਸਾਂਝ ਬਹੁਤ ਮਜ਼ਬੂਤ ਹੈ ਕਿਉਂਕਿ ਇੱਥੋਂ ਦੇ ਲੋਕ ਹਰ ਤਿਉਹਾਰ ਮਿਲ-ਜੁਲ ਕੇ ਮਨਾਉਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਭਰਵੀਂ ਸ਼ਮੂਲੀਅਤ ਸਰਕਾਰ ਦੇ ਉਨ੍ਹਾਂ ਦੀ ਹੋਰ ਵੱਧ ਸਮਰਪਣ ਭਾਵਨਾ ਨਾਲ ਸੇਵਾ ਕਰਨ ਦੇ ਸੰਕਲਪ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਫਿਰਕੂ ਸਦਭਾਵਨਾ ਅਤੇ ਆਜ਼ਾਦੀ ਦੀ ਧਰਤੀ ਹੈ ਅਤੇ ਵੰਡਪਾਊ ਤਾਕਤਾਂ ਇੱਥੇ ਕਦੇ ਵੀ ਕਾਮਯਾਬ ਨਹੀਂ ਹੋ ਸਕਦੀਆਂ। ਭਾਵੇਂ ਅੱਜ ਦਾ ਸਮਾਗਮ ਭਗਵਾਨ ਸ਼ਿਵ ਨੂੰ ਸਮਰਪਿਤ ਹੈ, ਪਰ ਇੱਥੇ ਹਰ ਧਰਮ ਦੇ ਲੋਕ ਇਕੱਠੇ ਹੋਏ ਹਨ, ਜੋ ਪੰਜਾਬ ਦੀ ਅਸਲ ਭਾਵਨਾ ਨੂੰ ਦਰਸਾਉਂਦਾ ਹੈ। ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ ਉਨ੍ਹਾਂ 19 ਟੌਲ ਪਲਾਜ਼ੇ ਬੰਦ ਕਰ ਦਿੱਤੇ ਹਨ। ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਲਗਭਗ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਤਕਰੀਬਨ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਕੋਈ ਕਮੀ ਨਾ ਰਹੇ।

