ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
ਪਟਿਆਲਾ 12 ਸਤੰਬਰ
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਵਿਚ ਨਸ਼ਿਆਂ ਦਾ ਲੱਕ ਤੋੜਨ ਲਈ ਪੰਜਾਬ ਸਰਕਾਰ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਜਿਸ ਤਹਿਤ ਬਹੁਤ ਸਾਰੇ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਤੇ ਨਸ਼ਾ ਛੁਡਾਉਣ ਲਈ ਨਸ਼ੇੜੀਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸ੍ਰੀ ਜੌੜਾਮਾਜਰਾ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਪਟਿਆਲਾ ਵੱਲੋਂ ਯੂਥ ਫੈਡਰੇਸ਼ਨ ਆਫ਼ ਇੰਡੀਆ, ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਅਭਿਆਨ ਮੁਹਿੰਮ ਤਹਿਤ ਸਾਕੇਤ ਹਸਪਤਾਲ ਵਿਚ ਪੁੱਜੇ ਸਨ। ਇਸ ਮੌਕੇ ਨਸ਼ਾ ਮੁਕਤੀ ਸਬੰਧੀ ਪੋਸਟਰ ਵੀ ਰਿਲੀਜ਼ ਕੀਤਾ ਗਿਆ। ਇੱਥੇ ਚੇਤਨ ਸਿੰਘ ਜੋੜੇਮਾਜਰਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਉਦਘਾਟਨ ਵਿਧਾਇਕ ਪਟਿਆਲਾ ਦਿਹਾਤੀ ਡਾਕਟਰ ਬਲਬੀਰ ਸਿੰਘ ਨੇ ਕੀਤਾ ਤੇ ਪ੍ਰਧਾਨਗੀ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਕੀਤੀ। ਇਸ ਮੌਕੇ ਸ੍ਰੀ ਜੋੜੇਮਾਜਰਾ ਨੇ ਕਿਹਾ ਕਿ ਨਸ਼ਿਆਂ ਦੇ ਵਿਰੁੱਧ ਪਿਛਲੀਆਂ ਸਰਕਾਰਾਂ ਨੇ ਕੁਝ ਵੀ ਨਹੀਂ ਕੀਤਾ, ਅਕਾਲੀ ਸਰਕਾਰ ਵਿਚ ਜਵਾਨ ਹੋਏ ਨਸ਼ਾ ਤਸਕਰਾਂ ਨੇ ਕਾਂਗਰਸ ਸਰਕਾਰ ਵਿਚ ਖ਼ੂਬ ਤਰੱਕੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਵੱਡੇ ਮਗਰ-ਮੱਛਾਂ ਨੂੰ ਨਕੇਲ ਪਾਈ ਜਾ ਰਹੀ ਹੈ। ਵਿਧਾਇਕ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਨਹੀਂ ਬਖ਼ਸ਼ੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ, ਕਸਬਿਆਂ ਵਿੱਚ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।