ਖੇਤਰ ਪ੍ਰਤੀਨਿਧ
ਪਟਿਆਲਾ, 10 ਅਗਸਤ
ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਅਤੇ ਸਿੱਧੀ ਭਰਤੀ ਅਧਿਆਪਕਾਂ ਸਮੇਤ ਹੋਰਨਾਂ ਕਰਮਚਾਰੀਆਂ ‘ਤੇ ਵਿਭਾਗੀ ਟੈਸਟ ਥੋਪਣ ਦੇ ਫ਼ੈਸਲੇ ਖਿਲਾਫ਼ ਉਪਜੇ ਰੋਸ ਦੇ ਚੱਲਦਿਆਂ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ (ਡੀਟੀਐੱਫ) ਦੇ ਸੱਦੇ ਉੱਤੇ ਪਟਿਆਲਾ ਜ਼ਿਲ੍ਹੇ ਦੇ ਸੈਂਕੜੇ ਸਕੂਲਾਂ ਵਿੱਚ ਸਾਲ 2018 ਦੇ ਅਧਿਆਪਕ ਵਿਰੋਧੀ ਨਿਯਮਾਂ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਮੌਕੇ ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ,ਜ਼ਿਲ੍ਹਾ ਪ੍ਰਧਾਨ ਅਤਿੰਦਰਪਾਲ ਘੱਗਾ ਹਾਜ਼ਰ ਸਨ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੱਦੇ ’ਤੇ ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਅਤੇ ਸਿੱਧੀ ਭਰਤੀ ਅਧਿਆਪਕਾਂ ਅਤੇ ਹੋਰਨਾਂ ਕਰਮਚਾਰੀਆਂ ’ਤੇ ਵਿਭਾਗੀ ਟੈਸਟ ਥੋਪਣ ਦੇ ਫ਼ੈਸਲੇ ਖ਼ਿਲਾਫ਼ ਬਲਾਕ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਅਧਿਆਪਕ ਵਿਰੋਧੀ ਸੇਵਾ ਨਿਯਮਾਂ ਦੀਆਂ ਕਾਪੀਆਂ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਡੀਟੀਐੱਫ ਦੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਖਨੌਰੀ, ਜਨਰਲ ਸਕੱਤਰ ਕੰਵਰਜੀਤ ਸਿੰਘ ਅਤੇ ਪ੍ਰੈੱਸ ਸਕੱਤਰ ਏਕਮ ਸਿੰਘ ਹਾਜ਼ਰ ਸਨ।
ਸਮਾਣਾ (ਪੱਤਰ ਪ੍ਰੇਰਕ): ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀਟੀਐੱਫ) ਦੇ ਸੱਦੇ ਉੱਤੇ ਅੱਜ ਇਥੇ ਸਕੂਲਾਂ ਵਿੱਚ ਸਾਲ 2018 ਦੇ ਅਧਿਆਪਕ ਵਿਰੋਧੀ ਨਿਯਮਾਂ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਮੌਕੇ ਅਤਿੰਦਰ ਘੱਗਾ ਤੇ ਰਾਜਿੰਦਰ ਸਮਾਣਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਪੁਰਾਣੀ ਸਰਕਾਰ ਦੇ ਰਾਹ ਤੁਰ ਪਈ ਹੈ।
ਪਾਤੜਾਂ (ਪੱਤਰ ਪ੍ਰੇਰਕ): ਇੱਥੇ ਅੱਜ ਬਲਾਕ ਪਾਤੜਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਤਾਲ, ਸ਼ੁਤਰਾਣਾ, ਦੁਗਾਲ, ਅਰਨੋ, ਗੁਲਾਹੜ ਸਮੇਤ ਸਰਕਾਰੀ ਹਾਈ ਸਕੂਲ ਬਣਵਾਲਾ, ਸਰਕਾਰੀ ਮਿਡਲ ਸਕੂਲ ਦਿਓਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਤੰਬੂਵਾਲਾ, ਨਾਈਵਾਲਾ, ਬਣਵਾਲਾ ,ਖਾਨੇਵਾਲ ਸਾਗਰਾ, ਤੇਈਪੁਰ, ਧੂਹੜ, ਪਾਤੜਾਂ ਵਿੱਚ ਅਧਿਆਪਕ ਵਿਰੋਧੀ ਨਿਯਮਾਂ ਦੀਆਂ ਕਾਪੀਆਂ ਫੂਕੀਆਂ।