ਖੇਤਰੀ ਪ੍ਰਤੀਨਿਧ
ਪਟਿਆਲਾ, 30 ਅਗਸਤ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਇਥੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਦੇ ਬਾਹਰ ਧਰਨਾ ਦੇ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਧਰਨੇ ਕਾਰਨ ਸਵੇਰ ਤੋਂ ਹੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸੇ ਦੌਰਾਨ ਕਿਸਾਨ ਆਰਾਮ ਨਾਲ ਮੋਤੀ ਮਹਿਲ ਦੇ ਮੁੱਖ ਗੇਟ ਤੱਕ ਅੱਪੜ ਗਏ ਜਿਥੇ ਉਨ੍ਹਾਂ ਨੇ ਅਰਥੀ ਫੂਕ ਮੁਜ਼ਾਹਰਾ ਕੀਤਾ। ਮਹਿਲ ਦੇ ਸਾਹਮਣੇ ਹੀ ਭਾਜਪਾ ਦੇ ਸੂਬਾਈ ਆਗੂ ਭੁਪੇਸ਼ ਅਗਰਵਾਲ ਦੇ ਘਰ ਅੱਗੇ ਵੀ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ।
ਕਿਸਾਨ ਯੂਨੀਅਨ ਅਨੁਸਾਰ ਲਖੀਮਪੁਰ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਗੱਡੀਆਂ ਥੱਲੇ ਦਰੜ ਕੇ ਸ਼ਹੀਦ ਕਰ ਦਿੱਤਾ ਗਿਆ ਸੀ ਤੇ ਅਸ਼ੀਸ਼ ਮਿਸ਼ਰਾ ਦੇ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਵੀ ਸੁਪਰੀਮ ਕੋਰਟ ਨੇ ਸਮੁੱਚੇ ਘਟਨਾਕ੍ਰਮ ਦਾ ਮੁੱਖ ਸਾਜ਼ਿਸ਼ਘਾੜਾ ਦੱਸਿਆ ਹੈ। ਇਸ ਲਈ ਉਸ ਨੂੰ ਬਰਖਾਸਤ ਕਰਕੇ ਜੇਲ੍ਹ ਭੇਜਿਆ ਜਾਵੇ। ਇਸ ਦੇ ਨਾਲ ਹੀ ਲਖੀਮਪੁਰ ਖੀਰੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਚਾਰ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਵੀ ਕੀਤੀ ਗਈ। ਇਸ ਸਬੰਧੀ ਡਿਪਟੀ ਕਮਿਸ਼ਨਰ ਅਤੇ ਐੱਸਡੀਐੱਮ ਦਫਤਰਾਂ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਵੀ ਭੇਜੇ ਗਏ। ਪਟਿਆਲਾ ’ਚ ਕਿਸਾਨਾਂ ਨੇ ਡੀਸੀ ਦਫਤਰ ਦੇ ਬਾਹਰ ਵੀ ਪ੍ਰਦਰਸ਼ਨ ਕੀਤਾ।
ਜ਼ਿਲ੍ਹਾ ਪ੍ਰਧਾਨ ਗੁਰਮੀਤ ਦਿੱਤੂਪੁਰ ਦੀ ਅਗਵਾਈ ਹੇਠਲੇ ਇਸ ਧਰਨੇ ’ਚ ਅਵਤਾਰ ਕੌਰਜੀਵਾਲਾ, ਸੁਖਵਿੰਦਰ ਤੁੱਲੇਵਾਲ, ਲਖਵਿੰਦਰ ਬਲਬੇੜਾ, ਟੇਕ ਸਿੰਘ ਅਸਰਪੁਰ, ਹਰਭਜਨ ਚੱਠਾ, ਸੁਖਵਿੰਦਰ ਲਾਲੀ, ਪਰਮਿੰਦਰ ਪੂਨੀਆ, ਕੁਲਦੀਪ ਸੁਨਿਆਰਹੇੜੀ, ਸਰਦੂਲ ਬੁੱਧਮੋਰ ਅਤੇ ਕੁਲਵੰਤ ਸਪੇੜਾ ਸ਼ਾਮਲ ਸਨ।
ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਇਕੱਠ 5 ਨੂੰ
ਸੰਯੁਕਤ ਕਿਸਾਨ ਮੋਰਚੇ ਦੇ ਸੂਬਾਈ ਪ੍ਰਧਾਨ ਦਰਸ਼ਨਪਾਲ ਅਤੇ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 5 ਸਤੰਬਰ ਨੂੰ ਪੰਜਾਬ ਦੇ ਮੰਤਰੀਆਂ ਦੇ ਘਰਾਂ ਅੱਗੇ ਇਕੱਠ ਕਰਕੇ ਕਿਸਾਨਾਂ ਨਾਲ ਕੀਤੇ ਵਾਅਦੇ ਯਾਦ ਕਰਵਾਏ ਜਾਣਗੇ।