ਬਹਾਦਰ ਸਿੰਘ ਮਰਦਾਂਪੁਰ
ਘਨੌਰ, 27 ਮਈ
ਸੂਬੇ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਕਸਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਲਾਲ ਘਨੌਰ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸੂਬੇ ਦੀ ਸਕੂਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਹੇਠਲੇ ਪੱਧਰ ’ਤੇ ਫੀਡਬੈਕ ਲੈਣ ਲਈ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਜਲਦ ਪੂਰਾ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਸਕੂਲ ਵਿੱਚ ਬੁਨਿਆਦੀ ਢਾਂਚਾ ਦੇਖਣ ਦੇ ਨਾਲ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਕਲਾਸ ਰੂਮਾਂ ਵਿੱਚ ਜਾ ਕੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਬੱਚਿਆਂ ਨੂੰ ਪਰੋਸਿਆ ਜਾਣ ਵਾਲਾ ਮਿਡ-ਡੇਅ ਮੀਲ ਸਕੀਮ ਵਾਲਾ ਖਾਣਾ ਵੀ ਚੈੱਕ ਕੀਤਾ। ਸਕੂਲ ਦੇ ਸਮੂਹ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਨੂੰ ਸਕੂਲ ਵਿੱਚ ਕਾਮਰਸ ਵਿਭਾਗ ਲਈ ਤੁਰੰਤ ਅਧਿਆਪਕ ਭੇਜੇ ਜਾਣ ਦੀ ਮੰਗ ਕੀਤੀ ਅਤੇ ਵਿਦਿਆਰਥੀਆਂ ਨੂੰ ਦਰਪੇਸ਼ ਖੇਡ ਮੈਦਾਨ ਦੀ ਘਾਟ ਦੀ ਸਮੱਸਿਆ ਤੋਂ ਜਾਣੂ ਕਰਵਾਇਆ। ਇਸ ਮੌਕੇ ਪ੍ਰਿੰਸੀਪਲ ਗੁਰਸ਼ਰਨ ਕੌਰ, ਵਿਪਨ ਕੁਮਾਰ, ਹਰਪ੍ਰੀਤ ਸਿੰਘ, ਕਿਰਨ ਬਾਲਾ, ਹਰਪਾਲ ਸਿੰਘ, ਗੁਰਮੁੱਖ ਸਿੰਘ ਪੰਡਤਾਂ, ਗੁਲਜ਼ਾਰ ਸਿੰਘ ਅਤੇ ਅਸ਼ਵਨੀ ਸਨੌਲੀਆਂ ਸਮੇਤ ਹੋਰ ਮੌਜੂਦ ਸਨ।