ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 16 ਜੁਲਾਈ
ਲੰਮੇ ਸਮੇਂ ਤੋਂ ਪੱਕੇ ਕਰਨ ਦੀ ਮੰਗ ਕਰਦੇ ਆ ਰਹੇ ਦਫ਼ਤਰੀ ਕਰਮਚਾਰੀਆਂ ਨੇ ਮੁੜ ਸਰਕਾਰ ਵਿਰੁੱਧ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਅੱਜ ਜ਼ਿਲ੍ਹਾ ਪਟਿਆਲਾ ਦੀ ਜ਼ੂਮ ਰਾਹੀਂ ਕੀਤੀ ਮੀਟਿੰਗ ’ਚ ਜਥੇਬੰਦੀ ਵੱਲੋਂ ਸੰਘਰਸ਼ ਕਰਨ ਦਾ ਫ਼ੈਸਲਾ ਲਿਆ ਗਿਆ। ਜਥੇਬੰਦੀ ਦੇ ਆਗੂ ਪ੍ਰਵੀਨ ਸ਼ਰਮਾ, ਚਮਕੌਰ ਸਿੰਘ, ਦਵਿੰਦਰਜੀਤ ਸਿੰਘ, ਹਰਦੇਵ ਸਿੰਘ, ਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਅਪਰੈਲ 2018 ਤੋਂ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਵਿਭਾਗ ਵਿਚ ਪੱਕਾ ਕਰ ਦਿੱਤਾ ਸੀ ਪ੍ਰੰਤੂ ਅਧਿਆਪਕਾਂ ਤੋਂ ਪਹਿਲਾ ਕੰਮ ਕਰ ਰਹੇ ਦਫ਼ਤਰੀ ਕਰਮਚਾਰੀਆ ਨੂੰ ਅਣਗੌਲਿਆ ਕੀਤਾ ਗਿਆ ਸੀ। ਆਗੂਆਂ ਨੇ ਕਿਹਾ ਕਿ ਜਦੋਂ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਅਹੁਦਾ ਸੰਭਾਲਿਆ ਹੈ ਉਸ ਸਮੇਂ ਤੋਂ ਹੀ ਮੁਲਾਜ਼ਮਾਂ ਨੂੰ ਭਰੋਸਾ ਦੇ ਰਹੇ ਕਿ ਜਲਦ ਹੀ ਰੈਗੂਲਰ ਕੀਤਾ ਜਾਵੇਗਾ ਪਰ ਕਈ ਕੈਬਿਨਟ ਮੀਟਿੰਗ ਨਿਕਲਣ ਦੇ ਬਾਵਜੂਦ ਮੁਲਾਜ਼ਮਾਂ ਨੂੰ ਪੱਕਾ ਨਹੀ ਕੀਤਾ ਗਿਆ। ਸਿੱਖਿਆ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਨੇ ਮੁਲਾਜ਼ਮਾਂ ਦੀਆ ਮੰਗਾਂ ਤੇ ਨਾ ਕੋਈ ਵਿਚਾਰ ਕੀਤਾ ਗਿਆ ਅਤੇ ਨਾ ਹੀ ਮੀਟਿੰਗ ਦਾ ਸਮਾਂ ਦਿੱਤਾ ਗਿਆ ਜਿਸ ਦੇ ਰੋਸ ਵਜੋਂ ਹੁਣ ਮੁਲਾਜ਼ਮ 20 ਜੁਲਾਈ ਨੂੰ ਸਿੱਖਿਆ ਮੰਤਰੀ ਦੇ ਘਰ ਅੱਗੇ ਸ਼ਾਤਮਈ ਮੁਜ਼ਾਹਰਾ ਕਰ ਕੇ ਸਿੱਖਿਆ ਮੰਤਰੀ ਨੂੰ ਵਾਅਦਾ ਯਾਦ ਕਰਵਾਉਣਗੇ।