ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 12 ਫਰਵਰੀ
ਨਗਰ ਕੌਂਸਲ ਦੀਆਂ ਚੋਣਾਂ ਲੜ ਰਹੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਦੇ ਅੰਤਿਮ ਦਿਨ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਪੀ.ਆਰ.ਟੀ.ਸੀ ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਦੂਆ, ਬਲਾਕ ਕਾਂਗਰਸ ਪ੍ਰਧਾਨ ਨਰਿੰਦਰ ਸ਼ਾਸਤਰੀ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਮਿਲਟੀ ਵੱਲੋਂ ਵਾਰਡ ਨੰ. 2, 8, 9, 10, 16, 24 ਅਤੇ 27 ਸਮੇਤ ਇੱਕ ਦਰਜਨ ਤੋਂ ਵੱਧ ਵਾਰਡਾਂ ਤੋਂ ਚੋਣ ਲੜ ਰਹੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਵਿਧਾਇਕ ਕੰਬੋਜ ਨੇ ਕਿਹਾ ਕਿ 31 ਵਾਰਡਾਂ ਵਿੱਚ ਪਾਰਟੀ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ, ਕਿਉਂਕਿ ਚੋਣਾਂ ਵਿਕਾਸ ਦੇ ਮੁੱਦੇ ਉਤੇ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਨਗਰ ਕੌਂਸਲ ਦੀ ਵਾਂਗ ਡੋਰ ਸਾਂਭ ਕੇ ਰਾਜਪੁਰਾ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਸਾਰੇ ਕਾਂਗਰਸੀ ਉਮੀਦਵਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਸਰਕਾਰ ਦੀਆਂ ਵਿਕਾਸ ਪੱਖੀ ਨੀਤੀਆਂ ਤੋਂ ਜਾਣੂ ਕਰਵਾਉਣ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਬਾਸਮਾ, ਸੰਮਤੀ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ ਅਤੇ ਯੋਗੇਸ਼ ਗੋਲਡੀ ਹੋਰਨਾਂ ਨੇ ਵਿਚਾਰ ਪ੍ਰਗਟ ਕੀਤੇ।