ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ
ਪੱਤਰ ਪ੍ਰੇਰਕ
ਪਟਿਆਲਾ, 29 ਜੂਨ
ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਸਾਂਝਾ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ ਜੂਨੀਅਰ ਇੰਜ, ਗਰਿੱਡ ਸਬ ਸਟੇਸ਼ਨ ਐਂਪਲਾਈਜ਼ ਯੂਨੀਅਨ ਅਤੇ ਹੋਰ ਯੂਨੀਅਨਾਂ ਦੇ ਸੱਦੇ ਤੇ ਹਜ਼ਾਰਾਂ ਬਿਜਲੀ ਮੁਲਾਜ਼ਮ 9 ਜੁਲਾਈ ਨੂੰ ਇਕ ਰੋਜ਼ਾ ਹੜਤਾਲ ’ਤੇ ਜਾਣਗੇ। ਐਂਪਲਾਈਜ਼ ਫੈਡਰੇਸ਼ਨ ਚਾਹਲ ਦੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਕਿਹਾ ਕਿ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਆਉਣ ਵਾਲੇ ਮਾਨਸੂਨ ਸੈਸ਼ਨ ਵਿੱਚ ਬਿਜਲੀ ਸੋਧ ਬਿਲ 2025 ਦੇ ਖਰੜੇ ਵਿੱਚ ਪ੍ਰਸਤਾਵਿਤ ਕੀਤਾ ਹੈ ਕਿ ਦੇਸ ਦੇ ਬਿਜਲੀ ਬੋਰਡ ਅਤੇ ਬਿਜਲੀ ਕੰਪਨੀਆਂ ਨੂੰ ਤੋੜ ਕੇ ਸਿੱਧੇ ਨਿੱਜੀ ਹੱਥਾਂ ਵਿੱਚ ਦਿੱਤਾ ਜਾਵੇਗਾ। ਇਸ ਨਾਲ ਬਹੁਕੌਮੀ ਕੰਪਨੀਆਂ ਇਨ੍ਹਾਂ ਅਦਾਰਿਆਂ ਨੂੰ ਖ਼ਰੀਦ ਕੇ ਬਿਜਲੀ ਨੂੰ ਮਹਿੰਗੇ ਭਾਅ ਵੇਚਣਗੇ। ਜਿਸ ਨਾਲ ਬਿਜਲੀ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਵੇਗਾ, ਨਿੱਜੀ ਅਦਾਰੇ ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰਵਾ ਕੇ ਮੁਲਾਜ਼ਮਾਂ ਅਤੇ ਵਰਕਰਾਂ ਦੇ ਹਿੱਤਾਂ ਦੀ ਅਣਦੇਖੀ ਕਰਨਗੇ, ਜਿਸ ਨਾਲ ਆਮ ਮੁਲਾਜ਼ਮਾਂ ’ਤੇ ਕੰਮ ਦਾ ਭਾਰ ਵਧੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ 44 ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਬਣਾਉਣ ਲਈ ਤਤਪਰ ਹੈ। ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਦੇਸ ਵਿੱਚ ਲਾਗੂ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਟੂਲ ਵਜੋਂ ਕੰਮ ਕਰ ਰਹੀ ਹੈ। ਬਿਜਲੀ ਮੁਲਾਜ਼ਮ 8 ਜੁਲਾਈ ਤੱਕ ਵਰਕ ਟੂ ਰੂਲ ਅਨੁਸਾਰ ਕੰਮ ਕਰਨਗੇ।