ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰੇ
ਇੱਥੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਪੰਜਾਬ ਸਰਕਾਰ ਵੱਲੋਂ ਵਾਰ ਵਾਰ ਫਰੰਟ ਦੇ ਆਗੂਆਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗਾਂ ਮੁਲਤਵੀ ਕਰਨ ਦੇ ਖਿਲਾਫ ਰੋਸ ਪ੍ਰਗਟ ਕਰਨ ਵਾਸਤੇ ਰੋਸ ਧਰਨਾ ਅਤੇ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਸੁਖਦੇਵ ਚੰਗਾਲੀਵਾਲਾ, ਸਤਨਾਮ ਸਿੰਘ ਤੇ ਛੱਜੂ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਮੰਤਰੀ ਪੰਜਾਬ 7 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਅਗਵਾਈ ਕਰਦੇ ਸਾਂਝੇ ਫਰੰਟ ਨੂੰ ਵਾਰ ਵਾਰ ਮੀਟਿੰਗਾਂ ਦੇ ਕੇ ਮੁੱਕਰ ਰਹੇ ਹਨ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਸੋਧੀ ਜਾਵੇ, 13 ਫੀਸਦੀ ਡੀਏ ਅਤੇ ਬਕਾਇਆ ਤੁਰੰਤ ਦਿੱਤਾ ਜਾਵੇ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਮੰਗੂ, ਰਿਸ਼ੀਪਾਲ, ਨਰੇਸ਼ ਕੁਮਾਰ, ਫ਼ੀਲਡ ਵਰਕਰ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਭੱਠਲ, ਸੋਮਦੱਤ ਅੰਦਾਨਾ, ਮਿੰਟੂ ਗੁਰਨੇ ਤੇ ਰਾਮਗੋਪਾਲ ਸ਼ਰਮਾ ਆਦਿ ਨੇ ਸੰਬੋਧਨ ਕੀਤਾ। ਇਸੇ ਤਰ੍ਹਾਂ ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜਨੀਅਰਜ਼, ਪਾਵਰਕਾਮ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਪੰਜਾਬ ਅਤੇ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਪਾਵਰਕੌਮ ਟਰਾਂਸਕੋ ਦੇ ਸਾਂਝੇ ਫ਼ੈਸਲੇ ਅਨੁਸਾਰ ਅੱਜ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮਨੇਜਮੈਟ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਸਰਕਾਰ ’ਤੇ ਮੰਗਾਂ ਨਾ ਮੰਨਣ ਦੇ ਦੋਸ਼ ਲਾਏ। ਮੁਜ਼ਾਹਰੇ ਨੂੰ ਸੂਬਾਈ ਆਗੂ ਪੂਰਨ ਸਿੰਘ ਖਾਈ, ਦਵਿੰਦਰ ਸਿੰਘ, ਮਹਿੰਦਰ ਸਿੰਘ, ਜੰਗੀਰ ਸਿੰਘ, ਰਾਮ ਚੰਦਰ ਸਿੰਘ ਖਾਈ ਤੇ ਗੁਰਮੀਤ ਸਿੰਘ ਆਦਿ ਨੇ ਸੰਬੋਧਨ ਕੀਤਾ।
ਐੱਸਡੀਐੱਮ ਦਫ਼ਤਰ ਅੱਗੇ ਮੁਜ਼ਾਹਰਾ
Advertisementਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਦਿ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਅਤੇ ਪਾਵਰਕੌਮ ਟਰਾਂਸਕੋ ਪੈਨਸ਼ਨ ਯੂਨੀਅਨ ਦੇ ਕਾਰਕੁਨਾਂ ਨੇ ਅੱਜ ਆਪਣੀਆਂ ਮੰਗਾਂ ਮੰਨਵਾਉਣ ਲਈ ਸਥਾਨਕ ਐੱਸਡੀਐੱਮ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਇਸ ਮੌਕੇ ਪੰਜਾਬ ਸਰਕਾਰ ਦੀ ਅਰਥੀ ਸਾੜਦਿਆਂ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਰਾਮ ਸਰੂਪ ਢੈਪਈ ਅਤੇ ਸੁਰਿੰਦਰ ਸਿੰਘ ਦੀ ਸਾਂਝੀ ਅਗਵਾਈ ਹੇਠ ਇਕੱਤਰ ਹੋਏ ਇਨ੍ਹਾਂ ਕਾਰਕੁਨਾਂ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਅਤੇ ਜਥੇਬੰਦੀ ਨੂੰ ਵਾਰ ਵਾਰ ਗੱਲਬਾਤ ਦਾ ਸਮਾਂ ਦੇ ਕੇ ਮੀਟਿੰਗਾਂ ਕੈਂਸਲ ਕਰਨ ਦੇ ਰੋਸ ਜਤਾਇਆ। ਇਸ ਮੌਕੇ ਸੰਬੋਧਨ ਕਰਦਿਆਂ ਜੀਤ ਸਿੰਘ ਬੰਗਾ, ਬਲਵਿੰਦਰ ਸਿੰਘ ਜਿਲ੍ਹੇਦਾਰ, ਪਵਨ ਕੁਮਾਰ ਸ਼ਰਮਾ, ਦਰਸਨ ਸਿੰਘ ਥਾਣੇਦਾਰ, ਜਗਦੇਵ ਸਿੰਘ ਬਾਹੀਆ, ਪ੍ਰਿਤਪਾਲ ਸਿੰਘ ਮਹਿਰੋਕ, ਕੁਲਦੀਪ ਸ਼ਰਮਾ ਤੇ ਧਰਮ ਸਿੰਘ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਰਵੱਈਏ ਅਤੇ ਨੀਤੀਆਂ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ।