ਪੱਤਰ ਪ੍ਰੇਰਕ
ਪਟਿਆਲਾ, 2 ਨਵੰਬਰ
ਪੰਜਾਬ ਦੇ ਖੇਡਾਂ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫ਼ਤਰ ਪੁੱਜ ਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜੋ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ ਹਨ, ਉਸ ਰਾਹੀਂ ਨੌਜਵਾਨ ਵਰਗ ਵਿੱਚ ਖੇਡਾਂ ਲਈ ਉਤਸ਼ਾਹ ਪੈਦਾ ਹੋਇਆ ਹੈ ਅਤੇ ਇਨ੍ਹਾਂ ਖੇਡਾਂ ਵਿੱਚ ਲੱਖਾਂ ਹੀ ਬੱਚਿਆ ਨੇ ਭਾਗ ਲੈ ਕੇ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਵੰਬਰ ਮਹੀਨਾ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੋਵੇਗਾ, ਜਿਸ ਰਾਹੀਂ ਮਹੀਨਾਭਰ ਵੱਖ-ਵੱਖ ਸ਼ਹਿਰਾਂ ਵਿੱਚ ਪੰਜਾਬੀ ਮਾਂ ਬੋਲੀ ’ਤੇ ਸਮਾਗਮ ਕਰਵਾਏ ਜਾਣਗੇ।