ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ
ਸ਼ਹੀਦਾਂ ਦੇ ਇਤਿਹਾਸ ਨੂੰ ਸਾਂਭਣਾ ਵੱਡੀ ਜ਼ਿੰਮੇਵਾਰੀ: ਸੁਖਦੇਵ ਸਿੰਘ ਸੋਹਲ
Advertisement
ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਗਿਆਨ ਵਿਭਾਗ ਵਿੱਚ ਸਥਾਪਤ ਸ਼ਹੀਦ ਊਧਮ ਸਿੰਘ ਚੇਅਰ ਵੱਲੋਂ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਵਿਭਾਗ ਮੁਖੀ ਅਤੇ ਚੇਅਰ ਦੇ ਇੰਚਾਰਜ ਡਾ. ਪਰਮਜੀਤ ਕੌਰ ਗਿੱਲ ਨੇ ਦੱਸਿਆ ਕਿ ‘ਸ਼ਹੀਦ ਊਧਮ ਸਿੰਘ: ਸਵੈ-ਮਾਣ ਅਤੇ ਆਜ਼ਾਦੀ ਦਾ ਮੁਜੱਸਮਾ’ ਵਿਸ਼ੇ ’ਤੇ ਕਰਵਾਏ ਇਸ ਸਿੰਪੋਜ਼ੀਅਮ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਰਿਟਾਇਰਡ ਪ੍ਰੋਫੈਸਰ ਡਾ. ਸੁਖਦੇਵ ਸਿੰਘ ਸੋਹਲ ਨੇ ਮੁੱਖ ਬੁਲਾਰੇ ਵਜੋਂ ਅਤੇ ਉੱਘੇ ਲੇਖਕ ਡਾ. ਲਖਵਿੰਦਰ ਸਿੰਘ ਜੌਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਇਸ ਮੌਕੇ ਸੋਸ਼ਲ ਸਾਇੰਸਜ਼ ਫੈਕਲਟੀ ਦੇ ਡੀਨ ਡਾ. ਜਸਵਿੰਦਰ ਸਿੰਘ ਬਰਾੜ ਵੀ ਹਾਜ਼ਰ ਰਹੇ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਕਿਹਾ, ‘‘ਅਸੀਂ ਬਹੁਤ ਖ਼ੁਸ਼ਕਿਸਮਤ ਹੈ ਕਿ ਅਸੀਂ ਆਜ਼ਾਦ ਦੇਸ਼ ਵਿੱਚ ਜਨਮ ਲਿਆ ਹੈ। ਇਸ ਦਾ ਸਿਹਰਾ ਸਾਡੇ ਸ਼ਹੀਦਾਂ ਨੂੰ ਹੀ ਜਾਂਦਾ ਹੈ।’’ ਡਾ. ਸੁਖਦੇਵ ਸਿੰਘ ਸੋਹਲ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਇਸ ਗੱਲ ’ਤੇ ਚਿੰਤਾ ਜ਼ਾਹਿਰ ਕੀਤੀ ਕਿ ਸ਼ਹੀਦ ਊਧਮ ਸਿੰਘ ਨੂੰ ਆਜ਼ਾਦੀ ਦੇ ਬਾਅਦ ਲਿਖੇ ਸਿੱਖ ਇਤਿਹਾਸ ’ਚੋਂ ਗ਼ਾਇਬ ਰੱਖਿਆ ਗਿਆ। ਇਸ ਲਈ ਉਨ੍ਹਾਂ ਬਾਰੇ ਇਤਿਹਾਸ ਨੂੰ ਸੰਭਾਲਣ ਦੀ ਸਾਡੀ ਪੀੜ੍ਹੀ ਦੀ ਵੱਡੀ ਜ਼ਿੰਮੇਵਾਰੀ ਬਣ ਜਾਂਦੀ ਹੈ। ਡਾ. ਲਖਵਿੰਦਰ ਸਿੰਘ ਜੌਹਲ ਨੇ ’ਤੇ ਚਿੰਤਾ ਜ਼ਾਹਿਰ ਕੀਤੀ ਕਿ ਬਹੁਤ ਸਾਰੇ ਨਾਇਕਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ। ਡਾ. ਪਰਮਜੀਤ ਕੌਰ ਗਿੱਲ ਨੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਸ਼ਹੀਦ ਊਧਮ ਸਿੰਘ ਚੇਅਰ ਦੁਆਰਾ ਕੀਤੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਪ੍ਰੋ. ਜਸਵਿੰਦਰ ਬਰਾੜ ਵੱਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ।
Advertisement
Advertisement