ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 25 ਮਈ
ਇਤਿਹਾਸਕ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਗੁਰੂ ਅਮਰ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧ ‘ਚ ਗੁਰਦੁਆਰਾ ਸਾਹਿਬ ਵਿੱਚ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸੇ ਤਰ੍ਹਾਂ ਹੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗਰੂ ਨਾਨਕ ਨਗਰ ਗਲੀ ਨੰਬਰ 18 ਦੇ ਗੁਰੂਦੁਆਰਾ ਸਿੰਘ ਸਭਾ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਕਰੋਨਾ ਮਹਾਮਾਰੀ ਜਲਦੀ ਖਤਮ ਹੋਣ ਅਤੇ ਸੰਗਤਾ ਦੀ ਚੜਦੀਕਲਾ ਅਤੇ ਭਲੇ ਦੀ ਅਰਦਾਸ ਕੀਤੀ ਗਈ।
ਸੰਗਰੂਰ (ਪੱਤਰ ਪ੍ਰੇਰਕ): ਗੁਰਦੁਆਰਾ ਗੋਬਿੰਦਪੁਰਾ ਸੰਗਰੂਰ ਵਿੱਚ ਤੀਜੇ ਪਾਤਸ਼ਾਹ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸੰਖੇਪ ਰੂਪ ਵਿਚ ਸ਼ਰਧਾ ਨਾਲ ਮਨਾਇਆ ਗਿਆ| ਇਸ ਮੌਕੇ ਭਾਈ ਸੁਰਿੰਦਰਪਾਲ ਸਿੰਘ ਸਿਦਕੀ ਅਤੇ ਅਰਵਿੰਦਰ ਸਿੰਘ ਹਜ਼ੂਰੀ ਦੇ ਜਥੇ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਰਸ ਭਿੰਨਾ ਕੀਰਤਨ ਕੀਤਾ|
ਇਸ ਮੌਕੇ ਭਾਈ ਭੋਲਾ ਹੈੱਡ ਗ੍ਰੰਥੀ ਨੇ ਗੁਰੂ ਸਾਹਿਬ ਦੇ ਜੀਵਨ ਤੋਂ ਮਿਲਦੇ ਸਿਧਾਤਾਂ ਸੇਵਾ ਸਿਮਰਨ, ਹੁਕਮ ਦੀ ਪਾਲਣਾ, ਸੰਗਤ ਪੰਗਤ, ਗੋਇੰਦਵਾਲ ਤੇ ਬਾਊਲੀ ਸਬੰਧੀ ਦਸਦਿਆਂ ਸੰਗਤਾਂ ਨੂੰ ਕਰਮਕਾਂਡਾ ਤੋਂ ਸੁਚੇਤ ਹੋ ਕੇ ਗੁਰਬਾਣੀ ਦੇ ਸੰਦੇਸ਼ਾਂ ਨੂੰ ਅਪਣਾਉਣ ਦੀ ਪ੍ਰੇਰਨਾ ਦਿੱਤੀ| ਇਸ ਧਾਰਮਿਕ ਸਮਾਗਮ ਦੌਰਾਨ ਜਗਜੀਤ ਸਿੰਘ, ਗੁਰਬਖਸ਼ ਸਿੰਘ, ਕਰਮਜੀਤ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ|
ਰਾਜਪੁਰਾ (ਪੱਤਰ ਪ੍ਰੇਰਕ): ਇਥੋਂ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਮਹਿੰਦਰਗੰਜ ਅਤੇ ਗੁਰਦੁਆਰਾ ਜਪੁ ਸਾਹਿਬ ਗੋਬਿੰਦ ਕਲੋਨੀ ਦੀ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਕਰਕੇ ਤੀਜੀ ਪਾਤਸ਼ਾਹੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ’ਤੇ ਗੁਰਦੁਆਰਾ ਸਾਹਿਬ ਵਿੱਚ ਕਥਾ ਕੀਰਤਨ ਦਰਬਾਰ ਸਜਾਏ ਗਏ। ਕਥਾ ਕੀਰਤਨੀ ਜਥਿਆਂ ਨੇ ਕਥਾ ਕੀਰਤਨ ਦੁਆਰਾ ਸੰਗਤ ਨੁੂੰ ਨਿਹਾਲ ਕਰਦਿਆਂ ਗੁਰੂ ਅਮਰਦਾਸ ਜੀ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰ ਵਿਸਥਾਰ ਪੂਰਵਕ ਚਾਨਣਾਂ ਪਾਇਆ ਗਿਆ।
ਘਨੌਰ (ਪੱਤਰ ਪ੍ਰੇਰਕ): ਇਸ ਖੇਤਰ ਵਿੱਚ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪਿੰਡ ਮਰਦਾਂਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਇਸ ਪਵਿੱਤਰ ਦਿਹਾੜੇ ’ਤੇ ਭਾਈ ਪਰਮਜੀਤ ਸਿੰਘ ਵੱਲੋਂ ਕਥਾ ਕੀਤੀ ਗਈ ਅਤੇ ਗੁਰੂ ਅਮਰਦਾਸ ਜੀ ਦੀਆਂ ਸਿੱਖਿਆਵਾਂ ਤੇ ਜੀਵਨ ਬਾਰੇ ਚਾਨਣਾਂ ਪਾਇਆ ਗਿਆ। ਉਨ੍ਹਾਂ ਸੰਗਤ ਨੂੰ ਗੁਰੂ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ। ਇਸੇ ਦੌਰਾਨ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਤੀਜੀ ਨਥਾਣਾ ਸਾਹਿਬ ਜੰਡ ਮੰਗੌਲੀ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ ਅਤੇ ਕਥਾ ਕੀਰਤਨ ਦਰਬਾਰ ਸਜਾਏ ਗਏ। ਇਸ ਪਵਿੱਤਰ ਦਿਹਾੜੇ ’ਤੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਵੱਡੀ ਗਿਣਤੀ ਸੰਗਤ ਨੇ ਇਸ਼ਨਾਨ ਕੀਤਾ।