ਖੇਤਰੀ ਪ੍ਰਤੀਨਿਧ
ਪਟਿਆਲਾ, 15 ਅਕਤੂਬਰ
ਪੰਜਾਬ ਸਰਕਾਰ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਵਧੇਰੇ ਗਤੀਵਿਧੀਆਂ ਨੂੰ ਇਜਾਜ਼ਤ ਦੇਣ ਦੇ ਫੈਸਲੇ ਤਹਿਤ ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਨੇ ਕਿਹਾ ਹੈ ਕਿ ਬੇਸ਼ੱਕ ਕੋਵਿਡ ਦੇ ਮਾਮਲੇ ਘੱਟ ਰਹੇ ਹਨ, ਪ੍ਰੰਤੂ ਇਸ ਮਹਾਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਲਾਜ਼ਮੀ ਵਰਤੀਆਂ ਜਾਣ। ਉਨ੍ਹਾਂ ਵੱਲੋਂ ਜਾਰੀ ਨਵੇਂ ਹੁਕਮਾਂ ਮੁਤਾਬਕ ਕੁਝ ਸ਼ਰਤਾਂ ਤਹਿਤ ਆਨਲਾਈਨ /ਦੂਰਵਰਤੀ ਸਿੱਖਿਆ ਨੂੰ ਤਰਜੀਹ ਦੇਣ ਅਤੇ ਉਤਸ਼ਾਹਿਤ ਕਰਨ ਤਹਿਤ ਪੜਾਅਵਾਰ ਢੰਗ ਨਾਲ ਸਕੂਲ ਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਸਿਰਫ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਾਪਿਆਂ ਦੀ ਸਹਿਮਤੀ ਨਾਲ ਸਕੂਲ/ ਸੰਸਥਾਵਾਂ ’ਚ ਜਾਣ ਦੀ ਆਗਿਆ ਹੋਵੇਗੀ। ਹਾਜ਼ਰੀ ਲਾਜ਼ਮੀ ਬਣਾਏ ਬਿਨਾਂ ਇਹ ਪੂਰੀ ਤਰ੍ਹਾਂ ਮਾਪਿਆਂ ਦੀ ਸਹਿਮਤੀ ’ਤੇ ਨਿਰਭਰ ਹੋਣਾ ਚਾਹੀਦਾ ਹੈ। ਜਿਹੜੇ ਸਕੂਲਾਂ ਨੂੰ 15 ਅਕਤੂਬਰ ਤੋਂ ਬਾਅਦ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ, ਨੂੰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਸਲਾਹ-ਮਸ਼ਵਰੇ ਰਾਹੀਂ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਜਾਣ ਵਾਲੀ ਨਿਰਧਾਰਤ ਐੱਸਓਪੀਜ਼ ਦੀ ਲਾਜ਼ਮੀ ਤੌਰ ’ਤੇ ਪਾਲਣਾ ਕਰਨੀ ਹੋਵੇਗੀ। ਪ੍ਰਯੋਗਸ਼ਾਲਾਵਾਂ/ਪ੍ਰਯੋਗਾਤਮਕ ਕਾਰਜਾਂ ਦੀ ਜ਼ਰੂਰਤ ਅਨੁਸਾਰ ਸਿਰਫ਼ ਖੋਜ ਵਿਦਵਾਨਾਂ ਤੇ ਸਾਇੰਸ ਅਤੇ ਤਕਨਾਲੋਜੀ ਸਟ੍ਰੀਮ ਦੇ ਪੋਸਟਗ੍ਰੈਜੂਏਟ ਵਿਦਿਆਰਥੀਆਂ ਲਈ ਉੱਚ ਵਿੱਦਿਅਕ ਸੰਸਥਾਵਾਂ ਅੱਜ ਤੋਂ ਬਾਅਦ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਯੂਨੀਵਰਸਿਟੀਆਂ ਨੂੰ ਵੀ ਪ੍ਰਯੋਗਸ਼ਾਲਾਵਾਂ /ਪ੍ਰਯੋਗਾਤਮਕ ਲੋੜਾਂ ਅਨੁਸਾਰ ਕੇਵਲ ਖੋਜ ਵਿਦਵਾਨਾਂ ਅਤੇ ਸਾਇੰਸ ਤੇ ਤਕਨਾਲੋਜੀ ਸਟ੍ਰੀਮ ਦੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਲਈ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਖਿਡਾਰੀਆਂ ਲਈ ਵਰਤੇ ਜਾਂਦੇ ਤੈਰਾਕੀ ਪੂਲ ਨੂੰ ਭਾਰਤ ਸਰਕਾਰ ਦੇ ਯੁਵਕ ਮਾਮਲਿਆਂ ਤੇ ਖੇਡ ਮੰਤਰਾਲੇ ਵੱਲੋਂ ਜਾਰੀ ਕੀਤੇ ਜਾਣ ਵਾਲੇ ਐੱਸਓਪੀਜ਼ ਅਨੁਸਾਰ 15 ਅਕਤੂਬਰ ਤੋਂ ਬਾਅਦ ਖੋਲ੍ਹਣ ਦੀ ਆਗਿਆ ਹੈ।