ਕਰਜੇ, ਬਿਜਲੀ ਬਿੱਲਾਂ ਦੀ ਮੁਆਫ਼ਤੇ ਹੋਰ ਮੰਗਾ ਦੀ ਪੂਰਤੀ ਤੱਕ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ
ਸਰਬਜੀਤ ਸਿੰਘ ਭੰਗੂ
ਪਟਿਆਲਾ 12 ਸਤੰਬਰ (ਖੇਤਰੀ ਪ੍ਰਤੀਨਿਧ)
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ’ਤੇ ਆਪਣੀਆਂ ਮੰਗਾਂ ਦੀ ਪੂਰਤੀ ਯਕੀਨੀ ਬਣਾਓਣ ਦੇ ਤਹੱਈਏ ਵਜੋਂ ਪੰਜਾਬ ਭਰ ਚੋਂ ਹਜ਼ਾਰਾਂ ਪੁਰਸ਼ ਅਤੇ ਮਹਿਲਾ ਮਜ਼ਦੂਰਾਂ ਵੱਲੋਂ 13 ਸਤੰਬਰ ਮੁੱਖ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਸਾਂਝੇ ਮੋਰਚੇ ਦੇ ਆਗੂ ਲਛਮਣ ਸੇਵੇਵਾਲਾ, ਕਸ਼ਮੀਰ ਘੁੱਗਸੋਰ ਤੇ ਬਲਦੇਵ ਨੂਰਪੁਰੀ ਨੇ ਦੱਸਿਆ ਕਿ ਇਹ ਸੰਘਰਸ਼ ਕਰਜ਼ੇ ਤੇ ਬਿਜਲੀ ਬਿੱਲਾਂ ਦੀ ਮੁਆਫ਼ੀ, ਰੁਜ਼ਗਾਰ ਗਰੰਟੀ, ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਨ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਕਿਰਤ ਕਾਨੂੰਨਾਂ ਵਿੱਚ ਕੀਤੀਆਂ ਮਜ਼ਦੂਰ ਦੋਖੀ ਸੋਧਾਂ ਰੱਦ ਕਰਨ,ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ ‘ਤੇ ਦੇਣ , ਜ਼ਮੀਨਾਂ ਦੀ ਕਾਣੀ ਵੰਡ ਖ਼ਤਮ ਕਰਨ ਅਤੇ ਦਲਿਤਾਂ ‘ਤੇ ਜ਼ਬਰ ਬੰਦ ਕਰਨ ਆਦਿ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ ਹੈ।
ਘਿਰਾਓ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਸਭਾ ਦੀ ਜਨਰਲ ਸਕੱਤਰ ਦੇਵੀ ਕੁਮਾਰੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਬਬਲੀ ਅਟਵਾਲ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਸਮਾਓ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਰਸੇਮ ਪੀਟਰ, ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੰਜੀਵ ਮਿੰਟੂ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਾ ਸਿਰਫ ਚੋਣਾਂ ਦੌਰਾਨ ਮਜ਼ਦੂਰਾਂ ਨਾਲ਼ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਗਈ ਹੈ, ਸਗੋਂ 25 ਅਗਸਤ ਨੂੰ ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਨਾਲ਼ ਕੀਤੀ ਮੀਟਿੰਗ ਦੌਰਾਨ ਕੀਤੇ ਗਏ ਵਾਅਦਿਆਂ ’ਤੇ ਵੀ ਖਰੀ ਨਹੀਂ ਉੱਤਰੀ।
ਉਧਰ ਘਿਰਾਓ ਦੇ ਇਸ ਪ੍ਰੋਗਰਾਮ ਦੇ ਤਹਿਤ ਪੁਲੀਸ ਵੱਲੋਂ ਵੀ ਸਖਤ ਸੁਰੱਖਿਆ ਪ੍ਰਬੰਧਾਂ ਵਜੋਂ ਪਟਿਆਲਾ ਸਮੇਤ ਕੁਝ ਹੋਰਨਾ ਜ਼ਿਲਿ੍ਹਆਂ ਤੋਂ ਵੀ ਪੁਲੀਸ ਫੋਰਸ ਮੰਗਵਾਈ ਲਈ ਗਈ ਹੈ। ਪੁਲੀਸ ਦਾ ਟੀਚਾ ਕਿਸੇ ਵੀ ਸੂਰਤ ’ਚ ਕਿਸੇ ਵੀ ਪ੍ਰਦਰਸ਼ਨਕਾਰੀ ਨੂੰ ਮੋਤੀ ਮਹਿਲ ਤੱਕ ਨਾ ਅੱਪੜਨ ਦੇਣ ਦਾ ਹੈ।ਐਸਐਸਪੀ ਡਾ. ਸੰਦੀਪ ਗਰਗ (ਆਈਪੀਐਸ) ਦਾ ਕਹਿਣਾ ਸੀ ਕਿ ਪੁਲੀਸ ਵੱਲੋਂ ਲੋੜੀਂਦੇ ਸੁੱਰਖਿਆ ਪ੍ਰਬੰਧ ਕੀਤੇ ਜਾ ਰਹੇ ਹਨ।