ਯੂਰੀਆ ਖਾਦ ਦੀ ਘਾਟ ਕਾਰਨ ਕਿਸਾਨ ਭੜਕੇ
ਖੇਤੀਬਾੜੀ ਅਫ਼ਸਰ ਤੇ ਐੱਸ ਡੀ ਐੱਮ ਨੂੰ ਮੰਗ ਪੱਤਰ ਸੌਂਪਿਆ
Advertisement
ਇੰਡੀਅਨ ਫਾਰਮਰਜ਼ ਐਸੋਸੀਏਸ਼ਨ (ਬਹਿਰੂ) ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਯੂਰੀਆ ਖਾਦ ਦੀ ਕਮੀ ’ਤੇ ਚਿੰਤਾ ਜ਼ਾਹਿਰ ਕਰਦਿਆਂ ਸਥਾਨਕ ਖੇਤੀਬਾੜੀ ਅਫ਼ਸਰ ਅਤੇ ਐੱਸ ਡੀ ਐੱਮ ਰਾਜਪੁਰਾ ਨੂੰ ਮੰਗ ਪੱਤਰ ਸੌਂਪਿਆ। ਕਿਸਾਨਾਂ ਦੱਸਿਆ ਕਿ ਬਿਜਾਈ ਦੇ ਮੁੱਖ ਸੀਜ਼ਨ ਵਿੱਚ ਯੂਰੀਆ ਨਾ ਮਿਲਣ ਕਾਰਨ ਫ਼ਸਲਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਕਿਸਾਨੀ ਖ਼ਰਚੇ ਅਤੇ ਉਤਪਾਦਨ ’ਤੇ ਸਿੱਧਾ ਪ੍ਰਭਾਵ ਪੈ ਰਿਹਾ ਹੈ। ਘਨੌਰ ਬਲਾਕ ਦੇ ਪ੍ਰਧਾਨ ਨਵਤੇਜ ਸਿੰਘ ਉਕਸੀ ਦੀ ਅਗਵਾਈ ਹੇਠ ਕਿਸਾਨਾਂ ਦੇ ਵਫ਼ਦ ਨੇ ਪ੍ਰਸ਼ਾਸਨ ਸਾਹਮਣੇ ਆਪਣੀਆਂ ਸਮੱਸਿਆਵਾਂ ਰੱਖੀਆਂ ਅਤੇ ਮੰਗ ਕੀਤੀ ਕਿ ਯੂਰੀਆ ਖਾਦ ਦੀ ਸਪਲਾਈ ਤੁਰੰਤ ਬਹਾਲ ਕੀਤੀ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਖਾਦ ਡੀਲਰ ਜਾਣ-ਬੁੱਝ ਕੇ ਜਮ੍ਹਾਂਖ਼ੋਰੀ ਕਰ ਰਹੇ ਹਨ, ਜਿਸ ਕਾਰਨ ਕਿਸਾਨ ਖਾਦ ਤੋਂ ਵਾਂਝੇ ਹਨ। ਕਿਸਾਨਾਂ ਨੇ ਮੰਗ ਕੀਤੀ ਕਿ ਇਸ ਜਮ੍ਹਾਖ਼ੋਰੀ ਦੀ ਨਿਰਪੱਖ ਪੜਤਾਲ ਕੀਤੀ ਜਾਵੇ ਅਤੇ ਡੀਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਮਾਮਲੇ ਦੀ ਤੁਰੰਤ ਜਾਂਚ ਕਰ ਕੇ ਯੂਰੀਆ ਦੀ ਸਪਲਾਈ ਜਲਦ ਸੁਚਾਰੂ ਬਣਾਈ ਜਾਵੇਗੀ। ਐੱਸ ਡੀ ਐੱਮ ਨੇ ਕਿਹਾ ਕਿ ਕਿਸਾਨਾਂ ਦੀ ਚਿੰਤਾ ਵਾਜਬ ਹੈ ਤੇ ਇਸ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ।
Advertisement
Advertisement
