ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 14 ਸਤੰਬਰ
ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਖ਼ਿਲਾਫ਼ 15 ਸਤੰਬਰ ਨੂੰ ਕਿਸਾਨ ਜਥੇਬੰਦੀਆਂ, ਆੜ੍ਹਤੀਆਂ ਤੇ ਵਪਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਸੜਕੀ ਆਵਾਜਾਈ ਠੱਪ ਕਰਨ ਸਬੰਧੀ ਤਿਆਰੀ ਮੀਟਿੰਗ ਇੱਥੋਂ ਦੀ ਅਨਾਜ ਮੰਡੀ ਵਿੱਚ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਲਾਡਾ ਦੀ ਅਗਵਾਈ ’ਚ ਹੋਈ। ਜਿਸ ਵਿੱਚ ਆੜ੍ਹਤੀ ਐਸੋਸੀਏਸ਼ਨ ਦੇ ਚੇਅਰਮੈਨ ਓਮ ਪ੍ਰਕਾਸ਼ ਭਟੇਜਾ, ਜਨਰਲ ਸਕੱਤਰ ਮੇਜਰ ਸਿੰਘ ਲਹਿਰ, ਕਿਸਾਨ ਆਗੂ ਹਰਜੀਤ ਸਿੰਘ ਟਹਿਲਪੁਰਾ ਸਮੇਤ ਹੋਰਨ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਮੀਟਿੰਗ ਦੌਰਾਨ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਲਾਡਾ ਤੇ ਕਿਸਾਨ ਆਗੂ ਹਰਜੀਤ ਸਿੰਘ ਟਹਿਲਪੁਰਾ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕੋਵਿਡ-19 ਦੀ ਮਹਾਂਮਾਰੀ ਦੀ ਆੜ ’ਚ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਦੇਸ਼ ’ਚ ਇੱਕ ਦੇਸ਼, ਇੱਕ ਮੰਡੀ ਤੇ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕੀਤੇ ਗਏ ਹਨ। ਜਿਸ ਨੂੰ ਲੈ ਕੇ ਕਿਸਾਨਾਂ, ਆੜ੍ਹਤੀਆਂ ਤੇ ਵਪਾਰੀਆਂ ’ਚ ਤਿੱਖਾ ਰੋਸ ਹੈ। ਆਗੂਆਂ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦੀ ਥਾਂ ’ਤੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ 14 ਸਤੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸੈਸ਼ਨ ਵਿੱਚ ਬਿੱਲ ਪਾਸ ਕਰਵਾਉਣਾ ਚਾਹੁੰਦੀ ਹੈ। ਜੇ ਇਹ ਬਿੱਲ ਪਾਸ ਹੋ ਗਿਆ ਤਾਂ ਇਸ ਦਾ ਪੰਜਾਬ ਦੀ ਕਿਸਾਨੀ, ਆੜ੍ਹਤੀ ਵਰਗ ਤੇ ਵਪਾਰੀਆਂ ’ਤੇ ਮਾਰੂ ਪ੍ਰਭਾਵ ਪਵੇਗਾ। ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਵਾਉਣਾ ਜ਼ਰੂਰੀ ਹੋ ਗਿਆ ਹੈ। ਇਸ ਲਈ ਸਮੂਹ ਕਿਸਾਨ ਤੇ ਆੜ੍ਹਤੀ 15 ਸਤੰਬਰ ਨੂੰ ਕੌਮੀ ਮਾਰਗ ’ਤੇ ਰਾਜਪੁਰਾ ਨੇੜੇ ਸੜਕੀ ਆਵਾਜਾਈ ਠੱਪ ਕਰਨਗੇ।
ਘਨੌਰ (ਪੱਤਰ ਪ੍ਰੇਰਕ) ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ 15 ਸਤੰਬਰ ਨੂੰ ਸੜਕੀ ਆਵਾਜਾਈ ਠੱਪ ਕਰਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਕਿਸਾਨ, ਮਜ਼ਦੂਰ ਹਿੱਤ ਸੰਘਰਸ਼ ਕਮੇਟੀ ਵੱਲੋਂ ਪਿੰਡਾਂ ਵਿੱਚ ਲਾਮਬੰਦੀ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਬੇਅੰਤ ਸਿੰਘ ਝੁੰਗੀਆ, ਅਜਾਇਬ ਸਿੰਘ ਚੱਪੜ ਆਦਿ ਆਗੂਆਂ ਨੇ ਆਖਿਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕਿਸਾਨ ਹਿੱਤਾਂ ਦੀ ਬਲੀ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਕਾਰਨ ਪੰਜਾਬ ਦੀ ਕਿਸਾਨੀ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ। ਜਿਸ ਦਾ ਸਮਾਜ ਦੇ ਹਰ ਵਰਗ ’ਤੇ ਮਾਰੂ ਪ੍ਰਭਾਵ ਪਵੇਗਾ।
ਆੜ੍ਹਤੀਆਂ ਵੱਲੋਂ ਕਿਸਾਨਾਂ ਦੇ ਸੰਘਰਸ਼ ’ਚ ਸ਼ਾਮਲ ਹੋਣ ਦਾ ਅਹਿਦ
ਲਹਿਰਾਗਾਗਾ (ਪੱਤਰ ਪ੍ਰੇਰਕ) ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਆੜ੍ਹਤੀਆਂ ਨੇ ਵੀ ਕਿਸਾਨਾਂ ਦਾ ਸਾਥ ਦੇਣ ਲਈ ਅਹਿਦ ਕੀਤਾ ਹੈ। ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਸਿੰਗਲਾ ਲਹਿਰਾਗਾਗਾ ਤੇ ਆੜ੍ਹਤੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਆਪਣਾ ਰੋਸ ਪ੍ਰਗਟ ਕਰਨ ਲਈ ਵੱਖ-ਵੱਖ ਸੂਬਿਆਂ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਰੋਸ ਵਜੋਂ 15 ਸਤੰਬਰ ਨੂੰ ਸਾਰੇ ਆੜ੍ਹਤੀ ਆਪਣੇ ਕਾਰੋਬਾਰ ਤੇ ਦੁਕਾਨਾਂ ਬੰਦ ਕਰਕੇ ਕਿਸਾਨਾਂ ਦੇ ਰੋਸ ’ਚ ਸ਼ਾਮਲ ਹੋਣਗੇ। ਜ਼ਿਲ੍ਹਾ ਪ੍ਰਧਾਨ ਸੰਜੀਵ ਸਿੰਗਲਾ ਨੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਵੱਲੋਂ ਸਾਰੇ ਆੜ੍ਹਤੀਆਂ, ਮੰਡੀ ਮਜ਼ਦੂਰਾਂ ਤੇ ਅਕਾਊਂਟ ਸਟਾਫ ਨੂੰ ਅਪੀਲ ਕੀਤੀ ਕਿ ਇਸ ਰੋਸ ਧਰਨੇ ਵਿੱਚ ਸ਼ਾਮਲ ਹੋਵੋ ਤਾਂ ਜੋ ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਵਾਪਸ ਲੈਣ ਲਈ ਮਜਬੂਰ ਕੀਤਾ ਜਾ ਸਕੇ।