ਘਨੌਰ (ਪੱਤਰ ਪ੍ਰੇਰਕ) ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ ਢਾਈ ਮਹੀਨੇ ਤੋਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਵੀ ਇਸ ਖੇਤਰ ਵਿੱਚੋਂ ਗੁਜਰਦੀ ਰਾਜਪੁਰਾ-ਅੰਬਾਲਾ ਜੀਟੀ ਰੋਡ ’ਤੇ ਹਲਕਾ ਘਨੌਰ ਦੇ ਪਿੰਡ ਬਪਰੌਰ ਤੇ ਮਦਨਪੁਰ ਚਲਹੇੜੀ ਕੋਲ ਰਿਲਾਇੰਸ ਪੈਟਰੋਲ ਪੰਪਾਂ ’ਤੇ ਕਿਸਾਨ ਆਗੂਆਂ ਅਮਰੀਕ ਸਿੰਘ ਸ਼ੰਭੂ ਕਲਾਂ, ਤੇਜਿੰਦਰ ਸਿੰਘ ਹਾਸ਼ਮਪੁਰ, ਭਗਵਾਨ ਸਿੰਘ ਖਾਲਸਾ, ਹਰਪ੍ਰੀਤ ਸਿੰਘ ਮਦਨਪੁਰ ਅਤੇ ਰਮਨਦੀਪ ਸਿੰਘ ਗੰਡਿਆਂ ਦੀ ਅਗਵਾਈ ਵਿੱਚ ਰੋਸ ਧਰਨੇ ਜਾਰੀ ਰਹੇ। ਇਸ ਮੌਕੇ ਕਿਸਾਨ ਆਗੂਆਂ ਨੇ ਆਖਿਆ ਕਿ ਪਿਛਲੇ ਢਾਈ ਮਹੀਨਿਆਂ ਤੋਂ ਦੇਸ਼ ਦਾ ਅੰਨਦਾਤਾ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸੜਕਾਂ ’ਤੇ ਰੁੱਲ ਰਿਹਾ ਹੈ। ਪ੍ਰੰਤੂ ਮੋਦੀ ਸਰਕਾਰ ਵੱਲੋਂ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਲਈ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ। ਜਿਸ ਕਾਰਨ ਸਮਾਜ ਦੇ ਹਰ ਵਰਗ ਵਿੱਚ ਮੋਦੀ ਸਰਕਾਰ ਪ੍ਰਤੀ ਰੋਸ ਹੈ। ਉਹਨਾਂ ਆਖਿਆ ਕਿ ਕਿਸਾਨ ਸੰਘਰਸ਼ ਨੂੰ ਸਮਾਜ ਦੇ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ। ਕਿਉਂਕਿ ਖੇਤੀ ਕਾਨੂੰਨਾਂ ਕਾਰਨ ਸਮਾਜ ਦਾ ਹਰ ਵਰਗ ਪ੍ਰਭਾਵਿਤ ਹੋਵੇਗਾ। ਉਹਨਾਂ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਕਾਨੂੰਨ ਅਤੇ ਬਿਜਲੀ ਸੋਧ ਐਕਟ 2020 ਨੂੰ ਤੁਰੰਤ ਰੱਦ ਕੀਤਾ ਜਾਵੇ।