ਪੱਤਰ ਪ੍ਰੇਰਕ
ਸੰਦੌੜ, 23 ਸਤੰਬਰ
ਨਹਿਰੀ ਪਾਣੀ ਤੋਂ ਵਾਂਝੇ ਪਿੰਡਾਂ ਲਈ ਪਾਣੀ ਦਾ ਪ੍ਰਬੰਧ ਕਰਨ ਅਤੇ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੇ ਸੰਘਰਸ਼ ਤਹਿਤ ਅੱਜ ਪਿੰਡ ਭੂਦਨ ਵਿੱਚ ਮਾਲੇਰਕੋਟਲੇ ਜ਼ੋਨ ਦੇ ਪਿੰਡਾਂ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਇਲਾਕੇ ਦੇ ਦਰਜਨ ਦੇ ਕਰੀਬ ਪਿੰਡਾਂ ਦੇ ਲੋਕਾਂ ਨੇ ਸ਼ਾਮਲ ਹੋ ਕੇ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ 8 ਅਕਤੂਬਰ ਨੂੰ ਪਿੰਡਾਂ ਵਿਚੋਂ ਟਰੈਕਟਰ, ਮੋਟਰਸਾਈਕਲ ਆਦਿ ਵਾਹਨ ਲੈ ਕੇ ਮੁੱਖ ਮੰਤਰੀ ਦਫਤਰ ਧੂਰੀ ਤੱਕ ਮਾਰਚ ਕੱਢਿਆ ਜਾਵੇਗਾ ਅਤੇ ਇਲਾਕੇ ਦੀਆਂ ਪੰਚਾਇਤਾਂ ਵੱਲੋਂ ਮਤੇ ਅਤੇ ਮੰਗ ਪੱਤਰ ਮੁੱਖ ਮੰਤਰੀ ਦੇ ਨਾਮ ਦਿੱਤੇ ਜਾਣਗੇ। ਆਗੂਆਂ ਨੇ ਕਿਹਾ ਕਿ ਜੇਕਰ ਮਸਲਾ ਫੇਰ ਵੀ ਹੱਲ ਨਹੀਂ ਹੁੰਦਾ ਤਾਂ ਇਸ ਸੰਘਰਸ਼ ਨੂੰ ਹੋਰ ਪਿੰਡਾਂ ਵਿਚ ਵਧਾਇਆ ਜਾਵੇਗਾ। ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਵਿਚੋਂ ਨੁਮਾਇੰਦੇ ਲੈ ਕੇ ਮਾਲੇਰਕੋਟਲਾ ਜ਼ੋਨ ਦੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਵਿੱਚ ਮਾਸਟਰ ਮੱਘਰ ਸਿੰਘ ਨੂੰ ਕਨਵੀਨਰ, ਬਹਾਦਰ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਕਮੇਟੀ ਦਾ ਕੋ-ਕਨਵੀਨਰ ਚੁਣਿਆ ਗਿਆ।