ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵਲੋਂ ਇਥੇ ਰੇਲਵੇ ਸਟੇਸ਼ਨ ਵਿਖੇ ਰੇਲਵੇ ਲਾਈਨਾਂ ਉਪਰ ਸਵੇਰੇ 10 ਤੋਂ ਸ਼ਾਮ 4 ਵਜ਼ੇ ਤੱਕ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਜਿਸ ਕਾਰਨ ਲੁਧਿਆਣਾ-ਜਾਖਲ ਰੇਲਵੇ ਲਾਈਨ ਉਪਰ ਰੇਲਾਂ ਦੀ ਆਵਾਜਾਈ ਠੱਪ ਰਹੀ। ਕਿਸਾਨਾਂ ਵਲੋਂ ਕੇਂਦਰ ਦੀ ਮੋਦੀ, ਹਰਿਆਣਾ ਦੀ ਖੱਟਰ ਅਤੇ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਲਖੀਮਪੁਰ ਖੀਰੀ ਦੀ ਘਟਨਾ ਲਈ ਜ਼ਿੰਮੇਵਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਤੁਰੰਤ ਮੰਤਰੀ ਮੰਡਲ ’ਚੋ ਬਰਖਾਸਤ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਸੰਗਰੂਰ ਸਟੇਸ਼ਨ ’ਤੇ ਰੇਲਵੇ ਲਾਈਨਾਂ ਉਪਰ ਵਿਸ਼ਾਲ ਰੋਸ ਧਰਨੇ ਦੀ ਪ੍ਰਧਾਨਗੀ ਕਿਸਾਨ ਆਗੂ ਰੋਹੀ ਸਿੰਘ ਮੰਗਵਾਲ, ਕਰਤਾਰ ਸਿੰਘ ਪੁੰਨਾਂਵਾਲ, ਰਣ ਸਿੰਘ ਚੱਠਾ, ਮੇਜਰ ਸਿੰਘ ਪੁੰਨਾਂਵਾਲ ਅਤੇ ਊਧਮ ਸਿੰਘ ਸੰਤੋਖਪੁਰਾ ਨੇ ਕੀਤੀ। ਰੋਸ ਧਰਨੇ ਨੂੰ ਵੱਖ-ਵੱਖ ਕਿਸਾਨ ਆਗੂਆਂ ਨਿਰਮਲ ਸਿੰਘ ਬਟੜਿਆਣਾ, ਹਰਮੇਲ ਸਿੰਘ ਮਹਿਰੋਕ, ਸਰਬਜੀਤ ਸਿੰਘ ਵੜੈਚ, ਸੁਖਦੇਵ ਸਿੰਘ ਉਭਾਵਾਲ ਆਦਿ ਨੇ ਸੰਬੋਧਨ ਕੀਤਾ।
ਪਟਿਆਲਾ (ਪੱਤਰ ਪੇ੍ਰਕ): ਪਟਿਆਲਾ ਰੇਲਵੇ ਸਟੇਸ਼ਨ ਤੇ ਕਿਸਾਨਾਂ ਤੇ ਹੋਰ ਸਾਥੀ ਜਥੇਬੰਦੀਆਂ ਵੱਲੋਂ ਰੇਲਾਂ ਰੋਕੀਆਂ ਗਈਆਂ। ਇਸ ਸਬੰਧ ਵਿਚ ਅਰਵਿੰਦਰ ਕੌਰ ਕਾਕੜਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖ਼ਾਸਤ ਕਰਵਾ ਕੇ ਜੇਲ੍ਹਾਂ ਦੀਆਂ ਸਲਾਖ਼ਾਂ ਪਿੱਛੇ ਪਹੁੰਚਾਉਣ ਲਈ ਅੱਜ ਰੇਲਾਂ ਰੋਕੀਆਂ ਹਨ, ਇਸੇ ਤਹਿਤ ਪਟਿਆਲਾ ਵਿਚ ਵੀ ਰੇਲਾਂ ਰੋਕੀਆਂ ਗਈਆਂ। ਇਸ ਸਬੰਧ ਵਿਚ ਆਰਪੀਐਫ ਨੇ ਆਖਿਆ ਕਿ ਅਜੇ ਤੱਕ ਰੇਲਾਂ ਰੋਕਣ ਦੇ ਸਬੰਧ ਵਿਚ ਕਿਸੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇਥੇ ਹਿਸਾਰ-ਲੁਧਿਆਣਾ ਰੇਲਵੇ ਟਰੈਕ ’ਤੇ ਦਸ ਵਜੇ ਤੋਂ ਲੈ ਕੇ ਚਾਰ ਵਜੇ ਤਕ ਧਰਨਾ ਦਿੱਤਾ ਗਿਆ। ਰੇਲ ਲਾਈਨ ’ਤੇ ਬੈਠੇ ਕਿਸਾਨਾਂ ਨੂੰ ਸਤਵੰਤ ਸਿੰਘ ਖੰਡੇਬਾਦ ਆਲ ਇੰਡੀਆ ਕਿਸਾਨ ਸਭਾ, ਭੀਮ ਸਿੰਘ ਆਲਮਪੁਰ , ਬਲਵੀਰ ਸਿੰਘ ਜਲੂਰ ਸੂਬਾ ਸਕੱਤਰ ਪੰਜਾਬ ਕਿਸਾਨ ਯੂਨੀਅਨ, ਰਵਿੰਦਰ ਸਿੰਘ ਲਦਾਲ ਬਲਾਕ ਸਕੱਤਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਸੰਬੋਧਨ ਕੀਤਾ।
ਧੂਰੀ (ਟ੍ਰਿਬਿਊਨ ਨਿਊਜ਼ ਸਰਵਿਸ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧੂਰੀ ਅਤੇ ਬਲਾਕ ਸੰਗਰੂਰ ਵੱਲੋਂ ਜ਼ਿਲ੍ਹਾ ਵਿੱਤ ਸਕੱਤਰ ਕਿਰਪਾਲ ਸਿੰਘ ਧੂਰੀ ਦੀ ਅਗਵਾਈ ਹੇਠ ਰੇਲਵੇ ਟਰੈਕ ਜਾਮ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਲਖੀਮਪੁਰ ਖੀਰੀ ਮਾਮਲੇ ਵਿੱਚ ਦੋਸ਼ੀਆਂ ਦਾ ਪੱਖ ਪੂਰਿਆ ਜਾ ਰਿਹਾ ਹੈ ਅਤੇ ਮੁਲਜ਼ਮਾਂ ਦਾ ਬਚਾਅ ਕਰਨ ਲਈ ਕਾਨੂੰਨਾਂ ਦੀਆਂ ਧੱਜੀਆਂ ਉੱਡਾਈਆਂ ਜਾ ਰਹੀਆ ਹਨ। ਮੋਦੀ ਸਰਕਾਰ ਕਿਰਤੀ ਕਿਸਾਨਾਂ ਦੀ ਅਵਾਜ ਨੂੰ ਡੰਡੇ ਦੀ ਅਵਾਜ ਨਾਲ ਦਬਾਉਣਾ ਚਾਹੁੰਦੀ ਹੈ, ਪਰ ਕਿਰਤੀ ਲੋਕਾਂ ਦੀ ਅਵਾਜ ਨੂੰ ਦਬਾਇਆ ਨਹੀਂ ਜਾ ਸਕਦਾ। ਇਸ ਮੌਕੇ ਰਾਮ ਸਿੰਘ ਕੱਕੜਵਾਲ, ਦਰਸ਼ਨ ਸਿੰਘ ਕਿਲਾ ਹਕੀਮਾਂ, ਜਸਪਾਲ ਸਿੰਘ ਪੇਧਨੀ ਕਲਾਂ, ਹਰਪਾਲ ਸਿੰਘ ਪੇਧਨੀ, ਗੁਰਵਿੰਦਰ ਸਿੰਘ ਮੰਗਵਾਲ, ਗੁਰਵਿੰਦਰ ਸਿੰਘ ਬੱਡਰੁੱਖਾਂ, ਰਣਜੀਤ ਸਿੰਘ ਲੌਂਗੋਵਾਲ, ਮਿੱਠੂ ਸਿੰਘ ਕਿਲਾ ਭਰੀਆ, ਨਾਨਕ ਸਿੰਘ ਥਲੇਸਾਂ ਆਦਿ ਨੇ ਵੀ ਸੰਬੋਧਨ ਕੀਤਾ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂੰ): ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਬਰਖ਼ਾਸਤਗੀ ਅਤੇ ਗ੍ਰਿਫ਼ਤਾਰੀ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਰੇਲ ਰੋਕ ਰੋਕਣ ਦੇ ਸੱਦੇ ਤਹਿਤ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਮਾਲੇਰਕੋਟਲਾ ਇਕਾਈ ਦੀ ਅਗਵਾਈ ਹੇਠ ਸਥਾਨਕ ਰੇਲਵੇ ਸਟੇਸ਼ਨ ਅਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ), ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਅਤੇ ਕੁਲ ਹਿੰਦ ਕਿਸਾਨ ਸਭਾ ਦੀਆਂ ਬਲਾਕ ਮਾਲੇਰਕੋਟਲਾ ਇਕਾਈਆਂ ਨੇ ਸਥਾਨਕ ਮਾਨਾ ਫਾਟਕ ‘ਤੇ ਧਰਨਾ ਦਿੱਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸਰਬਜੀਤ ਸਿੰਘ ਭੁਰਥਲਾ, ਕੁਲਵਿੰਦਰ ਸਿੰਘ ਭੂਦਨ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਅਮਰਜੀਤ ਸਿੰਘ ਰੋਹਣੋ, ਨਰਿੰਦਰਜੀਤ ਸਿੰਘ ਸਲਾਰ, ਭਰਪੂਰ ਸਿੰਘ ਬੂਲਾਪੁਰ ਆਦਿ ਨੇ ਸੰਬੋਧਨ ਕੀਤਾ।