ਪੱਤਰ ਪ੍ਰੇਰਕ
ਰਾਜਪੁਰਾ, 7 ਜੁਲਾਈ
ਕਿਸਾਨਾਂ ਨੂੰ ਸੂਰਜਮੁਖੀ ਦਾ ਘਟੀਆ ਬੀਜ ਵੇਚਣ ਦੇ ਮਾਮਲੇ ਵਿੱਚ ਨਾਮਜ਼ਦ ਤਿੰਨ ਦੁਕਾਨਦਾਰਾਂ, ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਖ਼ਿਲਾਫ਼ ਕਾਰਵਾਈ ਅਤੇ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਲਈ ਕਿਸਾਨਾਂ ਵੱਲੋਂ ਰੋਸ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਕਿਸਾਨਾਂ ਵੱਲੋਂ ਵਿਧਾਇਕ ਨੀਨਾ ਮਿੱਤਲ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ’ਤੇ ਪੁੱਜੇ ਐਸਡੀਐਮ ਸੰਜੀਵ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਦੇ ਨੁਕਸਾਨ ਲਈ ਮੁਆਵਜ਼ੇ ਵਾਸਤੇ ਤਹਿਸੀਲਦਾਰ ਰਾਜਪੁਰਾ ਨੂੰ ਵਿਸ਼ੇਸ਼ ਗਿਰਦਾਵਰੀ ਕਰਵਾ ਕੇ 11 ਜੁਲਾਈ ਤੱਕ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਲਕੇ ਮੁਆਵਜ਼ੇ ਬਾਰੇ ਗੱਲਬਾਤ ਕੀਤੀ ਜਾਵੇਗੀ। ਇਸ ਦੇ ਬਾਵਜੂਦ ਕਿਸਾਨ ਇਨਸਾਫ਼ ਦੀ ਪ੍ਰਾਪਤੀ ਵਾਸਤੇ ਧਰਨਾ ਦੇਣ ਲਈ ਬਜ਼ਿੱਦ ਰਹੇ। ਧਰਨਾਕਾਰੀਆਂ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਮਨਜੀਤ ਸਿੰਘ, ਨੰਬਰਦਾਰ ਹਰਬੀਰ ਸਿੰਘ ਰਣਦੀਪ ਸਿੰਘ ਖਾਲਸਾ, ਗੁਰਪ੍ਰੀਤ ਸਿੰਘ, ਪੂਰਨ ਸਿੰਘ, ਬਲਦੇਵ ਸਿੰਘ ਅਤੇ ਇੰਦਰਜੀਤ ਸਿੰਘ ਨੇ ਕਿਹਾ ਕਿ ਜਦੋਂ ਤੱਕ ਘਟੀਆ ਬੀਜ ਦੇਣ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਧਰਨਾ ਜਾਰੀ ਰਹੇਗਾ।