ਸਰਬਜੀਤ ਸਿੰਘ ਭੰਗੂ
ਪਟਿਆਲਾ, 18 ਅਪਰੈਲ
ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਕ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਲੈਣ ਸਬੰਧੀ 11 ਅਪਰੈਲ ਤੋਂ 18 ਅਪਰੈਲ ਤੱਕ ਦੇਸ਼-ਵਿਆਪੀ ਹਫ਼ਤਾ ਮਨਾਇਆ ਗਿਆ। ਇਸੇ ਕੜੀ ਤਹਿਤ ਇੱਥੇ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਦਿਨੀਂ ਵੀ ਧਰਨੇ ਦਿੱਤੇ ਗਏ। ਸੋਮਵਾਰ ਨੂੰ ਵੀ ਸੰਯੁਕਤ ਕਿਸਾਨ ਮੋਰਚੇ ਵਿਚਲੀਆਂ ਪੰਜ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਗੁਰਮੀਤ ਸਿੰਘ ਦਿਤੂਪੂਰ, ਜ਼ਿਲ੍ਹਾ ਪ੍ਰਧਾਨ ਜੰਗ ਸਿੰਘ ਭਟੇੜੀ, ਸਨੌਰ ਬਲਾਕ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੁਲਲੇਵਾਲ, ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ’ਤੇ ਆਧਾਰਤ ਪੰਜ ਮੈਂਬਰੀ ਵਫ਼ਦ ਨੇ ਡਿਪਟੀ ਕਮਿਸ਼ਨਰ ਦਫਤਰ ਤੋਂ ਧਰਨੇ ’ਚ ਪੁੱਜੇ ਤਹਿਸੀਲਦਦਰ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਿਆ। ਧਰਨੇ ਨੂੰ ਸੰਬੋਧਨ ਕਰਦਿਆਂ, ਗੁਰਮੀਤ ਦਿੱਤੂਪੁਰ ਤੇ ਰਣਜੀਤ ਸਵਾਜਪੁਰ ਦਾ ਕਹਿਣਾ ਸੀ ਕਿ ਕਿਸਾਨਾਂ ਦੀਆਂ ਸਾਰੀਆਂ ਕਮੇਟੀਆਂ ਦੀ ਸਾਂਝੀ ਮੰਗ ਮੁਤਾਬਿਕ ਭਾਰਤ ਭਰ ’ਚ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬਾਕੀ ਬਚਦੀਆਂ ਫਸਲਾਂ ਲਈ ਵੀ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ, ਉਸ ਕੀਮਤ ’ਤੇ ਹੀ ਖਰੀਦ ਦੀ ਗਾਰੰਟੀ ਕੀਤੀ ਜਾਵੇ। ਕਿਸਾਨ ਮੰਗ ਕਰ ਰਹੇ ਹਨ ਕਿ ਸਰਕਾਰ ਸਰਕਾਰੀ ਖ਼ਰੀਦ ਲਈ ਕਿਸਾਨਾਂ ਨੂੰ ਪੰਜ ਸੌ ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਫੌਰੀ ਐਲਾਨ ਕਰੇ। ਇਸ ਮੰਗ ਨੂੰ ਲੈ ਕੇ ਹੀ ਸੰਯੁਕਤ ਕਿਸਾਨ ਮੋਰਚੇ ਦੇ ਸੱੱਦੇ ’ਤੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜੇ ਗਏ ਹਨ।