ਕਿਸਾਨਾਂ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ
ਗੁਰਦੀਪ ਸਿੰਘ ਲਾਲੀ
ਸੰਗਰੂਰ, 21 ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਪਿੰਡ ਨਮੋਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਦੇ ਕਿਸਾਨ ਵਿਰੋਧੀ ਵਤੀਰੇ ਦੀ ਨਿਖੇਧੀ ਕੀਤੀ ਗਈ।
ਪਿੰਡ ਨਮੋਲ ਵਿਖੇ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਤੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ। ਕਿਸਾਨਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਕਿਯੂ ਏਕਤਾ ਸਿੱਧੂਪੁਰ ਦੇ ਆਗੂ ਕਰਮ ਸਿੰਘ ਨਮੋਲ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਚੰਡੀਗੜ੍ਹ ਮੀਟਿੰਗ ਤੋਂ ਪਰਤ ਰਹੇ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਸਮੇਤ ਸਾਰੇ ਪ੍ਰਮੁੱਖ ਆਗੂਆਂ ਨੂੰ ਧੋਖੇ ਨਾਲ ਗ੍ਰਿਫ਼ਤਾਰ ਕੀਤਾ ਹੈ ਅਤੇ ਦੋਵਾਂ ਮੋਰਚਿਆਂ ’ਤੇ ਪੁਲੀਸ ਫੋਰਸ ਭੇਜ ਕੇ ਧਾਵਾ ਬੋਲ ਕੇ ਕਿਸਾਨਾਂ ਨੂੰ ਜਬਰੀ ਹਿਰਾਸਤ ਵਿਚ ਲਿਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਦੋਵੇਂ ਮੋਰਚਿਆਂ ਨੂੰ ਪੁਲੀਸ ਦੇ ਜ਼ੋਰ ’ਤੇ ਉਖਾੜਨ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ।
ਮਸਤੂਆਣਾ ਸਾਹਿਬ (ਸਤਨਾਮ ਸਿੰਘ): ਸ਼ੰਬੂ ਅਤੇ ਖਨੌਰੀ ਬਾਰਡਰਾਂ ਤੋਂ ਕਿਸਾਨਾਂ ਨੂੰ ਜਬਰੀ ਉਠਾਉਣ ਅਤੇ ਉਨ੍ਹਾਂ ਦੇ ਸਾਮਾਨ ਟਰੈਕਟਰ-ਟਰਾਲੀਆਂ ਦੀ ਭੰਨ-ਤੋੜ ਕਰਨ, ਕਿਸਾਨਾਂ ਆਗੂਆਂ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਨੇੜਲੇ ਪਿੰਡਾਂ ਬਡਰੁੱਖਾਂ, ਚੱਠੇ ਸੇਖਵਾਂ ਅਤੇ ਬਹਾਦਰਪੁਰ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਉਭਾਵਾਲ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕ ਕੇ ਰੋਸ ਜ਼ਾਹਿਰ ਕੀਤਾ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਆਗੂ ਜੁਝਾਰ ਸਿੰਘ ਬਡਰੁੱਖਾਂ ਨੇ ਦੋਸ਼ ਲਾਇਆ ਕਿ ਕਿਸਾਨ ਆਪਣੇ ਰੋਜ਼ੀ-ਰੋਟੀ ਬਚਾਉਣ ਦੀ ਲੜਾਈ ਲੜ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡ-ਪਿੰਡ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣ। ਉਨ੍ਹਾਂ 26 ਮਾਰਚ ਨੂੰ ਚੰਡੀਗੜ੍ਹ ਵਿੱਚ ਰੋਸ ਮੁਜ਼ਾਹਰੇ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਦਲਜੀਤ ਸਿੰਘ ਸੰਧੂ ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ, ਸਰਵਣ ਸਿੰਘ ਪੰਧੇਰ, ਮਨਜੀਤ ਰਾਏ ਅਤੇ ਹੋਰ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਆਗੂਆਂ ਨੂੰ ਖੁਦ ਨਹੀਂ ਕਰਦੀ ਉਦੋਂ ਤੱਕ ਕੋਈ ਵੀ ਕਿਸਾਨ ਜ਼ਮਾਨਤ ਨਹੀਂ ਲਵੇਗਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਨੇੜਲੇ ਪਿੰਡ ਲਹਿਲ ਖੁਰਦ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਬਲਾਕ ਲਹਿਰਾਗਾਗਾ ਦੇ ਦਰਜਨਾਂ ਪਿੰਡਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ।
ਧੂਰੀ (ਬੀਰਬਲ ਰਿਸ਼ੀ): ਪਿੰਡ ਜਹਾਂਗੀਰ ਵਿੱਚ ਕਿਸਾਨਾਂ ਨੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ
ਪਟਿਆਲਾ (ਸਰਬਜੀਤ ਸਿੰਘ ਭੰਗੂ): ਕਿਸਾਨੀ ਮੰਗਾਂ ਲਈ ਸ਼ੰਭੂ ਅਤੇ ਢਾਬੀਗੁੱਜਰਾਂ ਵਿੱਚ 13 ਮਹੀਨਿਆਂ ਤੋਂ ਜਾਰੀ ਕਿਸਾਨ ਮੋਰਚਿਆਂ ਨੂੰ ਚੁੱਕਣ ਤੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਖ਼ਿਲਾਫ਼ ਅੱਜ ਪੰਜਾਬੀ ਯੂਨੀਵਰਸਿਟੀ ਵਿਚਲੇ ਸਾਂਝੇ ਵਿਦਿਆਰਥੀ ਮੋਰਚੇ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਸਰਕਾਰ ਖਿਲਾਫ਼ ਮੁਜਾਹਰਾ ਕੀਤਾ ਗਿਆ। ਵਿਦਿਆਰਥੀ ਆਗੂਆਂ ਨੇ ਇਸ ਕਾਰਵਾਈ ਨੂੰ ਜਮਹੂਰੀ ਹੱਕਾਂ ਦੀ ਉਲੰਘਣਾ ਕਰਾਰ ਦਿੱਤਾ। ਇਸ ਮੌਕੇ ਏਆਈਐੱਸਐੱਫ਼ ਤੋਂ ਗੁਰਜੰਟ ਸਿੰਘ, ਪੀਐੱਸਐੱਫ਼ ਤੋਂ ਗਗਨ, ਐੱਸਐੱਫਆਈ ਤੋਂ ਰਮਨ, ਪੀਆਰਐੱਸਯੂ ਅਤੇ ਪੀਐੱਸਯੂ ਤੋਂ ਕਰਨ, ਕੇਸ਼ਵ ਤੇ ਹੁਨਰ ਆਦਿ ਨੇ ਵੀ ਸੰਬੋਧਨ ਕੀਤਾ। ਉਧਰ ਸਨੌਰ ਵਿੱਚ ਸੀਨੀਅਰ ਅਕਾਲੀ ਆਗੂ ਕ੍ਰਿਸ਼ਨ ਸਿੰਘ ਸਨੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਵੀ ਸਰਕਾਰ ਦੀ ਕਰੜੀ ਆਲੋਚਨਾ ਕਰਦਿਆਂ ਕਿਸਾਨਾ ਦੀ ਹਮਾਇਤ ਦਾ ਐਲਾਨ ਕੀਤਾ ਗਿਆ। ਇਸ ਮੌਕੇ ਕਈ ਹੋਰ ਆਗੂ ਵੀ ਸ਼ਾਮਲ ਹੋਏ। ਇਸੇ ਤਰ੍ਹਾਂ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾਈ ਵਿੱਤ ਸਕੱਤਰ ਦਲਜਿੰਦਰ ਸਿੰਘ ਆਲੋਵਾਲ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਖੁਦ ਨੂੰ ਕਿਸਾਨ ਦਾ ਪੁੱਤ ਕਹਿਣ ਵਾਲ਼ੇ ਮੁੱਖ ਮੰਤਰੀ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਧਰ ਭਾਰਤੀ ਕਿਸਾਨ ਯੂਨੀਅਨ ਭਟੇੜੀ ਵੱਲੋਂ ਇਥੇ ਡੀਸੀ ਦਫ਼ਤਰ ਅੱਗੇ ਧਰਨਾ ਦੇਣ ਮਗਰੋਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ।
ਚੰਡੀਗੜ੍ਹ ਧਰਨੇ ਲਈ ਲਾਮਬੰਦੀ
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਦੀ ਨਿਗਰਾਨੀ ਹੇਠ ਬਾਲਦ ਕਲਾਂ ਵਿਖੇ ਹੋਈ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਜਸਪਾਲ ਸਿੰਘ ਘਰਾਚੋਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਮਾਰਚ ਨੂੰ ਚੰਡੀਗੜ੍ਹ ਧਰਨੇ ਵਿੱਚ ਸ਼ਾਮਲ ਹੋਣ ਲਈ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰਿਆਣਾ ਬਾਰਡਰ ’ਤੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਕਿਸਾਨਾਂ ਉੱਤੇ ਜ਼ਬਰ ਕਰਕੇ ਆਪਣਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਗਿਆ ਹੈ। ਮੀਟਿੰਗ ਵਿੱਚ ਗਿਆਨ ਸਿੰਘ, ਇਕਾਈ ਪ੍ਰਧਾਨ ਅਮਰੀਕ ਸਿੰਘ ਬਾਲਦ ਕਲਾਂ ਆਦਿ ਹਾਜ਼ਰ ਸਨ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਫੱਗੂਵਾਲਾ ਵਿਖੇ ਕੀਤੀ ਗਈ। ਕਿਸਾਨ ਆਗੂਆਂ ਨੇ 26 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿੱਚ ਦਿੱਤੇ ਪ੍ਰੋਗਰਾਮ ’ਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।