ਸਮਾਣਾ ’ਚ ਵਿਧਾਇਕ ਦੀ ਕੋਠੀ ਅੱਗੇ ਪੱਕੇ ਮੋਰਚੇ ’ਚ ਡਟੇ ਕਿਸਾਨ
ਇੱਥੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿੱਚ ‘ਧਰਮ ਯੁੱਧ ਮੋਰਚੇ’ ’ਚ ਡਟੇ ਕਿਸਾਨ ਗੋਬਿੰਦ ਸਿੰਘ ਵਾਸੀ ਪਿੰਡ ਨਨਹੇੜਾ ਚੱਠਾ ਦੀ ਮੌਤ ਮਗਰੋਂ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨਾਲ ਕੋਈ ਹਮਦਰਦੀ ਪ੍ਰਗਟ ਨਾ ਕਰਨ ਦੇ ਰੋਸ ਵਜੋਂ ਕਿਸਾਨ ਜਥੇਬੰਦੀ ਸਿੱਧੂਪੁਰ ਦੇ...
ਇੱਥੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿੱਚ ‘ਧਰਮ ਯੁੱਧ ਮੋਰਚੇ’ ’ਚ ਡਟੇ ਕਿਸਾਨ ਗੋਬਿੰਦ ਸਿੰਘ ਵਾਸੀ ਪਿੰਡ ਨਨਹੇੜਾ ਚੱਠਾ ਦੀ ਮੌਤ ਮਗਰੋਂ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨਾਲ ਕੋਈ ਹਮਦਰਦੀ ਪ੍ਰਗਟ ਨਾ ਕਰਨ ਦੇ ਰੋਸ ਵਜੋਂ ਕਿਸਾਨ ਜਥੇਬੰਦੀ ਸਿੱਧੂਪੁਰ ਦੇ ਸੈਂਕੜੇ ਕਾਰਕੁਨਾਂ ਨੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਘਰ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਕਿਸਾਨਾਂ ਨੇ ਮੰਗ ਪੂਰੀ ਨਾ ਹੋਣ ਤੱਕ ਗੋਬਿੰਦ ਸਿੰਘ ਦਾ ਪੋਸਟਮਾਰਟਮ ਕਰਵਾਉਣ ਅਤੇ ਸਸਕਾਰ ਕਰਨ ਤੋਂ ਇਨਕਾਰ ਕਰਦਿਆਂ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰੱਖਣ ਦੀ ਚਿਤਾਵਨੀ ਵੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਗੋਬਿੰਦ ਸਿੰਘ ਦੀ ਮੌਤ ਹੋ ਗਈ ਸੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਕਾਕਾ ਸਿੰਘ ਕੋਟੜਾ ਨੇ ਮੰਗ ਕੀਤੀ ਕਿ ਕਿਸਾਨ ਗੋਬਿੰਦ ਸਿੰਘ ਨੂੰ ਸ਼ਹੀਦ ਦਾ ਦਰਜਾ, ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਨਕਦ ਮੁਆਵਜ਼ਾ, ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ‘ਆਪ’ ਦੇ ਪ੍ਰਧਾਨ, ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਵੀ ਸੰਗਰੂਰ ਜ਼ਿਲ੍ਹੇ ਨਾਲ ਹੀ ਸਬੰਧ ਰੱਖਦੇ ਹਨ ਪਰ ਫਿਰ ਵੀ 24 ਘੰਟੇ ਬੀਤ ਜਾਣ ਦੇ ਬਾਵਜੂਦ ਕਿਸੇ ਨੇ ਪਰਿਵਾਰ ਨਾਲ ਦੁੱਖ ਤੱਕ ਸਾਂਝਾ ਨਹੀਂ ਕੀਤਾ। ਕਾਕਾ ਸਿੰਘ ਨੇ ਸਥਾਨਕ ਪ੍ਰਸ਼ਾਸਨ ਦੀ ਆਲੋਚਨਾ ਕਰਦਿਆਂ ਦੱਸਿਆ ਕਿ 24 ਮਾਰਚ ਤੋਂ ਚੱਲ ਰਹੇ ਇਸ ਮੋਰਚੇ ਵਿੱਚ ਸਫਾਈ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਧਰਨੇ ਵਾਲੀ ਥਾਂ ਗੰਦਗੀ ਫੈਲੀ ਹੋਈ ਹੈ ਜਿਸ ਕਾਰਨ ਧਰਨੇ ਵਿੱਚ ਸ਼ਾਮਲ ਲੋਕ ਬਿਮਾਰ ਹੋ ਰਹੇ ਹਨ। ਪੀਣ ਵਾਲੇ ਸਾਫ਼ ਪਾਣੀ ਦਾ ਕੋਈ ਪ੍ਰਬੰਧ ਨਹੀਂ ਹੈ। ਜਿਸ ਥਾਂ ’ਤੇ ਲੰਗਰ ਤਿਆਰ ਕੀਤਾ ਜਾਂਦਾ ਹੈ, ਉਥੇ ਹੀ ਸੰਗਤ ਸੌਂਦੀ ਹੈ ਪਰ ਪ੍ਰਸ਼ਾਸਨ ਨੇ ਸਫਾਈ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੰਗਾਂ ਜਲਦੀ ਨਾ ਮੰਨੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਜਗਦੀਪ ਸਿੰਘ ਅਲੂਣਾ, ਗੁਰਦੀਪ ਸਿੰਘ ਗਿੱਲ, ਅਜੈਬ ਸਿੰਘ ਧਨੇਠਾ, ਖੁਸ਼ਇੰਦਰ ਸਿੰਘ, ਤਲਵਿੰਦਰ ਸਿੰਘ ਔਲਖ, ਰਣਜੀਤ ਸਿੰਘ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

