ਪੱਤਰ ਪ੍ਰੇਰਕ
ਸਮਾਣਾ, 2 ਅਕਤੂਬਰ
ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਪ੍ਰਕਿਰਿਆ 11 ਅਕਤੂਬਰ ਤੋਂ ਸ਼ੁਰੂ ਕਰਨ ਦੇ ਫ਼ੈਸਲੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਰਤੀ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਵਿਧਾਇਕ ਸ਼ੁਤਰਾਣਾ ਨਿਰਮਲ ਸਿੰਘ ਦੇ ਘਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਮੁਜ਼ਾਹਰੇ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਸਾਨ ਆਗੂਆਂ ਸ਼ੇਰ ਸਿੰਘ ਕਾਕੜਾ, ਸੁਖਵਿੰਦਰ ਸਿੰਘ ਤੋਲੇਵਾ ਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮੌਸਮ ਦੀ ਖਰਾਬੀ ਦਾ ਤਰਕ ਦੇ ਕੇ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ਨੂੰ ਅੱਗੇ ਪਾਉਣਾ ਹਕੀਕਤ ਵਿੱਚ ਇਨ੍ਹਾਂ ਸੂਬਿਆਂ ਦੇ ਕਿਸਾਨਾਂ ਨੂੰ ਦਿੱਲੀ ਕਿਸਾਨ ਮੋਰਚਿਆਂ ਨਾਲੋਂ ਤੋੜ ਕੇ ਮੋਰਚੇ ਨੂੰ ਢਾਹ ਲਾਉਣ ਅਤੇ ਪਹਿਲੋਂ ਆਰਥਿਕ ਸੰਕਟ ਵਿੱਚ ਘਿਰੀ ਕਿਸਾਨੀ ’ਤੇ ਇੱਕ ਹੋਰ ਵਿੱਤੀ ਮਾਰ ਪਾਉਣ ਦੇ ਵਡੇਰੇ ਸਿਆਸੀ ਹਮਲੇ ਦਾ ਹਿੱਸਾ ਹੈ। ਇਸ ਦੌਰਾਨ ਬੁਲਾਰਿਆਂ ਨੇ ਪੰਜਾਬ ਦੇ ਸਮੂਹ ਵਿਧਾਇਕਾਂ ਨੂੰ ਮੋਦੀ ਹਕੂਮਤ ਦੇ ਇਸ ਹੱਲੇ ਖਿਲਾਫ ਸੰਘਰਸ਼ ਵਿੱਢਣ ਦਾ ਹੋਕਾ ਦਿੱਤਾ। ਇਸ ਮੌਕੇ ਵਿਧਾਇਕ ਨਿਰਮਲ ਸਿੰਘ ਨੇ ਧਰਨੇ ਵਿੱਚ ਆ ਕੇ ਫਸਲ ਦੀ ਫੌਰੀ ਖਰੀਦ ਸ਼ੁਰੂ ਕਰਵਾਉਣ ਲਈ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ। ਇਸ ਧਰਨੇ ਨੂੰ ਪੂਰਨ ਚੰਦ, ਕੁਲਬੀਰ ਟੋਡਰਪੁਰ, ਸਾਹਿਬ ਸਿੰਘ, ਗੁਰਵਿੰਦਰ ਦੇਧਨਾ, ਗੁਰਪ੍ਰੀਤ ਟੋਡਰਪੁਰ, ਸਤਨਾਮ ਸਿੰਘ ਤੇ ਮਨਪ੍ਰੀਤ ਸਿੰਘ ਸਣੇ ਹੋਰਨਾਂ ਨੇ ਸੰਬੋਧਨ ਕੀਤਾ।
ਖਰੀਦ ਨਾ ਹੋਣ ਕਾਰਨ ਕਿਸਾਨਾਂ ਵਿੱਚ ਰੋਸ
ਦੇਵੀਗੜ੍ਹ (ਪੱਤਰ ਪ੍ਰੇਰਕ): ਕੇਂਦਰ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ ਕਰਕੇ ਝੋਨੇ ਦੀ ਖਰੀਦ 11 ਅਕਤੂਬਰ ਤੋਂ ਕਰਨ ਦੇ ਫ਼ੈਸਲੇ ਨਾਲ ਇਲਾਕੇ ਦੇ ਕਿਸਾਨ ਅਤੇ ਆੜ੍ਹਤੀ ਭਾਰੀ ਪ੍ਰਸ਼ਾਨੀ ਵਿੱਚ ਹਨ, ਜਿਸ ਨਾਲ ਕਿਸਾਨਾਂ ਵਿੱਚ ਕੇਂਦਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਕਿਸਾਨ ਝੋਨਾ ਕਟਵਾ ਕੇ ਮੰਡੀਆਂ ਵਿੱਚ ਲਿਆ ਰਹੇ ਹਨ ਪਰ ਅੱਗੇ ਖਰੀਦ ਨਾ ਹੋਣ ਕਾਰਨ ਮੰਡੀਆਂ ਵਿੱਚ ਝੋਨਾ ਇਕੱਠਾ ਹੋ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਮੌਸਮ ਖਰਾਬ ਹੋਣ ਕਰਕੇ ਝੋਨੇ ਦੀ ਫਸਲ ਮੀਂਹ ਕਾਰਨ ਖੇਤਾਂ ਵਿੱਚ ਹੀ ਖਰਾਬ ਹੋ ਰਹੀ ਹੈ। ਦੇਵੀਗੜ੍ਹ ਇਲਾਕੇ ਵਿੱਚ ਪੈਂਦੀਆਂ ਅਨਾਜ ਮੰਡੀਆਂ ਦੇਵੀਗੜ੍ਹ, ਦੁਧਨਸਾਧਾਂ, ਭੁਨਰਹੇੜੀ, ਮਸੀਂਗਣ, ਘੜਾਮ ਵਿੱਚ ਕਾਫੀ ਮਾਤਰਾ ਵਿੱਚ ਝੋਨਾ ਆ ਚੁੱਕਾ ਹੈ ਅਤੇ ਆ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੇ ਕਿ ਪੱਕਿਆ ਹੋਇਆ ਝੋਨਾ ਕਿਸਾਨ ਨਾ ਘਰ ਰੱਖ ਸਕਦਾ ਹੈ ਅਤੇ ਨਾ ਜ਼ਿਆਦਾ ਦਿਨ ਮੰਡੀ ਵਿੱਚ ਬੈਠ ਸਕਦਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸੰਘਰਸ਼ ਤੋਂ ਇੰਨਾ ਡਰ ਗਈ ਹੈ ਕਿ ਉਹ ਕਿਸਾਨਾਂ ਤੋਂ ਬਦਲਾ ਲੈਣ ਲਈ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।
ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ
ਦੇਵੀਗੜ੍ਹ (ਪੱਤਰ ਪ੍ਰੇਰਕ): ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ 11 ਅਕਤੂਬਰ ਤੱਕ ਟਾਲਣ ਦਾ ਫੈਸਲਾ ਬਹੁਤ ਮੰਦਭਾਗਾ ਹੈ, ਇਸ ਤਰ੍ਹਾਂ ਕਰਕੇ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ, ਕੇਂਦਰ ਸਰਕਾਰ ਇਸ ਫੈਸਲੇ ਨੂੰ ਜਲਦ ਵਾਪਸ ਲਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਅਨਾਜ ਮੰਡੀ ਦੇਵੀਗੜ੍ਹ ਵਿੱਚ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤਾ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕਾਕੜਾ ਨੇ ਕਿਹਾ ਕਿ ਸਰਕਾਰ ਮੌਸਮ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਖੱਜਲ ਖੁਆਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨਾਂ ਕਿਸੇ ਤਰ੍ਹਾਂ ਕੇਂਦਰ ਸਰਕਾਰ ਪੰਜਾਬ ਦੀ ਕਿਸਾਨੀ ਨੂੰ ਦਬਾਉਣਾ ਚਾਹੁੰਦੀ ਹੈ। ਕਾਕੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਬਾਅ ਪਾ ਕੇ ਕੇਂਦਰ ਸਰਕਾਰ ਤੋਂ ਜਲਦੀ ਖਰੀਦ ਸ਼ੁਰੂ ਕਰਵਾਏ ਤਾਂ ਜੋ ਦੇਸ਼ ਦੇ ਅੰਨਦਾਤੇ ਦੀ ਮੰਡੀਆਂ ਵਿੱਚ ਖੱਜਲ-ਖੁਆਰੀ ਨਾ ਹੋਵੇ। ਇਸ ਮੌਕੇ ਰਵਿੰਦਰ ਸਿੰਘ ਠੇਕੇਦਾਰ, ਬਲਕਾਰ ਸਿੰਘ ਭਵਾਨੀਗੜ੍ਹ, ਭਰਪੂਰ ਸਿੰਘ ਫੱਗੂਵਾਲਾ ਅਤੇ ਰੰਗੀ ਖਾਨ ਸਾਬਕਾ ਸਰਪੰਚ ਹਾਜ਼ਰ ਸਨ।