ਸਰਬਜੀਤ ਸਿੰਘ ਭੰਗੂ
ਪਟਿਆਲਾ, 7 ਅਕਤੂਬਰ
ਕੇਂਦਰ ਸਰਕਾਰ ਵੱਲੋਂ ਜਬਰੀ ਥੋਪੇ ਗਏ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱੱਲੇ ਲੰਬੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਬਣਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਸਮੇਤ ਹੋਰ ਐਲਾਨੀਆਂ ਅਤੇ ਬਣਦੀਆਂ ਸੁਵਿਧਾਵਾਂ ਯਕੀਨੀ ਬਣਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਅੱਜ ਇਥੇ ਡੀਸੀ ਦਫ਼ਤਰ ਦੇ ਸਾਹਮਣੇ ਧਰਨਾ ਲਾਇਆ। ਇਸ ਦੌਰਾਨ ਉਨ੍ਹਾਂ ਜੇਲ੍ਹ ਵੱਲ ਨੂੰ ਜਾਂਦੀ ਸੜਕ ਦੇ ਇੱਕ ਪਾਸੇ ਦੀ ਆਵਾਜਾਈ ਰੋਕ ਲਈ। ਇਸ ਮਗਰੋਂ ਏਡੀਸੀ ਗੁਰਪ੍ਰੀਤ ਥਿੰਦ ਨੂੰ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ।
ਕੁਝ ਮਹੀਨੇ ਪਹਿਲਾਂ ਹੀ ਨਵੀਂ ਬਣੀ ‘ਭਾਰਤੀ ਕਿਸਾਨ ਯੂਨੀਅਨ ਭਟੇੜੀ’ ਨਾਮ ਦੀ ਜਥੇਬੰਦੀ ਵੱਲੋਂ ਸੂਬਾਈ ਪ੍ਰਧਾਨ ਜੰਗ ਸਿੰਘ ਭਟੇੜੀ ਦੀ ਅਗਵਾਈ ਹੇਠਾਂ ਦਿੱਤੇ ਗਏ ਇਸ ਧਰਨੇ ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ਼ ਲਈ ਸਰਕਾਰ ਵੱਲੋਂ ਢੁਕਵੇਂ ਪ੍ਰਬੰਧ ਨਾ ਕਰਨ ਦੀ ਵੀ ਆਲੋਚਨਾ ਕੀਤੀ ਗਈ। ਇਸ ਦੇ ਨਾਲ ਹੀ ਇਹ ਐਲਾਨ ਵੀ ਕੀਤਾ ਗਿਆ ਕਿ ਸਰਕਾਰ ਵੱਲੋਂ ਪ੍ਰਬੰਧ ਨਾ ਕੀਤੇ ਜਾਣ ਕਰਕੇ ਕਿਸਾਨਾਂ ਕੋਲ਼ ਪਰਾਲੀ ਨੂੰ ਸਾੜੇ ਜਾਣ ਤੋਂ ਬਿਨਾ ਹੋਰ ਕੋਈ ਵੀ ਚਾਰਾ ਨਹੀਂ ਰਹਿ ਜਾਂਦਾ। ਇਸ ਕਰਕੇ ਜੇ ਪਰਾਲੀ ਸਾੜਨ ’ਤੇ ਕਿਸਾਨਾਂ ਦੇ ਖ਼ਿਲਾਫ਼ ਕੇਸ ਦਰਜ ਕੀਤੇ ਗਏ ਜਾਂ ਉਨ੍ਹਾਂ ਦੇ ਜ਼ਮੀਨੀ ਰਿਕਾਰਡ ’ਚ ਰੈਡ ਐਂਟਰੀ ਪਾਉਣ ਵਰਗੀ ਕੋਈ ਕਾਰਵਾਈ ਕੀਤੀ ਗਈ, ਤਾਂ ਕਿਸਾਨ ਜਥੇਬੰਦੀਆਂ ਰਲ ਕੇ ਇਸ ਦਾ ਵਿਰੋਧ ਕਰਨਗੀਆਂ। ਇਸ ਤੋਂ ਇਲਾਵਾ ਕਿਸਾਨ ਬੁਲਾਰਿਆਂ ਨੇ ਇਹ ਪਰਾਲੀ ਸਾੜਦੇ ਕਿਸਾਨਾਂ ਨੂੰ ਰੋਕਣ ਲਈ ਆਉਣ ਵਾਲ਼ੇ ਸਰਕਾਰੀ ਮੁਲਾਜ਼ਮਾਂ ਦੇ ਘਿਰਾਓ ਕਰਨ ਦਾ ਐਲਾਨ ਵੀ ਕੀਤਾ।
ਅੱਜ ਦੇ ਇਸ ਧਰਨੇ ’ਚ ਯੂਨੀਅਨ ਦੇ ਸੂਬਾਈ ਪ੍ਰਧਾਨ ਜੰਗ ਸਿੰਘ ਭਟੇੜੀ, ਸੂਬਾਈ ਮੀਤ ਪ੍ਰਧਾਨ ਗੁਰਧਿਆਨ ਸਿੰਘ ਸਿਓਣਾ, ਹਰਨੇਕ ਸਿੱਧੂਵਾਲ, ਪ੍ਰੀਤਮ ਆਸੇਮਾਜਰਾ, ਬਲਕਾਰ ਜੱਸੋਵਾਲ, ਬਹਾਦਰ ਦਦਹੇੜਾ, ਹੀਰਾ ਸਿੰਘ ਅਲੀਪੁਰਅਰਾਈਆ, ਸੁਖਵਿੰਦਰ ਸਪੇੜਾ, ਦਵਿੰਦਰ ਸਿੰਘ, ਕੇਸਰ ਸਿੰਘ ਉਚਾਗਾਉਂ, ਜਸਵਿੰਦਰ ਕੌਰ ਦੋਣਕਲਾ ਅਤੇ ਰਾਜਿੰਦਰ ਕੌਰ ਦੌਣਕਲਾਂ ਨੇ ਵੀ ਸ਼ਿਰਕਤ ਕੀਤੀ। ਬੁਲਾਰਿਆਂ ਨੇ ਜਿਥੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾ ਦੇ ਵਾਰਸਾਂ ਨੂੰ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਅਮਲ ਮੁਕੰਮਲ ਕਰਨ ’ਤੇ ਜ਼ੋਰ ਦਿੱਤਾ, ਉਥੇ ਹੀ ਪਰਾਲ਼ੀ ਦੀ ਸਾਂਭ ਸੰਭਾਲ ਯਕੀਨੀ ਬਣਾਉਣ ਤੱਕ ਪਰਾਲ਼ੀ ਸਾੜਨ ਵਾਲੇ ਕਿਸਾਨਾਂ ਦੇ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਾ ਕਰਨ ਦੀ ਗੱਲ ਵੀ ਜ਼ੋਰ ਦੇ ਕੇ ਆਖੀ।
ਇਸ ਦੇ ਨਾਲ਼ ਨਸ਼ਿਆਂ ਨੂੰ ਨੱਥ ਪਾਉਣ ਦੀ ਵੀ ਮੰਗ ਕੀਤੀ ਗਈ। ਗੁਰਧਿਆਨ ਸਿੰਘ ਸਿਓਣਾ ਦਾ ਕਹਿਣਾ ਸੀ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਸੰਜੀਦਾ ਮਸਲੇ ’ਤੇ ਕੇਵਲ ਬਿਆਨਬਾਜ਼ੀ ਕਰਨ ਦੀ ਵਜਾਏ ਅਮਲੀ ਕਾਰਵਾਈ ’ਤੇ ਜ਼ੋਰ ਦੇਣਾ ਚਾਹੀਦਾ ਹੈ। ਇਸ ਲਈ ਉਨ੍ਹਾਂ ਦੀ ਜਥੇਬੰਦੀ ਸਰਕਾਰ ਅਤੇ ਪੁਲੀਸ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹੈ। ਉਧਰ, ਸੂਬਾਈ ਪ੍ਰਧਾਨ ਜੰਗ ਸਿੰਘ ਭਟੇੜੀ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਰ ਤਰ੍ਹਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਮਾਰਨ ਦੀ ਮੰਗ ਵੀ ਕੀਤੀ। ਪਿਛਲੇ ਸਮੇਂ ਦੌਰਾਨ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ’ਤੇ ਵੀ ਜ਼ੋਰ ਦਿੱਤਾ। ਕਿਸਾਨ ਜਥੇਬੰਦੀ ਨੇ ਕਣਕ ਦੀ ਬਿਜਾਈ ਤੋਂ ਪਹਿਲਾਂ ਹੀ ਡੀਏਪੀ ਖਾਦ ਦੇ ਪ੍ਰ੍ਰਬੰਧ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।
ਧਰਨੇ ਕਾਰਨ ਲੋਕਾਂ ਨੂੰ ਦੁਕਾਨਾਂ ਤੱਕ ਪਹੁੰਚਣਾ ਹੋਇਆ ਮੁਸ਼ਕਲ
ਭਾਵੇਂ ਕਿ ਇਨ੍ਹਾਂ ਕਿਸਾਨਾਂ ਵੱਲੋਂ ਇਸ ਦੋਹਰੀ ਜੇਲ੍ਹ ਰੋਡ ਦਾ ਇੱਕ ਪਾਸਾ ਹੀ ਜਾਮ ਕੀਤਾ ਗਿਆ ਸੀ, ਪਰ ਫੇਰ ਵੀ ਇਸ ਧਰਨੇ ਕਾਰਨ ਲੋਕਾਂ ਨੂੰ ਡਾਢੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਧਰਨੇ ਕਾਰਨ ਮਿੰਨੀ ਸਕੱਤਰੇਤ ਸਮੇਤ ਇਸ ਦੇ ਸਾਹਮਣੇ ਸਥਿਤ ਵੱਖ ਵੱਖ ਤਰ੍ਹਾਂ ਦੇ ਦਸਤਾਵੇਜ਼ ਤਿਆਰ ਕਰਨ ਵਾਲ਼ੀਆਂ ਦੁਕਾਨਾਂ ਤੱਕ ਅੱਪੜਨ ਵਿੱਚ ਲੋਕਾਂ ਨੂੰ ਮੁਸ਼ਕਲਾਂ ਪੇਸ਼ ਆਈਆਂ।