ਬਹਾਦਰ ਸਿੰਘ
ਰਾਜਪੁਰਾ, 16 ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਰਾਜਪੁਰਾ ਵੱਲੋਂ ਆਗੂਆਂ ਸੂਬਾਈ ਸਕੱਤਰ ਮਾਨ ਸਿੰਘ ਰਾਜਪੁਰਾ, ਜਵਾਹਰ ਲਾਲ, ਗੁਰਦੇਵ ਸਿੰਘ ਜੰਦੋਲੀ, ਉਜਾਗਰ ਸਿੰਘ ਧਮੋਲੀ ਅਤੇ ਦਲਜੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਅੰਦੋਲਨ ਦੇ ਸ਼ਹੀਦ ਕਿਸਾਨਾਂ ਦੀ ਯਾਦ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਦੋਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਏ ਗਏ। ਸਮਾਗਮ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵੱਡੀ ਗਿਣਤੀ ਕਿਸਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਸ਼ੇਸ ਤੌਰ ’ਤੇ ਪੁੱਜੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾਈ ਪ੍ਰਧਾਨ ਜਗਜੀਤ ਸਿੱਘ ਡੱਲੇਵਾਲ ਨੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਅਤੇ ਲੰਗਰ ਦੀ ਸੇਵਾ ਕਰਨ ਵਾਲੇ ਸੰਤਾਂ ਦਾ ਸਨਮਾਨ ਕੀਤਾ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਰਹੀਆਂ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜੇ ਜਾਣ ਨਾਲ ਸੰਯੁਕਤ ਕਿਸਾਨ ਮੋਰਚੇ ਨੂੰ ਢਾਹ ਲੱਗੀ ਹੈ। ਉਨ੍ਹਾਂ ਦੀ ਜਥੇਬੰਦੀ ਦਾ ਕਿਸੇ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਕਿਸਾਨ ਜਥੇਬੰਦੀਆਂ ਦਾ ਕੰਮ ਸਿਰਫ਼ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਲੜਨਾ ਹੈ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਦਿੱਲੀ ਦੀਆਂ ਬਰੂਹਾਂ ’ਤੇ ਸਾਲ ਭਰ ਲੜੇ ਗਏ ਕਿਸਾਨ ਅੰਦੋਲਨ ਦੀ ਵੱਡੀ ਪ੍ਰਾਪਤੀ ਹੈ, ਜਿਸ ਵਿੱਚ ਕਿਸਾਨ ਬੀਬੀਆਂ ਅਤੇ ਨੌਜਵਾਨਾਂ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, ‘‘ਇਸ ਅੰਦੋਲਨ ਤੋਂ ਅਸੀਂ ਦੇਸ਼ ਦੀ ਏਕਤਾ ਦਾ ਸੁਨੇਹਾ ਲੈ ਕੇ ਪਰਤੇ ਹਾਂ। ਕਿਸਾਨਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਦਰਸਾ ਦਿੱਤਾ ਹੈ ਕਿ ਜਿਹੜਾ ਉਨ੍ਹਾਂ ਦੇ ਹਿੱਤਾਂ ਖ਼ਿਲਾਫ਼ ਚੱਲੇਗਾ ਉਸ ਦਾ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਵਾਲਾ ਹਾਲ ਹੋਵੇਗਾ।’’
ਸ੍ਰੀ ਡੱਲੇਵਾਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੰਯੁਕਤ ਕਿਸਾਨ ਮੋਰਚੇ ਨੂੰ ਐੱਮਐੱਸਪੀ ਦਾ ਕਾਨੂੰਨੀ ਹੱਕ ਪ੍ਰਾਪਤ ਕਰਨ, ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸ਼ਿਫਾਰਿਸ਼ਾਂ ਲਾਗੂ ਕਰਵਾਉਣ ਅਤੇ ਬੀਬੀਐੱਮਬੀ ਵਿੱਚ ਪੰਜਾਬ ਦੀ ਸਥਾਈ ਮੈਂਬਰੀ ਲਈ ਹੋਰ ਤਿੱਖਾ ਅੰਦੋਲਨ ਕਰਨਾ ਪਵੇਗਾ, ਜਿਸ ਲਈ ਕਿਸਾਨਾਂ ਨੂੰ ਤਿਆਰ ਰਹਿਣਾ ਚਾਹੀਦਾ ਹੈ। ਇਸ ਮੌਕੇ ਸੂਬਾਈ ਕਿਸਾਨ ਆਗੂ ਧਰਮਪਾਲ ਸਿੰਘ ਸੀਲ, ਗੁਰਦਰਸ਼ਨ ਸਿੰਘ ਖਾਸਪੁਰ, ਪ੍ਰੇਮ ਸਿੰਘ ਘੜਾਮਾਂ, ਮਜ਼ਦੂਰ ਆਗੂ ਸਤਪਾਲ ਰਾਜੋਮਾਜਰਾ, ਬੀਬੀ ਰਾਜਵੰਤ ਕੌਰ ਤੇ ਮੇਹਰ ਸਿੰਘ ਥੇੜੀ ਆਦਿ ਸਣੇ ਹੋਰ ਆਗੂ ਮੌਜੂਦ ਸਨ।