ਖੇਤਰੀ ਪ੍ਰਤੀਨਿਧ
ਪਟਿਆਲਾ, 1 ਮਈ
ਪਟਿਆਲਾ ’ਚ ਵਾਪਰੀ ਟਕਰਾਅ ਦੀ ਘਟਨਾ ਦੇ ਮੱਦੇਨਜ਼ਰ ਸ਼ਹਿਰ ’ਚ ਅੱਜ ਵੀ ਭਾਰੀ ਪੁਲੀਸ ਫੋਰਸ ਤਾਇਨਾਤ ਰਹੀ ਅਤੇ ਪੁਲੀਸ ਨੇ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਬਣਾਏ ਰੱਖਣ ਲਈ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਦੀ ਅਗਵਾਈ ਖੁਦ ਨਵੇਂ ਆਏ ਐੱਸਐੱਸਪੀ ਦੀਪਕ ਪਾਰਿਕ ਨੇ ਕੀਤੀ।
ਪਾਤੜਾਂ (ਪੱਤਰ ਪ੍ਰੇਰਕ): ਪਟਿਆਲਾ ਵਿੱਚ ਦੋ ਧਿਰਾਂ ਦਰਮਿਆਨ ਹੋਏ ਟਕਰਾਅ ਦੇ ਮੱਦੇਨਜ਼ਰ ਸ਼ਾਂਤੀ ਬਣਾਈ ਰੱਖਣ ਲਈ ਪੁਲੀਸ ਵੱਲੋਂ ਅੱਜ ਇੱਥੇ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਪੁਲੀਸ ਨੇ ਲੋਕਾਂ ਨੂੰ ਅਫ਼ਵਾਹਾਂ ਉੱਤੇ ਯਕੀਨ ਨਾ ਕਰਨ, ਅਫ਼ਵਾਹਾਂ ਨਾ ਫੈਲਾਉਣ, ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਸਿਟੀ ਪੁਲੀਸ ਦੇ ਇੰਚਾਰਜ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਕੱਢੇ ਗਏ ਫਲੈਗ ਮਾਰਚ ਵਿੱਚ ਥਾਣਾ ਸ਼ੁਤਰਾਣਾ, ਪੁਲੀਸ ਚੌਕੀ ਠਰੂਆ ਅਤੇ ਪੁਲੀਸ ਚੌਕੀ ਬਾਦਸ਼ਾਹਪੁਰ ਦੇ ਮੁਲਾਜ਼ਮਾਂ ਨੇ ਹਿੱਸਾ ਲਿਆ। ਇਸ ਦੌਰਾਨ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਪੁਲੀਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਹਰ ਵਖ਼ਤ ਤਿਆਰ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ਉੱਤੇ ਭੜਕਾਊ ਪੋਸਟਾਂ ਪਾਈਆਂ ਜਾ ਰਹੀਆਂ ਹਨ ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।
ਦੇਵੀਗੜ੍ਹ (ਪੱਤਰ ਪ੍ਰੇਰਕ): ਡੀ.ਐੱਸ.ਪੀ. ਦਿਹਾਤੀ ਪਟਿਆਲਾ ਸੁਖਮਿੰਦਰ ਸਿੰਘ ਚੌਹਾਨ ਦੀ ਅਗਵਾਈ ਵਿੱਚ ਕਸਬਾ ਦੇਵੀਗੜ੍ਹ ਅਤੇ ਭੁਨਰਹੇੜੀ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀ.ਐੱਸ.ਪੀ. ਦਿਹਾਤੀ ਸੁਖਮਿੰਦਰ ਸਿੰਘ ਚੌਹਾਨ ਨੇ ਦੱਸਿਆ ਕਿ ਅਜਿਹੇ ਫਲੈਗ ਮਾਰਚ ਪੁਲੀਸ ਸਮੇਂ ਸਮੇਂ ਕੱਢਦੀ ਰਹਿੰਦੀ ਹੈ ਤਾਂ ਕਿ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਅਤੇ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ।