ਪੱਤਰ ਪ੍ਰੇਰਕ
ਪਟਿਆਲਾ, 24 ਸਤੰਬਰ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਇੱਥੇ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬਰੇਰੀ ਤੇ ਭਾਸ਼ਾ ਵਿਭਾਗ ਵੱਲੋਂ ਭਾਸ਼ਾ ਭਵਨ ਵਿੱਚ ਪੁਸਤਕ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਜਿਨ੍ਹਾਂ ਦਾ ਵੱਡੀ ਗਿਣਤੀ ਪਟਿਆਲਾ ਵਾਸੀਆਂ ਨੇ ਲਾਭ ਉਠਾ ਰਹੇ ਹਨ। ਇਹ ਪ੍ਰਦਰਸ਼ਨੀਆਂ 28 ਸਤੰਬਰ ਤੱਕ ਚੱਲਣਗੀਆਂ।
ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਨੇ ਦੱਸਿਆ ਕਿ ਇਸ ਪੁਸਤਕ ਪ੍ਰਦਰਸ਼ਨ ਵਿੱਚ ਭਾਸ਼ਾ ਵਿਭਾਗ ਦੀਆਂ ਪੁਸਤਕਾਂ ਤੋਂ ਇਲਾਵਾ ਟੈਕਸਟ ਬੁੱਕ ਬੋਰਡ ਦੀਆਂ ਕਿਤਾਬਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜੁਆਇੰਟ ਡਾਇਰੈਕਟਰ ਵੀਰਪਾਲ ਕੌਰ ਤੇ ਅਸਿਸਟੈਂਟ ਡਾਇਰੈਕਟਰ ਸਤਨਾਮ ਸਿੰਘ ਦੇ ਸਹਿਯੋਗ ਨਾਲ ਲਗਾਈ ਪੁਸਤਕ ਪ੍ਰਦਰਸ਼ਨੀ ਵਿੱਚ ਰੋਜ਼ਾਨਾ ਸਕੂਲਾਂ ਦੇ ਵਿਦਿਆਰਥੀਆਂ ਤੋਂ ਲੋਕ ਸ਼ਿਰਕਤ ਕਰ ਰਹੇ ਹਨ। ਦੂਜੇ ਪਾਸੇ ਚੀਫ਼ ਲਾਇਬਰੇਰੀਅਨ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਸਟੇਟ ਲਾਇਬਰੇਰੀ ਵਿੱਚ ਲੱਗੀ ਪੁਸਤਕ ਪ੍ਰਦਰਸ਼ਨੀ ਵਿੱਚ ਪੁਸਤਕ ਪ੍ਰੇਮੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੁਸਤਕ ਪ੍ਰਦਰਸ਼ਨੀ ਅਤੇ ਲਾਇਬਰੇਰੀ ਦਾ ਦੌਰਾ ਵੀ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਵਾਸੀਆਂ ਨੂੰ 28 ਸਤੰਬਰ ਤੱਕ ਲੱਗਣ ਵਾਲੀਆਂ ਇਨ੍ਹਾਂ ਪੁਸਤਕ ਪ੍ਰਦਰਸ਼ਨੀ ਵਿੱਚ ਆਉਣ ਦਾ ਸੱਦਾ ਦਿੱਤਾ।