ਸਰਬਜੀਤ ਸਿੰਘ ਭੰਗੂ
ਪਟਿਆਲਾ, 24 ਅਕਤੂਬਰ
ਪੰਜਾਬ ਦੇ ਕਾਫ਼ੀ ਜ਼ਿਲ੍ਹਿਆਂ ’ਚ ਭਾਰੀ ਮੀਂਹ ਅਤੇ ਗੜੇ ਪੈਣ ਕਾਰਨ ਝੋਨਾ, ਨਰਮੇ ਦੀ ਫਸਲ ਅਤੇ ਸਬਜ਼ੀਆਂ ਦਾ ਬਹੁਤ ਨੁਕਸਾਨ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ਈ ਹੋਏ ਪਏ ਹਨ। ਉੱਤੋਂ ਬੇਮੌਸਮੀ ਬਾਰਸ਼ ਅਤੇ ਗੜਿਆਂ ਨੇ ਫ਼ਸਲਾਂ ਦਾ ਕਾਫੀ ਨੁਕਸਾਨ ਕਰ ਦਿੱਤਾ ਹੈ। ਮੰਡੀਆਂ ’ਚ ਵੀ ਪਾਣੀ ਭਰਨ ਕਾਰਨ ਝੋਨੇ ਦੀ ਫਸਲ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਕਿਸਾਨਾਂ ਨੂੰ ਨੁਕਸਾਨੀਆਂ ਫਸਲਾਂ ਦਾ 100 ਫੀਸਦੀ ਮੁਆਵਜ਼ ਦਿੱਤਾ ਜਾਵੇ।
ਇਸੇ ਦੌਰਾਨ ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ, ਕਿਸਾਨ ਮੰਚ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ, ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ, ਰਘਵੀਰ ਸਿੰਘ ਨਿਆਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਤੇ ਇਸੇ ਯੂਨੀਅਨ ਦੇ ਯੂਥ ਵਿੰਗ ਦੇ ਜ਼ਿਲ੍ਹਾ ਕਨਵੀਨਰ ਹਰਜਿੰਦਰ ਸਿੰਘ ਚੀਮਾ ਸਮੇਤ ਕਈ ਹੋਰ ਕਿਸਾਨ ਨੇਤਾਵਾਂ ਨੇ ਵੀ ਤਾਜ਼ਾ ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀ ਗਈ ਫਸਲ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ