ਸੜਕਾਂ ਦੀ ਮੁਰੰਮਤ ਦੇ ਸਰਕਾਰੀ ਦਾਅਵੇ ਖੋਖਲੇ: ਚੰਦੂਮਾਜਰਾ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 13 ਜੁਲਾਈ
ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀਆਂ ਸੜਕਾਂ ਦੀ ਮੁਰੰਮਤ ਕਰਨ ਦੇ ਦਾਅਵੇ ਕਰਕੇ ਲੋਕਾਂ ਨੂੰ ਭਰਮਾ ਰਹੀ ਹੈ ਜਦ ਕਿ ਪੰਜਾਬ ਦੀਆਂ ਸੜਕਾਂ ਦਾ ਬੁਰਾ ਹਾਲ ਹੈ। ਇਸ ਬਾਰੇ ਗੰਭੀਰ ਨੋਟਿਸ ਲੈਣਾ ਪਵੇਗਾ। ਪ੍ਰੋ. ਚੰਦੂਮਾਜਰਾ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਮੀਟਿੰਗ ਤੋਂ ਬਾਅਦ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਪਿਛਲੇ ਲਗਭਗ ਡੇਢ ਸਾਲ ਤੋਂ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੀਆਂ ਇਹ ਖ਼ਬਰਾਂ ਪੜ੍ਹਨ ਨੂੰ ਮਿਲ ਰਹੀਆਂ ਹਨ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਕੁਝ ਦਿਨਾਂ ਵਿੱਚ ਹੀ ਸ਼ੁਰੂ ਹੋ ਜਾਵੇਗਾ ਅਤੇ ਇਸ ਸਬੰਧੀ ਫੰਡਸ ਆ ਗਏ ਹਨ ਪਰੰਤੂ ਡੇਢ ਸਾਲ ਦਾ ਇੰਤਜ਼ਾਰ ਕਰਦੇ ਰਹੇ। ਚੰਦੂਮਾਜਰਾ ਨੇ ਕਿਹਾ ਕਿ ਜੇਕਰ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਨਾ ਕੀਤਾ ਗਿਆ ਤਾਂ 30 ਜੁਲਾਈ ਨੂੰ ਹਲਕੇ ਦੇ ਲੋਕਾਂ ਨੂੰ ਨਾਲ ਲੈ ਕੇ ਸੜਕਾਂ ਜਾਮ ਕਰਨਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਤਰਸੇਮ ਸਿੰਘ ਕੋਟਲਾ ਤੇ ਕੁਲਦੀਪ ਸਿੰਘ ਹਰਪਾਲਪੁਰ ਆਦਿ ਹਾਜ਼ਰ ਸਨ।