ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 8 ਸਤੰਬਰ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਵਿੱਚ ਸਰਹਿੰਦ ਚੋਅ ਦੇ ਨਾਲ ਬਣਾਏ ਜਾਣ ਵਾਲੇ ਆਧੁਨਿਕ ਵਾਕਿੰਗ ਟਰੈਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਰ ਸ਼ਹਿਰ ਅਤੇ ਹਰ ਪਿੰਡ ਦਾ ਬਹੁ-ਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਸ਼ਹਿਰ ਵਿੱਚ ਸੈਰ ਕਰਨ ਲਈ ਢੁੱਕਵੀਂ ਥਾਂ ਦੀ ਲੋਕਾਂ ਵੱਲੋਂ ਚਿਰਾਂ ਤੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਨ ਲਈ ਅੱਜ ਇਸ ਟਰੈਕ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਸਵੇਰੇ ਸ਼ਾਮ ਸੜਕਾਂ ਦੁਆਲੇ ਸੈਰ ਕਰਦੇ ਹਨ ਜਿਸ ਨਾਲ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਲਗਭਗ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਵਾਕਿੰਗ ਟਰੈਕ ਦੀ ਲੰਬਾਈ ਕਰੀਬ ਡੇਢ ਕਿਲੋਮੀਟਰ ਹੋਵੇਗੀ। ਉਨ੍ਹਾਂ ਕਿਹਾ ਕਿ ਟਰੈਕ ਦੇ ਦੋਵੇਂ ਪਾਸੇ ਛਾਂਦਾਰ ਰੁੱਖ ਲਗਾਏ ਜਾਣਗੇ ਅਤੇ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਟਰੈਕ ਦੀ ਉਸਾਰੀ ਮੁਕੰਮਲ ਹੋ ਜਾਵੇਗੀ। ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਆਈਟੀਆਈ ਸੁਨਾਮ ਵਿੱਚ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਹੁਣ ਸੂਬੇ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈ ਜਾ ਰਹੀਆਂ ਹਨ ਜਿਸ ਤਹਿਤ ਖੇਡ ਸਭਿਆਚਾਰ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਹੈ ਅਤੇ ਸੁਨਾਮ ਦੀ ਦਿੱਖ ਸੰਵਾਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਐੱਸਡੀਐਮ ਜਸਪ੍ਰੀਤ ਸਿੰਘ, ਈਓ ਅੰਮ੍ਰਿਤਪਾਲ, ਆਸ਼ਾ ਬਜਾਜ, ਸੁਨੀਲ ਕੁਮਾਰ ਹਾਜ਼ਰ ਸਨ।