ਪੱਤਰ ਪ੍ਰੇਰਕ
ਪਟਿਆਲਾ, 25 ਅਗਸਤ
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿੱਚ ਜ਼ਿਲ੍ਹਾ ਪਟਿਆਲਾ ਦੇ ਘੱਟ ਗਿਣਤੀ ਵਿੰਗ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਮਾਲੇਰਕੋਟਲਾ ਤੋਂ ਵਿਧਾਇਕ ਡਾ. ਜ਼ਮੀਲ-ਉੱਲ ਰਹਿਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਮੀਟਿੰਗ ਦੌਰਾਨ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਹੱਜ ਕਮੇਟੀ ਦੇ ਮੈਂਬਰ ਕਾਰੀ ਮੁਹੰਮਦ ਰਾਫੇ ਨੂੰ ਸਨਮਾਨਿਤ ਕੀਤਾ ਗਿਆ। ਵਿਧਾਇਕ ਡਾ. ਜ਼ਮੀਲ ਉੱਲ ਰਹਿਮਾਨ ਨੇ ਕਿਹਾ ਕਿ ਲੰਘੇ ਦਿਨੀਂ ਪੰਜਾਬ ਸਰਕਾਰ ਵੱਲੋਂ ਮੁਸਲਿਮ ਭਾਈਚਾਰੇ ਵਿਚੋਂ 15 ਮੈਂਬਰੀ ਸੂਬਾ ਪੱਧਰੀ ਹੱਜ ਕਮੇਟੀ ਕਾਇਮ ਕੀਤੀ ਗਈ ਹੈ। ਜ਼ਿਲ੍ਹਾ ਪਟਿਆਲਾ ਤੋਂ ਇਸ ਕਮੇਟੀ ਦਾ ਕਾਰੀ ਮੁਹੰਮਦ ਰਾਫੇ ਨੂੰ ਮੈਂਬਰ ਚੁਣਿਆ ਗਿਆ ਹੈ, ਜਿਨ੍ਹਾਂ ਨੂੰ ਸਨਮਾਨਿਤ ਕਰਨ ਲਈ ਉਹ ਵਿਸ਼ੇਸ਼ ਤੌਰ ’ਤੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਘੱਟ ਗਿਣਤੀਆਂ ਲਈ ਵਿਸ਼ੇਸ਼ ਕੰਮ ਕਰ ਰਹੀ ਹੈ, ਜਿਸ ਲਈ ਮੁਸਲਮਾਨਾਂ ਦੀਆਂ ਵਿਰਾਸਤੀ ਜਾਇਦਾਦਾਂ ਨੂੰ ਸੰਭਾਲਣ ਲਈ ਬਣਿਆ ਵਕਫ਼ ਬੋਰਡ ਵੀ ਸਹੀ ਰਸਤੇ ਤੋਰਿਆ ਹੈ।