
ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ।
ਸਰਬਜੀਤ ਸਿੰਘ ਭੰਗੂ
ਪਟਿਆਲਾ, 25 ਮਾਰਚ
ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਹੈ ਕਿ ਪਟਿਆਲਾ ਦਾ ਸਰਕਾਰੀ ਮੈਡੀਕਲ ਕਾਲਜ ਦੇਸ਼ ਦੇ ਮੋਹਰੀ ਕਾਲਜਾਂ ਦੀ ਸੂਚੀ ’ਚ ਸ਼ੁਮਾਰ ਹੋਵੇਗਾ, ਜਿਸ ਲਈ ਉਲੀਕੀ ਯੋਜਨਾ ’ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਦੇ ਸ਼ਿਕਾਰ ਲੋਕਾਂ ਦੇ ਮੁੜ ਵਸੇਬੇ ਲਈ ਵੀ ਵਿਸ਼ੇਸ਼ ਯੋਜਨਾ ਉਲੀਕੀ ਜਾ ਰਹੀ ਹੈ। ਉਹ ਅੱਜ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ’ਚ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਪੁੱਜੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਉੱਚ ਪੱਧਰੀ ਮੀਟਿੰਗ ਵੀ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਤੇ ਸਾਰੇ ਸਰਕਾਰੀ ਹਸਪਤਾਲਾਂ ’ਚ ਬਿਹਤਰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਮਾਡਲ ਮੈਡੀਕਲ ਕਾਲਜ ਤੇ ਹਸਪਤਾਲ ਬਣਾਏ ਜਾ ਰਹੇ ਹਨ। ਇਹ ਮਾਡਲ ਸਾਰੇ ਪੰਜਾਬ ’ਚ ਲਾਗੂ ਹੋਣਗੇ। ਰਾਜਿੰਦਰਾ ਹਸਪਤਾਲ ਦੇ ਸਾਰੇ ਓਪਰੇਸ਼ਨ ਥੀਏਟਰ, ਨਵਜੰਮੇ ਬੱਚਿਆਂ ਲਈ ਹਸਪਤਾਲ ਤੇ ਲੇਬਰ ਰੂਮ ਸਮੇਤ ਓਪੀਡੀ ਸੇਵਾਵਾਂ ਨੂੰ ਕੰਪਿਊਟਰ ਨਾਲ ਜੋੜ ਕੇ ਈ-ਹਸਪਤਾਲ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਛੇਤੀ ਹੀ ਮੁੱਖ ਮੰਤਰੀ ਭਗਵੰਤ ਮਾਨ ਇਸ ਦਾ ਉਦਘਾਟਨ ਕਰਨਗੇ। ਉਨ੍ਹਾਂ ਦੱਸਿਆ ਕਿ ਆਈਸੀਯੂ ਬੈੱਡ 14 ਤੋਂ 17 ਕੀਤੇ ਗਏ ਹਨ। ਇਸੇ ਤਰ੍ਹਾਂ 100 ਬਿਸਤਰਿਆਂ ਵਾਲੀ ਨਵੀਂ ਐਮਰਜੈਂਸੀ ਬਣ ਗਈ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ