ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 1 ਅਕਤੂਬਰ
‘ਪੰਜਾਬ ਸਰਕਾਰ ਵੱਲੋਂ ਅੱਜ ਪਹਿਲੀ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਸਰਕਾਰ ਵੱਲੋਂ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅਨਾਜ ਮੰਡੀ ਦੇਵੀਗੜ੍ਹ ਵਿੱਚ ਪ੍ਰਧਾਨ ਰਾਜਵਿੰਦਰ ਸਿੰਘ ਹੜਾਣਾ ਦੀ ਅਗਵਾਈ ਹੇਠ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਸਮੇਂ ਕੀਤਾ। ਵਿਧਾਇਕ ਸ੍ਰੀ ਪਠਾਣਮਾਜਰਾ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਲਈ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਮੰਡੀਆਂ ਵਿੱਚ ਮੌਜੂਦ ਹਨ ਜੋ ਸਰਕਾਰੀ ਹਦਾਇਤਾਂ ਅਨੁਸਾਰ ਝੋਨੇ ਦੀ ਖ਼ਰੀਦ ਕਰਨਗੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਸਟਾਕ ਮੁਕੰਮਲ ਹੈ। ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਵੀ ਨਾਲੋ-ਨਾਲ ਮਿਲੇਗੀ। ਇਸ ਮੌਕੇ ਵਿਧਾਇਕ ਨੇ ਪਰਾਲੀ ਦੀ ਗੱਲ ਕਰਦਿਆਂ ਕਿਹਾ ਕਿ ਬੇਸ਼ੱਕ ਪੰਜਾਬ ਵਿੱਚ ਪ੍ਰਦੂਸ਼ਣ ਬਹੁਤ ਹੈ ਪਰ ਫਿਰ ਵੀ ਕਿਸਾਨਾਂ ਨੂੰ ਪਿਆਰ ਨਾਲ ਸਮਝਾ ਕੇ ਇਸ ਦਾ ਹੱਲ ਕੱਢਣਗੇ। ਇਸ ਉਪਰੰਤ ਅਨਾਜ ਮੰਡੀ ਦੁਧਨਸਾਧਾਂ ਵਿੱਚ ਵੀ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਪ੍ਰਧਾਨ ਸਿਮਰਜੀਤ ਸਿੰਘ ਸੋਹਲ, ਗੁਰਮੇਲ ਸਿੰਘ ਫਰੀਦਪੁਰ, ਅਕਾਊਂਟੈਂਟ ਜੰਗ ਸਿੰਘ, ਮੰਡੀ ਸੁਪਰਵਾਈਜ਼ਰ ਸਾਹਿਲ ਜਿੰਦਲ, ਕਲਰਕ ਮਿਲਨਦੀਪ ਸਿੰਘ ਤੇ ਹਰਜਿੰਦਰ ਸਿੰਘ ਤੇ ਹੋਰ ਪਤਵੰਤੇ ਮੌਜੂਦ ਸਨ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਅਨਾਜ ਮੰਡੀ ਪਾਤੜਾਂ ਵਿੱਚ ਢੇਰੀ ਦੀ ਬੋਲੀ ਲਾ ਕੇ ਕੀਤੀ। ਉਨ੍ਹਾਂ ਮੰਡੀਆਂ ਵਿੱਚ ਕਿਸਾਨਾਂ ਨੂੰ ਦਿੱਕਤ ਪੇਸ਼ ਨਾ ਆਉਣ ਦਾ ਦਾਅਵਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਲੈ ਕੇ ਫ਼ਿਕਰਮੰਦ ਹੈ। ਇਸ ਮੌਕੇ ਮਾਰਕੀਟ ਕਮੇਟੀ ਪਾਤੜਾਂ ਦੇ ਸੈਕਟਰੀ ਅਮਨਦੀਪ ਸਿੰਘ, ਆੜ੍ਹਤੀ ਐਸੋਸੀਏਸ਼ਨ ਪਾਤੜਾਂ ਦੇ ਪ੍ਰਧਾਨ ਸੁਖਬੀਰ ਸਿੰਘ ਮੌਲਵੀਵਾਲਾ ਤੇ ਹੋਰ ਪਤਵੰਤੇ ਹਾਜ਼ਰ ਸਨ।
ਅਮਰਗੜ੍ਹ (ਰਾਜਿੰਦਰ ਜੈਦਕਾ): ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਦਾਣਾ ਮੰਡੀ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮਾਰਕੀਟ ਕਮੇਟੀ ਵਿੱਚ ਆੜ੍ਹਤੀਆਂ ਤੇ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਪ੍ਰਕਾਰ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਬਾਰਦਾਨੇ ਤੇ ਪੈਮੈਂਟ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਸੁੱਕੀ ਜ਼ੀਰੀ ਲਿਆਉਣ ਲਈ ਵੀ ਅਪੀਲ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਗੁਰਦੀਪ ਸਿੰਘ ਤੇ ਲੇਖਾਕਾਰ ਹਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਮਾਰਕੀਟ ਕਮੇਟੀ ਅਧੀਨ ਆਉਂਦੀਆਂ 10 ਮੰਡੀਆਂ ਵਿੱਚ ਸਫ਼ਾਈ, ਪਾਣੀ ਤੇ ਬਿਜਲੀ ਦੇ ਪ੍ਰਬੰਧ ਮੁਕੰਮਲ ਹਨ।
ਘਨੌਰ (ਬਹਾਦਰ ਸਿੰਘ ਮਰਦਾਂਪੁਰ): ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਅਨਾਜ ਮੰਡੀ ਘਨੌਰ ਵਿੱਚ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਵਿਧਾਇਕ ਸ੍ਰੀ ਘਨੌਰ ਨੇ ਹਲਕਾ ਘਨੌਰ ਦੀਆਂ ਮੰਡੀਆਂ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਜਿਣਸ ਵੇਚਣ ਮੌਕੇ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਮਾਰਕੀਟ ਕਮੇਟੀ ਦੇ ਸਕੱਤਰ ਅਸ਼ਵਨੀ ਕੁਮਾਰ ਮਹਿਤਾ ਨੇ ਦੱਸਿਆ ਕਿ ਘਨੌਰ ਦੀ ਮੰਡੀ ਵਿੱਚ ਅੱਜ ਪਹਿਲੇ ਦਿਨ ਖਰੀਦ ਏਜੰਸੀ ਪਨਗਰੇਨ ਵੱਲੋਂ 2040 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਰੀਬ 500 ਕੁਇੰਟਲ ਝੋਨੇ ਦੀ ਖਰੀਦ ਕੀਤੀ ਗਈ।